International

ਨਨਕਾਣਾ ਸਾਹਿਬ ਜਾ ਰਹੇ ਹਿੰਦੂ ਸ਼ਰਧਾਲੂ ਦਾ ਗੋਲੀਆਂ ਮਾਰ ਕੇ ਕਤਲ

ਲਾਹੌਰ: ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਇੱਕ ਹਿੰਦੂ ਸ਼ਰਧਾਲੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ। ਇਸ ਦੌਰਾਨ ਲੁਟੇਰਿਆਂ ਵੱਲੋਂ ਇੱਕ ਪਾਕਿਸਤਾਨੀ ਹਿੰਦੂ ਸ਼ਰਧਾਲੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਘਟਨਾ ਤੋਂ ਬਾਅਦ ਮ੍ਰਿਤਕ ਦੇ ਰਿਸ਼ਤੇਦਾਰਾਂ ਦੀ ਸ਼ਿਕਾਇਤ ‘ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੇ ਪਹਿਲਾਂ ਸ਼ਰਧਾਲੂਆਂ ਤੋਂ ਪੈਸੇ ਖੋਹੇ ਅਤੇ ਵਿਰੋਧ ਕਰਨ ‘ਤੇ ਇਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿਤੀ। ਸਿੰਧ ਸੂਬੇ ਦੇ ਲਰਕਾਣਾ ਸ਼ਹਿਰ ਦਾ ਵਸਨੀਕ ਰਾਜੇਸ਼ ਕੁਮਾਰ ਅਪਣੇ ਦੋਸਤ ਅਤੇ ਇਕ ਰਿਸ਼ਤੇਦਾਰ ਨਾਲ ਕਾਰ ਰਾਹੀਂ ਲਾਹੌਰ ਤੋਂ ਨਨਕਾਣਾ ਸਾਹਿਬ ਜਾ ਰਿਹਾ ਸੀ ਤਾਂ ਲਾਹੌਰ ਤੋਂ ਕਰੀਬ 60 ਕਿਲੋਮੀਟਰ ਦੂਰ ਮਾਨਾਂਵਾਲਾ-ਨਨਕਾਣਾ ਸਾਹਿਬ ਰੋਡ ’ਤੇ 3 ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ।

ਪੁਲਿਸ ਮੁਤਾਬਕ ਬੰਦੂਕਧਾਰੀਆਂ ਨੇ ਤਿੰਨਾਂ ਤੋਂ 4,50,000 ਅਤੇ ਡਰਾਈਵਰ ਤੋਂ 10,000 ਪਾਕਿਸਤਾਨੀ ਰੁਪਏ ਖੋਹ ਲਏ। ਜਦੋਂ ਕੁਮਾਰ ਨੇ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ ’ਤੇ ਗੋਲੀਆਂ ਚਲਾ ਦਿਤੀਆਂ ਅਤੇ ਭੱਜ ਗਏ।

ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ

ਮ੍ਰਿਤਕ ਰਾਜੇਸ਼ ਕੁਮਾਰ ਦੇ ਰਿਸ਼ਤੇਦਾਰ ਦੀ ਸ਼ਿਕਾਇਤ ‘ਤੇ ਅਣਪਛਾਤੇ ਲੋਕਾਂ ਖਿਲਾਫ ਪਾਕਿਸਤਾਨ ਪੀਨਲ ਕੋਡ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਵਿੱਚ ਭਾਰਤ ਤੋਂ 2500 ਤੋਂ ਵੱਧ ਸਿੱਖਾਂ ਅਤੇ ਵੱਡੀ ਗਿਣਤੀ ਵਿੱਚ ਦੇਸੀ-ਵਿਦੇਸ਼ੀ ਸ਼ਰਧਾਲੂਆਂ ਨੇ ਵੀ ਸ਼ਮੂਲੀਅਤ ਕੀਤੀ।