International

ਪਾਕਿਸਤਾਨ ‘ਚ ਮੁੜ ਵਿਗੜੇ ਹਾਲਾਤ,ਸੁਪਰੀਮ ਕੋਰਟ ਨੂੰ ਪਿਆ ਘੇਰਾ

ਇਸਲਾਮਾਬਾਦ :  ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਬਣਿਆ ਸਿਆਸੀ ਸੰਕਟ ਹਾਲ ਦੀ ਘੜੀ ਖਤਮ ਹੁੰਦਾ ਨਹੀਂ ਲੱਗ ਰਿਹਾ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਨੇ ਰਾਹਤ ਦੇ ਦਿੱਤੀ ਹੈ ਪਰ  ਦੇਸ਼ ਵਿੱਚ ਸੱਤਾਧਾਰੀ ਪਾਕਿਸਤਾਨ ਡੈਮੋਕਰੇਟਿਕ ਮੂਵਮੈਂਟ ਨੂੰ ਇਹ ਗੱਲ ਰਾਸ ਨਹੀਂ ਆਈ ਹੈ।

ਪਾਰਟੀ ਵਰਕਰਾਂ ਵੱਲੋਂ ਇਸਲਾਮਾਬਾਦ ਵਿੱਚ ਸੁਪਰੀਮ ਕੋਰਟ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ‘ਚ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ ਦੇ ਵਰਕਰ ਮੌਜੂਦ ਹਨ। JUI-F ਦੇ ਵਰਕਰ ਵੱਡੀ ਗਿਣਤੀ ‘ਚ ਸੁਪਰੀਮ ਕੋਰਟ ਦੇ ਬਾਹਰ ਪਹੁੰਚ ਗਏ ਹਨ। ਪਾਕਿਸਤਾਨ ਦੀ ਰਾਸ਼ਟਰੀ ਰਾਜਧਾਨੀ ਇਸਲਾਮਾਬਾਦ ਵਿੱਚ ਧਾਰਾ 144 ਲਾਗੂ ਹੋਣ ਦੇ ਬਾਵਜੂਦ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।

ਪੀਡੀਐਮ 13 ਸਿਆਸੀ ਪਾਰਟੀਆਂ ਦਾ ਗੱਠਜੋੜ ਹੈ ਅਤੇ ਮੌਲਾਨਾ ਫਜ਼ਲ-ਉਰ ਰਹਿਮਾਨ ਇਸ ਦੇ ਮੁਖੀ ਹਨ। ਰਹਿਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਉਮਰ ਅਤਾ ਬੰਦਿਆਲ ਦੇ ਖਿਲਾਫ ਧਰਨੇ ‘ਤੇ ਬੈਠਣਗੇ।

ਜਸਟਿਸ ਬੰਦਿਆਲ ਨੇ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਉਨ੍ਹਾਂ ਦੀ ਰਿਹਾਈ ਦਾ ਹੁਕਮ ਦਿੱਤਾ ਹੈ। ਇਸਲਾਮਾਬਾਦ ਪੁਲਿਸ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਰੈੱਡ ਜ਼ੋਨ ਦੀ ਉਲੰਘਣਾ ਕੀਤੀ ਹੈ ਪਰ ਸਥਿਤੀ ਕਾਬੂ ਹੇਠ ਹੈ।

ਪ੍ਰਧਾਨ ਮੰਤਰੀ ਸ਼ਾਹਬਾਜ਼ ਸਰਕਾਰ ਵਿੱਚ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਖ਼ਿਲਾਫ਼ ਧਾਰਾ 209 ਤਹਿਤ ਸੰਵਿਧਾਨਕ ਅਵੱਗਿਆ ਦੇ ਮਾਮਲੇ ਦੀ ਜਾਂਚ ਲਈ ਇੱਕ ਸੰਸਦੀ ਕਮੇਟੀ ਦੇ ਗਠਨ ਦੀ ਮੰਗ ਕੀਤੀ ਹੈ।