ਚੰਡੀਗੜ੍ਹ : ਪੰਜਾਬ ਡਰੱਗ ਮਾਮਲੇ ‘ਚ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ ਹੈ। ਅਦਾਲਤ ਨੇ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਅੱਜ ਖੋਲਿਆ ਹੈ। ਇਨ੍ਹਾਂ ਰਿਪੋਰਟਾਂ ‘ਚੋਂ ਤਿੰਨ ਐਸਆਈਟੀ ਵੱਲੋਂ ਪੇਸ਼ ਕੀਤੀਆਂ ਗਈਆਂ ਹਨ ਤੇ ਇੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਤਿਆਰ ਕੀਤੀ ਗਈ ਹੈ।
ਐਸਆਈਟੀ ਵਾਲੀਆਂ ਰਿਪੋਰਟਾਂ ਦੇ ਆਧਾਰ ‘ਤੇ ਪੰਜਾਬ ਸਰਕਾਰ ਨੂੰ ਬਣਦੀ ਕਾਰਵਾਈ ਕਰਨ ਦੇ ਹੁਕਮ ਅਦਾਲਤ ਨੇ ਜਾਰੀ ਕੀਤੇ ਹਨ।ਹਾਈ ਕੋਰਟ ਦੀ ਬੈਂਚ ਨੇ ਉਸ ਸਮੇਂ ਦੇ ਡੀਜੀਪੀ ਪੰਜਾਬ ਦਿਨਕਰ ਗੁਪਤਾ ਅਤੇ ਤਤਕਾਲੀ ਐਸਆਈਟੀ ਮੁਖੀ ਸਿਧਾਰਥ ਚਟੋਪਾਧਿਆਏ ਨੂੰ ਨੋਟਿਸ ਜਾਰੀ ਕੀਤਾ ਹੈ। ਜਦੋਂ ਕਿ ਚੌਥੀ ਰਿਪੋਰਟ ਤੇ ਹਾਲੇ ਕੋਈ ਕਾਰਵਾਈ ਨਹੀਂ ਹੋਈ ਹੈ ਤੇ ਉਸ ਨੂੰ ਸੀਲਬੰਦ ਹੀ ਰੱਖਿਆ ਗਿਆ ਹੈ।
ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅੱਜ ਹੋਈ ਨਸ਼ਿਆਂ ਦੇ ਮਾਮਲੇ ਦੀ ਸੁਣਵਾਈ ਵੇਲੇ ਅਦਾਲਤ ਵਿੱਚ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਰਿਪੋਰਟਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਨੇ ਨਸ਼ਾ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ ਖੁੱਦ ਨੂੰ ਵੀ ਇੱਕ ਧਿਰ ਬਣਾਉਣ ਲਈ ਅਰਜ਼ੀ ਦਿੱਤੀ ਸੀ ਕਿਉਂਕਿ ਇਸ ਮਾਮਲੇ ‘ਚ ਪੁਲਿਸ ਫੋਰਸ ਅਤੇ ਉਨ੍ਹਾਂ ‘ਤੇ ਕਈ ਸਵਾਲ ਖੜ੍ਹੇ ਹੋਏ ਹਨ।
ਪੰਜਾਬ ਹਰਿਆਣਾ ਹਾਈ ਕੋਰਟ ਨੇ ਉਸ ਸਮੇਂ ਦੇ ਡੀਜੀਪੀ ਪੰਜਾਬ ਦਿਨਕਰ ਗੁਪਤਾ ਅਤੇ ਤਤਕਾਲੀ ਐਸਆਈਟੀ ਮੁਖੀ ਸਿਧਾਰਥ ਚਟੋਪਾਧਿਆਏ ਨੂੰ ਨੋਟਿਸ ਜਾਰੀ ਕੀਤਾ ਹੈ।ਇਸ ਮਾਮਲੇ ਦੀ ਅਗਲੀ ਸੁਣਵਾਈ 4 ਮਈ ਨੂੰ ਹੋਵੇਗੀ ।