ਐਤਵਾਰ ਨੂੰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਲੰਧਰ ਦੇ ਸੁੱਚੀ ਪਿੰਡ ਕੋਲ ਐਤਵਾਰ ਨੂੰ ਸੋਨੀ ਖੱਤਰੀ ਗਿਰੋਹ ਦੇ ਦੋ ਗੈਂਗਸਟਰਾਂ ਅਤੇ ਕਮਿਸ਼ਨਰੇਟ ਪੁਲਿਸ ਵਿਚਾਲੇ ਫਾਇਰਿੰਗ ਹੋਈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਫਾਇਰਿੰਗ ਦੌਰਾਨ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ। ਹਾਲਾਂਕਿ ਦੋਵਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸੀਆਈਏ ਪੁਲਿਸ ਸਟਾਫ਼ ਨੂੰ ਗੈਂਗਸਟਰਾਂ ਦੀ ਗਤੀਵਿਧੀ ਬਾਰੇ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਛਾਪਾ ਮਾਰਿਆ ਅਤੇ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਨੂੰ ਦੇਖਦਿਆਂ ਹੀ ਦੋਵੇਂ ਗੈਂਗਸਟਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਗੋਲੀਬਾਰੀ ਕੀਤੀ।
ਇਸ ਮੁਕਾਬਲੇ ਵਿੱਚ ਗੈਂਗਸਟਰਾਂ ਅਤੇ ਪੁਲਿਸ ਦੋਵਾਂ ਵੱਲੋਂ ਲਗਭਗ 10 ਰਾਉਂਡ ਫ਼ਾਇਰਿੰਗ ਕੀਤੀ ਗਈ। ਜਿਸ ਵਿੱਚ ਪੁਲਿਸ ਕਰਮਚਾਰੀ ਵਾਲ-ਵਾਲ ਬਚ ਗਏ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ, ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਮੁਕਾਬਲੇ ਵਿੱਚ ਜ਼ਖ਼ਮੀ ਹੋਏ ਦੋਵੇਂ ਗੈਂਗਸਟਰਾਂ ਨੂੰ ਹਸਪਤਾਲ ਲੈ ਗਈ ਹੈ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ।
ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ।
ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, “ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇੱਕ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ ਟੀਮ ਨੇ ਫਿਰੋਜ਼ਪੁਰ ਦੇ ਪਿੰਡ ਘੱਲ ਖੁਰਦ ਦੇ ਰਹਿਣ ਵਾਲੇ ਤਸਕਰ-ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ ਤਿੰਨ ਆਧੁਨਿਕ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ। ਤਿੰਨ ਪਿਸਤੌਲ, 141 ਕਾਰਤੂਸ, 45 ਗ੍ਰਾਮ ਹੈਰੋਇਨ ਅਤੇ ਇੱਕ ਕਾਰ ਜ਼ਬਤ ਕੀਤੀ ਗਈ ਹੈ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਅੱਤਵਾਦ ਅਤੇ ਅਪਰਾਧਿਕ ਗਤੀਵਿਧੀਆਂ ਲਈ ਸਰਹੱਦ ਪਾਰ ਤੋਂ ਲਿਆਂਦੇ ਗਏ ਸਨ। ਪੁਲਿਸ ਨੇ ਕਿਹਾ ਕਿ ਫਾਜ਼ਿਲਕਾ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।