ਦਿੱਲੀ : ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ। ਕਾਂਗਰਸ ਨੇ ਸੱਤਾ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਬਿਆਨ ਨੂੰ ਧਾਰਮਿਕ ਤੋੜ ਮਰੋੜ ਕੇ ਪੇਸ਼ ਕਰਨ ਲਈ ਚੋਣ ਕਮਿਸ਼ਨ ਤੋਂ ਪੀਐੱਮ ਮੋਦੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਤ੍ਰਿਣਮੂਲ ਕਾਂਗਰਸ ਦੇ ਨੇਤਾ ਅਤੇ ਸੰਸਦ ਮੈਂਬਰ ਸਾਕੇਤ ਗੋਖਲੇ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁਧ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਨੇ ਆਂਧਰਾ ਪ੍ਰਦੇਸ਼ ’ਚ ਇਕ ਚੋਣ ਰੈਲੀ ’ਚ ਸ਼ਾਮਲ ਹੋਣ ਲਈ ਭਾਰਤੀ ਹਵਾਈ ਫੌਜ ਦੇ ਹੈਲੀਕਾਪਟਰ ਦੀ ਵਰਤੋਂ ਕਰ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।
ਆਂਧਰਾ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਨੂੰ ਲਿਖੀ ਚਿੱਠੀ ’ਚ ਗੋਖਲੇ ਨੇ ਐਤਵਾਰ ਨੂੰ ਮੋਦੀ ਦੀ ਪਲਨਾਡੂ ਜ਼ਿਲ੍ਹੇ ਦੇ ਚਿਲਾਕਲੂਰੀਪੇਟ ਯਾਤਰਾ ਦਾ ਜ਼ਿਕਰ ਕੀਤਾ, ਜਿੱਥੇ ਪ੍ਰਧਾਨ ਮੰਤਰੀ ਨੇ ਤੇਲਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਦੇ ਮੁਖੀ ਐਨ. ਚੰਦਰਬਾਬੂ ਨਾਇਡੂ ਨਾਲ ਕੌਮੀ ਲੋਕਤੰਤਰੀ ਗਠਜੋੜ (ਐਨ.ਡੀ.ਏ.) ਦੀ ਰੈਲੀ ਨੂੰ ਸੰਬੋਧਨ ਕੀਤਾ।
ਗੋਖਲੇ ਨੇ ਅਪਣੇ ਚਿੱਠੀ ’ਚ ਲਿਖਿਆ, ‘‘ਇਹ ਚਿੱਠੀ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 17 ਮਾਰਚ 2024 ਨੂੰ ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ ਦੇ 96-ਚਿਲਾਕਲੂਰੀਪੇਟ ਵਿਧਾਨ ਸਭਾ ਹਲਕੇ ’ਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਤੁਹਾਡੇ ਧਿਆਨ ’ਚ ਲਿਆਉਣ ਅਤੇ ਰਸਮੀ ਸ਼ਿਕਾਇਤ ਦਰਜ ਕਰਵਾਉਣ ਲਈ ਲਿਖੀ ਗਈ ਹੈ।’’
ਗੋਖਲੇ ਨੇ ਦਸਿਆ ਕਿ ਮੋਦੀ ਐਤਵਾਰ ਸ਼ਾਮ ਨੂੰ ਭਾਰਤੀ ਹਵਾਈ ਫੌਜ ਦੇ ਜ਼ੈੱਡ.ਪੀ. 5236 ਨੰਬਰ ਵਾਲੇ ਹੈਲੀਕਾਪਟਰ ’ਚ ਰੈਲੀ ਵਾਲੀ ਥਾਂ ’ਤੇ ਪਹੁੰਚੇ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ‘ਐਕਸ’ ’ਤੇ ਕਿਹਾ ਕਿ ਚੋਣ ਕਮਿਸ਼ਨ ਦੇ ਨਿਯਮ ਚੋਣ ਪ੍ਰਚਾਰ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ’ਤੇ ਪਾਬੰਦੀ ਲਗਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ 1975 ’ਚ ਇਸੇ ਕਾਰਨ ਅਯੋਗ ਕਰਾਰ ਦਿਤਾ ਗਿਆ ਸੀ।
ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ 1975 ’ਚ ਇਲਾਹਾਬਾਦ ਹਾਈ ਕੋਰਟ ਨੇ ਚੋਣ ਗੜਬੜੀ ਦਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅਯੋਗ ਕਰਾਰ ਦਿਤਾ ਸੀ। ਗੋਖਲੇ ਨੇ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ ਨੇ ਹੈਲੀਕਾਪਟਰ ਦੀ ਵਰਤੋਂ ਲਈ ਭੁਗਤਾਨ ਕੀਤਾ ਸੀ ਤਾਂ ਚੋਣ ਕਮਿਸ਼ਨ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਹਵਾਈ ਫੌਜ ਦੇ ਹੈਲੀਕਾਪਟਰ ਦੀ ਵਰਤੋਂ ਕਿਸ ਆਧਾਰ ’ਤੇ ਜ਼ਰੂਰੀ ਸੀ।