ਮੁਹਾਲੀ : ਚੰਡੀਗੜ੍ਹ ਪੁਲਿਸ ਨੇ ਕੌਮੀ ਇਨਸਾਫ ਮੋਰਚੇ ਦੇ ਮੈਂਬਰਾਂ ਨਾਲ 8 ਫਰਵਰੀ ਨੂੰ ਹੋਈ ਝੜਪ ਦੇ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਦੇ ਮੂੰਹ ਬੋਲੇ ਪਿਤਾ ਗੁਰਚਰਨ ਸਿੰਘ, ਬਲਵਿੰਦਰ ਸਿੰਘ ਤੇ ਅਮਰ ਸਿੰਘ ਚਹਿਲ ਸਮੇਤ 7 ਪ੍ਰਬੰਧਕਾਂ ਖਿਲਾਫ ਕੇਸ ਦਰਜ ਕੀਤਾ ਹੈ।
ਸੈਕਟਰ 36 ਦੇ ਪੁਲਿਸ ਥਾਣੇ ਵਿਚ ਇਹ ਕੇਸ ਥਾਣਾ 34 ਦੇ ਐਸ ਐਚ ਓ ਦਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਇਸ ਐਫ ਆਈ ਆਰ ਵਿਚ ਇਰਾਦਾ ਕਤਲ ਦੀ ਧਾਰਾ 307 ਆਈ ਪੀ ਸੀ ਸਮੇਤ 17 ਧਾਰਾਵਾਂ ਜੋੜੀਆਂ ਗਈਆਂ ਹਨ। ਇਹ 15 ਪੇਜਾਂ ਦੀ ਐਫ ਆਈ ਆਰ ਦਰਜ ਕੀਤੀ ਗਈ ਹੈ ਜਿਸ ਵਿਚ ਪੁਲਿਸ ਨੇ ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਖਾਲਿਸਤਾਨੀ ਪੱਖੀ ਕਰਾਰ ਦਿੱਤਾ ਹੈ।
ਦੱਸ ਦਈਏ ਕਿ ਲੰਘੇ ਕੱਲ੍ਹ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਣੇ ਹੋਰ ਸਿੱਖ ਮਸਲਿਆਂ ਸਬੰਧੀ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਪੱਕੇ ਮੋਰਚੇ ਤਹਿਤ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਵੱਧਣਾ ਸ਼ੁਰੂ ਕੀਤਾ । ਪੁਲਿਸ ਨੇ ਜਥੇ ਨੂੰ ਅੱਗੇ ਨਹੀਂ ਵਧਣ ਦਿੱਤਾ ਜਿਸ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ।
ਜਦੋਂ ਪ੍ਰਕਰਸ਼ਨਕਾਰੀਆਂ ਨੇ ਮੁਹਾਲੀ-ਚੰਡੀਗੜ੍ਹ ਦੀ ਸਰਹੱਦ ’ਤੇ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਤੋੜਨ ਦਾ ਯਤਨ ਕੀਤਾ ਤਾਂ ਯੂਟੀ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਜ਼ੋਰਦਾਰ ਟਕਰਾਅ ਹੋਇਆ। ਇਸ ਮੌਕੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਵੀ ਕੀਤੀ।
ਜਿਸ ਤੋਂ ਬਾਅਦ ਪੁਲਿਸ ਦੀ ਵਾਟਰ ਕੈਨਨ ਨੂੰ ਕਾਬੂ ਕਰ ਲਿਆ ਗਿਆ।
- ਪੁਲਿਸ ਦੀਆਂ ਢਾਲਾਂ
