Punjab

ਨਕੋਦਰ ਦੇ ਕੱਪੜਾ ਵਪਾਰੀ ਨਾਲ ਹੋਇਆ ਇਹ ਕਾਰਾ , ਸ਼ਹਿਰ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ

A cloth merchant of Nakodar was shot dead

ਨਕੋਦਰ : ਪੰਜਾਬ ਵਿੱਚ ਦਿਨੋ ਦਿਨ ਲੁੱਟਾਂ ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਸੂਬੇ ਵਿੱਚ ਦਿਨ ਦਿਹਾੜੇ ਕਤਲ ਕੀਤੇ ਜਾ ਰਹੇ ਹਨ। ਜਿਸ ਕਾਰਨ ਰਾਜ ਦੀ ਕਾਨੂੰਨ ਅਵਸਥਾ ਵਿਗੜ ਰਹੀ ਹੈ ਆਮ ਲੋਕ ਘਰ ਤੋਂ ਬਾਹਰ ਨਿਕਲ ਲਈ ਲਈ ਵੀ ਡਰਦੇ ਹਨ।

ਇਸੇ ਦੌਰਾਨ ਦੁਆਬੇ ਦੇ ਮਸ਼ਹੂਰ ਕਸਬੇ ਨਕੋਦਰ ਜਿਲਾ ਜਲੰਧਰ ਵਿਖੇ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਥੇ ਇੱਕ ਕੱਪੜਾ  ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ ’ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ ਚਾਵਲਾ (39) ਪੁੱਤਰ ਹਰਮਿੰਦਰ ਸਿੰਘ ਵਾਸੀ ਆਦਰਸ਼ ਕਾਲੋਨੀ ਨਕੋਦਰ ਨੂੰ ਅਣਪਛਾਤੇ ਹਮਲਾਵਰਾਂ ਨੇ ਰਾਇਲ ਟਾਵਰ ਕੋਲ ਉਸ ਦੀ ਦੁਕਾਨ ’ਤੇ ਰਾਤ 8.30 ਵਜੇ ਦੇ ਲੱਗਭਗ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੌਰਾਨ ਗੰਨਮੈਨ ਵੀ ਇਸ ਗੋਲ਼ੀਬਾਰੀ ’ਚ ਜ਼ਖ਼ਮੀ ਹੋ ਗਿਆ।

ਜਿਵੇਂ ਹੀ ਗੋਲ਼ੀਆਂ ਚੱਲੀਆਂ ਤਾਂ ਪੂਰੇ ਬਾਜ਼ਾਰ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿਤੀਆਂ ਸਨ। ਇਸ ਦੌਰਾਨ ਪੁਲਿਸ ਨੇ ਮੌਕੇ ’ਤੇ ਕੁਝ ਗੋਲ਼ੀਆਂ ਦੇ ਖੋਲ ਬਰਾਮਦ ਕੀਤੇ। ਇਸ ਘਟਨਾ ਨੂੰ ਲੈ ਕੇ ਸ਼ਹਿਰ ਵਾਸੀਆਂ ਵਿਚ ਇਕ ਤਾਂ ਦਹਿਸ਼ਤ ਪੈਦਾ ਹੋ ਗਈ ਹੈ

ਕੱਪੜਾ ਕਾਰੋਬਾਰੀ ਭੁਪਿੰਦਰ ਸਿੰਘ ਉਰਫ਼ ਟਿੰਪੀ ਨੇ ਕੁਝ ਦਿਨ ਪਹਿਲਾਂ 30 ਲੱਖ ਰੁਪਏ ਦੀ ਫਿਰੌਤੀ ਦੀ ਧਮਕੀ ਭਰੇ ਫੋਨ ਆਉਣ ਮਗਰੋਂ ਪੁਲਿਸ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਉਸ ਦੀ ਸ਼ਿਕਾਇਤ ’ਤੇ ਪੁਲਿਸ ਵਿਭਾਗ ਨੇ ਕੇਸ ਦਰਜ ਕਰਕੇ ਉਸ ਨੂੰ ਦੋ ਸੁਰੱਖਿਆ ਗਾਰਡ ਦਿੱਤੇ ਸਨ। ਇਸ ਸਬੰਧੀ ਜਦੋਂ ਜਲੰਧਰ ਰੇਂਜ ਦੇ ਆਈਜੀ ਗੁਰਸ਼ਰਨ ਸਿੰਘ ਸੰਧੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਮੰਨਿਆ ਕਿ ਕੱਪੜਾ ਕਾਰੋਬਾਰੀ ਭੁਪਿੰਦਰ ਸਿੰਘ ਨੂੰ ਦੋ ਪੁਲਿਸ ਸੁਰੱਖਿਆ ਮੁਲਾਜ਼ਮ ਵੀ ਦਿੱਤੇ ਗਏ ਸਨ। ਹਾਲਾਂਕਿ ਇਹ ਦਰਦਨਾਕ ਘਟਨਾ ਕਿਵੇਂ ਵਾਪਰੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਥਿਆਰਾਂ ਦੀ ਵੀ ਜਾਂਚ ਕੀਤੀ ਜਾਵੇਗੀ।

ਇਸ ਘਟਨਾ ‘ਤੇ ਕਾਂਗਰਸ ਦੇ ਵਿਧਾਇਕ ਪ੍ਰਗਟ ਸਿੰਘ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆਂ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ।

ਇਸ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਇਸ ਘਟਨਾ ‘ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਰਾਜਾ ਵੜਿੰਗ ਨੇ ਟਵੀਟ ਕਰਕੇ ਇਸਨੂੰ ਜੰਗਲ ਰਾਜ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕੌਣ ਸੁਰੱਖਿਅਤ  ਹੈ? ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਗਈ ਹੈ। ਗੈਂਗਸਟਰ ਕਾਨੂੰਨ ਦੇ ਕਿਸੇ ਡਰ/ਰੋਕ ਤੋਂ ਬਿਨਾਂ ਆਪਣੀ ਮਰਜ਼ੀ ਨਾਲ ਨਿਸ਼ਾਨੇ ਚੁਣ ਰਹੇ ਹਨ ਅਤੇ ਉਨ੍ਹਾਂ ਨੂੰ ਅੰਜਾਮ ਦੇ ਰਹੇ ਹਨ। ਪੀੜਤ ਨੂੰ ਫਿਰੌਤੀ ਲਈ ਧਮਕੀ ਦਿੱਤੀ ਗਈ ਅਤੇ ਬਾਅਦ ਵਿੱਚ ਮਾਰ ਦਿੱਤਾ ਗਿਆ।