Punjab

ਪੰਜਾਬ ਯੂਨੀਵਰਸਿਟੀ ਦਾ ਵਫਦ ਸਪੀਕਰ ਨੂੰ ਮਿਲਿਆ

ਦ ਖ਼ਾਲਸ ਬਿਊਰੋ : ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਰੋਕਣ ਲਈ ਵਿਦਿਆਰਥੀ ਜਥੇਬੰਦੀ ਸੱਥ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ ਗਈ । ਵਿਦਿਆਰਥੀ ਜਥੇਬੰਦੀ ਸੱਥ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕਰਕੇ ਉਪਰੋਕਤ ਮੁੱਦਾ ਚੁੱਕਿਆ ਗਿਆ। 

ਜਥੇਬੰਦੀ ਦੇ ਨੁਮਾਇੰਦਿਆਂ ਨੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚ ਚਲ ਰਹੇ ਇਕ ਕੇਸ ਦੀ ਕਾਰਵਾਈ ਉਹਨਾਂ ਦੇ ਧਿਆਨ ਚ ਲਿਆਂਦੀ ਗਈ।  ਇਕ ਕੇਸ ਦੀ ਸੁਣਵਾਈ ਕਰਦਿਆਂ ਪੰਜਾਬ ਦਾ ਬਿਨ੍ਹਾਂ ਪੱਖ ਸੁਣੇ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਹਦਾਇਤ ਜਾਰੀ ਕਰ ਦਿੱਤੀ ਸੀ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਸਰਕਾਰ ਪੂਰੀ ਤਰ੍ਹਾਂ ਆਪਣੇ ਪ੍ਰਬੰਧ ਵਿਚ ਲੈ ਲਵੇ।  ਜਥੇਬੰਦੀ ਦੇ ਨੁਮਾਇੰਦਿਆਂ ਨੇ ਸਪੀਕਰ ਸੰਧਵਾਂ ਨੂੰ ਅਪੀਲ ਕੀਤੀ ਕਿ ਉਹ ਸਪੀਕਰ ਹੋਣ ਨਾਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਤੇ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਦੀ ਵਿਰਾਸਤ ਐਲਾਨਦਿਆਂ ਇਸ ਵਿਚ ਪੰਜਾਬ ਦੇ ਵਿਦਿਆਰਥੀਆਂ ਤੇ ਮੁਲਾਜ਼ਮਾਂ ਦਾ ਕੋਟਾ ਤੈਅ ਕਰਨ ਦਾ ਮਤਾ ਪਾਉਣ।

ਵਿਦਿਆਰਥੀ ਜਥੇਬੰਦੀ ਸੱਥ ਮੁਤਾਬਕ ਪੰਜਾਬ ਯੂਨੀਵਰਸਿਟੀ ਉਪਰ ਪੰਜਾਬ ਦਾ ਹੱਕ ਹੋਣ ਕਾਰਨ ਵਿਦਿਆਰਥੀ ਹਿੰਦੀਕਰਨ ਦੀ ਨੀਤੀ ਨੂੰ ਠੱਲ੍ਹਣ ਵਿਚ ਹੁਣ ਤਕ ਕਾਮਯਾਬ ਹੋਏ ਹਨ ਅਤੇ ਵਿਦਿਆਰਥੀਆਂ ਨੇ ਸੰਘਰਸ਼ ਕਰਕੇ ਮਾਂ-ਬੋਲੀ ਪੰਜਾਬੀ ਦਾ ਪਹਿਲਾ ਸਥਾਨ ਬਹਾਲ ਰੱਖਿਆ ਹੈ। ਪਰ ਜੇ ਯੂਨੀਵਰਸਿਟੀ ਦਾ ਕੇਂਦਰੀਕਰਨ ਹੋ ਗਿਆ ਤਾਂ ਇਸ ਯੂਨੀਵਰਸਿਟੀ ਵਿਚੋਂ ਮਾਂ-ਬੋਲੀ ਪੰਜਾਬੀ ਨੂੰ ਮੁਕੰਮਲ ਰੂਪ ਵਿਚ ਖਤਮ ਕਰ ਦਿੱਤਾ ਜਾਵੇਗਾ। 

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ

ਜਥੇਬੰਦੀ ਵਲੋਂ ਸਪੀਕਰ ਨੂੰ ਅਪੀਲ ਕੀਤੀ ਗਈ ਕਿ ਜੇ ਪੰਜਾਬ ਦੀ ਆਰਥਿਕਤਾ ਦੇ ਬਹਾਨੇ ਇਹ ਯੂਨੀਵਰਸਿਟੀ ਖੋਹ ਲਈ ਗਈ ਤਾਂ ਉਹ ਦਿਨ ਦੂਰ ਨਹੀਂ ਜਦ ਚੰਡੀਗੜ੍ਹ ਨਾਲ ਲਗਦੇ ਪੰਜਾਬ ਦੇ ਇਲਾਕੇ ਤੇ ਹੋਰ ਸਿੱਖਿਆ ਸੰਸਥਾਵਾਂ ਉਪਰ ਕੇਂਦਰ ਕਬਜ਼ਾ ਕਰ ਲਵੇਗਾ, ਇਸ ਬਾਬਤ ਪੰਜਾਬ ਸਰਕਾਰ ਨੂੰ ਤੁਰੰਤ ਐਕਸ਼ਨ ਲੈਂਦਿਆਂ ਕੇਂਦਰੀਕਰਨ ਨੂੰ ਮੁਢੋਂ ਰੱਦ ਕਰਨਾ ਚਾਹੀਦਾ ਹੈ। ਉਹਨਾਂ ਇਸ ਮਸਲੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਨੂੰ ਫਿਕਰਮੰਦ ਕਰਨ ਵਾਲੀ ਚੁੱਪ ਦੱਸਿਆ।

ਇਸ ਮੌਕੇ ਸੱਥ ਦੇ ਆਗੂ ਸੁਖਵਿੰਦਰ ਸਿੰਘ, ਚਰਨਜੀਤ ਸਿੰਘ, ਰਿਮਲਜੋਤ ਸਿੰਘ, ਜੋਧ ਸਿੰਘ ਅਤੇ ਜਪਜੀਤ ਸਿੰਘ ਹਾਜਰ ਸਨ। ਸੱਥ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਵਿਧਾਨ ਸਭਾ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਰੋਕਣ ਲਈ ਕੁੱਝ ਨਹੀਂ ਕਰਦੀ ਤਾਂ ਵਿਦਿਆਰਥੀ ਇਸ ਸੰਘਰਸ਼ ਨੂੰ ਪੰਜਾਬ ਦੇ ਪਿੰਡਾਂ ਦੀਆਂ ਸੱਥਾਂ ਤੋਂ ਸ਼ੁਰੂ ਕਰਨਗੇ।