- ਹੈਲਮੇਟ
- ਹਥਿਆਰ
ਅੱਥਰੂ ਗੈਸ ਦੇ ਗੋਲੇ ਵੀ ਲੁੱਟੇ ਗਏ। ਪੁਲੀਸ ਨੇ ਇਨ੍ਹਾਂ ਖ਼ਿਲਾਫ਼ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਹ ਲੋਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ।
ਹਿੰਸਾ ਵਿੱਚ ਚੰਡੀਗੜ੍ਹ ਪੁਲੀਸ ਦੇ 13 ਮੁਲਾਜ਼ਮ ਜ਼ਖ਼ਮੀ ਹੋਏ ਸਨ। ਜਿਸ ਤੋਂ ਬਾਅਦ ਪੁਲਿਸ ਨੇ ਸੈਕਟਰ 36 ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਸਿੰਘੂ ਸਰਹੱਦ ਦੀ ਤਰਜ਼ ‘ਤੇ ਬੀਤੀ 7 ਜਨਵਰੀ ਤੋਂ ਗੁਰਦੁਆਰਾ ਅੰਬ ਸਾਹਿਬ ਨੇੜੇ ਕੌਮੀ ਇਨਸਾਫ਼ ਮੋਰਚਾ ਦਾ ‘ਪੱਕਾ ਮੋਰਚਾ’ ਲਾਇਆ ਹੋਇਆ ਹੈ।
ਦੂਜੇ ਪਾਸੇ ਕੌਮੀ ਇਨਸਾਫ਼ ਮੋਰਚਾ ਨੇ ਐਲਾਨ ਕੀਤਾ ਹੈ ਕਿ ਉਹ ਅੱਜ ਫਿਰ ਚੰਡੀਗੜ੍ਹ ਸਥਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰੇਗਾ।
ਪ੍ਰਦਰਸ਼ਨਕਾਰੀਆਂ ਨੇ ਮੁਹਾਲੀ ਦੇ ਕਈ ਚੌਕਾਂ ’ਤੇ ਧਰਨਾ ਲਾ ਕੇ ਆਵਾਜਾਈ ਰੋਕ ਦਿੱਤੀ। ਇਸ ਟਕਰਾਅ ਦੌਰਾਨ ਇੱਕ ਬੱਸ, ਪੁਲਿਸ ਦੀ ਜਿਪਸੀ, ਇੱਕ ਮੋਟਰਸਾਈਕਲ ਤੇ ਜਲ ਤੋਪ ਸਣੇ ਕਈ ਵਾਹਨਾਂ ਦੀ ਭਨੰਤੋੜ ਕੀਤੀ ਗਈ ਹੈ। ਧਰਨੇ ਵਾਲੀ ਥਾਂ ’ਤੇ ਮੋਰਚੇ ਵਿੱਚ ਸ਼ਾਮਲ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਭਾਸ਼ਣ ਦਿੱਤੇ ਅਤੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ’ਤੇ ਧਰਨੇ ਵਿੱਚ ਸ਼ਾਮਲ ਨੌਜਵਾਨਾਂ ਵੱਲੋਂ ਪੱਥਰਬਾਜ਼ੀ ਵੀ ਕੀਤੀ ਗਈ।
ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਰੋਸ ਪ੍ਰਦਰਸ਼ਨ ਵਾਲੀ ਥਾਂ ਸੜਕ ’ਤੇ ਵੱਡੀ ਗਿਣਤੀ ਇੱਟਾਂ-ਰੋੜੇ ਖਿੱਲਰੇ ਦਿਖਾਈ ਦੇ ਰਹੇ ਸਨ। ਯੂਟੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਜਲ ਤੋਪਾਂ ਦੀਆਂ ਬੁਛਾੜਾਂ ਮਾਰੀਆਂ। ਇਸ ਮੌਕੇ ਕਈ ਪ੍ਰਦਰਸ਼ਨਕਾਰੀਆਂ ਨੂੰ ਸੱਟਾਂ ਲੱਗੀਆਂ ਅਤੇ ਕਈਆਂ ਦੀਆਂ ਪੱਗਾਂ ਲੱਥ ਗਈਆਂ ਸਨ।