Punjab

ਤਰਨਤਾਰਨ ‘ਚ ਅੰਤਰਰਾਸ਼ਟਰੀ ਸਰਹੱਦ ਕੋਲੋਂ ਡਰੋਨ ਬਰਾਮਦ,ਨਾਲ ਹੀ ਮਿਲਿਆ ਨਸ਼ੀਲਾ ਪਦਾਰਥ

ਤਰਨਤਾਰਨ : ਪੰਜਾਬ ਦੇ ਸਰਹੱਦੀ ਇਲਾਕੇ ਤਰਨਤਾਰਨ ‘ਚ ਅੰਤਰਰਾਸ਼ਟਰੀ ਸਰਹੱਦ ਦੇ ਕੋਲੋਂ ਇੱਕ ਡਰੋਨ ਮਿਲਿਆ ਹੈ। ਇੱਕ ਖੇਤ ਵਿੱਚੋਂ ਮਿਲੇ ਇਸ ਡਰੋਨ ਦੇ ਨਾਲ 5 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ।
ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਵੱਲੋਂ ਸਾਂਝੇ ਤੌਰ ਤੇ ਕੀਤੇ ਗਏ ਇਸ ਆਪ੍ਰੇਸ਼ਨ ਦੌਰਾਨ 6 ਰੋਟਰਾਂ ਵਾਲਾ ਇੱਕ ਮਾਨਵ ਰਹਿਤ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਦੇਸ਼ ਅੰਦਰ ਹੈਰੋਇਨ ਅਤੇ ਹਥਿਆਰਾਂ ਦੀ ਲਗਾਤਾਰ ਤਸਕਰੀ ਹੋ ਰਹੀ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਪੁਲਿਸ ਨੇ ਕਾਰਵਾਈ ਕੀਤੀ ਹੋਵੇ। ਪਿਛਲੇ ਦਿਨੀਂ ਵੀ ਪੁਲਿਸ ਨੇ ਬੀਐਸਐਫ ਨਾਲ ਮਿਲ ਕੇ ਅਜਿਹੀ ਕਾਰਵਾਈ ਕੀਤੀ ਹੈ। ਪੁਲਿਸ ਨੇ ਹੈਰੋਇਨ ਬਰਾਮਦ ਕਰ ਲਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਕਰੀਬ 35 ਕਰੋੜ ਦੀ ਕੀਮਤ ਵਾਲੀ ਇਸ ਹੈਰੋਇਨ ਨੂੰ ਬਰਾਮਦ ਕਰਨ ਤੋਂ ਬਾਅਦ ਪੁਲਿਸ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਇਸ ਸਬੰਧ ਵਿੱਚ ਡੀਜੀਪੀ ਪੰਜਾਬ ਪੁਲਿਸ ਗੋਰਵ ਯਾਦਵ ਨੇ ਇੱਕ ਟਵੀਟ ਵੀ ਕੀਤਾ ਹੈ ਤੇ ਲਿਖਿਆ ਹੈ ਕਿ ਬੀਐਸਐਫ ਤੇ ਤਰਨਤਾਰਨ ਪੁਲਿਸ ਦੀ ਸਾਂਝੀ ਮੁਹਿੰਮ ਦੇ ਦੌਰਾਨ ਪਿਛਲੇ ਇੱਕ ਹਫ਼ਤੇ ਵਿੱਚ ਤਿੰਨ ਸਰਹੱਦ ਪਾਰ ਤੋਂ ਆਏ ਡਰੋਨਾਂ ਨੂੰ ਡੇਗਿਆ ਹੈ ਅਤੇ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸ ਨਾਲ ਅੰਤਰ-ਰਾਸ਼ਟਰੀ ਸਰਹੱਦ ‘ਤੇ ਚੱਲ ਰਹੇ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬੀਐਸਐਫ ਨੇ 28 ਨਵੰਬਰ ਨੂੰ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਦੋ ਪਾਕਿਸਤਾਨੀ ਡਰੋਨਾਂ ਨੂੰ ਡੇਗ ਦਿੱਤਾ ਸੀ ਤੇ ਕਰੀਬ 10 ਕਿਲੋ ਹੈਰੋਇਨ ਬਰਾਮਦ ਕੀਤੀ ਸੀ।