India International Punjab Religion

ਕੱਲ੍ਹ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋ ਗਏ ਹਨ। ਸ਼੍ਰੋਮਣੀ ਕਮੇਟੀ ਨੇ ਅੱਜ ਸ਼ਰਧਾਲੂਆਂ ਨੂੰ  ਪਾਸਪੋਰਟ ਦੇ ਦਿੱਤੇ ਹਨ। ਇਹ ਜਥਾ ਕੱਲ੍ਹ ਪਾਕਿਸਤਾਨ ਲਈ ਰਵਾਨਾ ਹੋਵੇਗਾ। SGPC ਯਾਤਰਾ ਬ੍ਰਾਂਚ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਉੱਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 266 ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 11 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਇਹ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤੇਗਾ।

ਪਾਕਿਸਤਾਨ ਵਿਖੇ ਯਾਤਰਾ ਕਰਨ ਜਾ ਰਹੇ  ਸ਼ਰਧਾਲੂਆਂ ਨੇ ਕਿਹਾ ਕਿ ਬੜੀ ਹੀ ਖੁਸ਼ੀ ਦੀ ਗੱਲ ਹੈ ਕਿ ਸਾਨੂੰ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ ਅਤੇ ਅਸੀਂ ਆਪਣੇ ਆਪ ਨੂੰ ਬਹੁਤ ਹੀ ਖੁਸ਼ਨਸੀਬ ਸਮਝਦੇ ਹਾਂ।