ਪੰਜਾਬ ਵਿੱਚ ਟਰੈਵਲ ਏਜੰਟਾਂ ਵੱਲੋਂ ਧੋਖਾਧੜੀ ਕਰਕੇ ਕੈਨੇਡਾ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਇਸ ਕਾਰਨ ਕੈਨੇਡਾ ‘ਚ ਫਸੇ ਪੰਜਾਬੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮਦਦ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁਲਜ਼ਮ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਕੇਸ ਕੈਨੇਡੀਅਨ ਏਜੰਸੀ ਕੋਲ ਪੇਸ਼ ਕੀਤਾ ਜਾਵੇ।
ਪੰਜਾਬੀ ਵਿਦਿਆਰਥੀਆਂ ਨੇ ਸੀ ਐੱਮ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਸਪੈਸ਼ਲ ਟਾਸਕ ਫੋਰਸ (ਐੱਸ ਟੀ ਐੱਫ਼) ਦਾ ਗਠਨ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾ ਸਕੇ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਪੀ.ਆਰ ਵੀ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਯਕੀਨੀ ਬਣਾਇਆ ਜਾ ਸਕਦਾ ਹੈ।
ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਪੱਤਰ ਵਿੱਚ ਕਈ ਏਜੰਟਾਂ ਦੇ ਨਾਂ ਲਿਖੇ ਹਨ, ਜਿਨ੍ਹਾਂ ਨੇ ਉਸ ਨਾਲ ਧੋਖਾ ਕੀਤਾ ਹੈ। ਇਨ੍ਹਾਂ ਵਿੱਚ ਮੁਲਜ਼ਮ ਏਜੰਟ ਬ੍ਰਿਜੇਸ਼ ਮਿਸ਼ਰਾ ਸਮੇਤ ਕੁੱਲ 5 ਏਜੰਟਾਂ ਦੇ ਨਾਂ ਸ਼ਾਮਲ ਹਨ। ਉਨ੍ਹਾਂ ਪੰਜਾਬ ਵਿੱਚ ਰਹਿੰਦੇ ਆਪਣੇ ਪਰਿਵਾਰਾਂ ਦੀ ਆਰਥਿਕ ਮਦਦ ਦੀ ਵੀ ਅਪੀਲ ਕੀਤੀ ਹੈ।
ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਕੈਨੇਡੀਅਨ ਬਾਰਡਰ ਏਜੰਸੀ ਵੱਲੋਂ ਵੀ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਬ੍ਰਿਜੇਸ਼ ਮਿਸ਼ਰਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਕੋਲ ਰਜਿਸਟਰਡ ਲਾਇਸੈਂਸ ਵੀ ਨਹੀਂ ਸੀ। ਫ਼ਿਲਹਾਲ ਕੈਨੇਡੀਅਨ ਜਾਂਚ ਏਜੰਸੀ ਮਾਮਲੇ ਦੇ ਸਾਰੇ ਤੱਥਾਂ ਦੀ ਜਾਂਚ ਕਰਨ ਵਿੱਚ ਲੱਗੀ ਹੋਈ ਹੈ।
ਕੈਨੇਡਾ ਤੋਂ ਪੰਜਾਬੀ ਵਿਦਿਆਰਥੀਆਂ ਦੀ ਅਗਵਾਈ ਕਰ ਰਹੇ ਐਕਟੀਵਿਸਟ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਇਕ-ਇਕ ਕਰਕੇ ਚੈੱਕ ਕਰਨ ਲਈ ਕਿਹਾ ਗਿਆ ਸੀ। ਵਿਦਿਆਰਥੀਆਂ ਨੂੰ ਖ਼ੁਦ ਸਾਬਤ ਕਰਨਾ ਹੋਵੇਗਾ ਕਿ ਉਹ ਬੇਕਸੂਰ ਹਨ।
ਜਸਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬੀ ਵਿਦਿਆਰਥੀਆਂ ਨੂੰ ਬੇਗੁਨਾਹ ਸਾਬਤ ਕਰਨ ਲਈ ਜ਼ਰੂਰੀ ਹੈ ਕਿ ਮੁਲਜ਼ਮ ਏਜੰਟਾਂ ਦੇ ਬਿਆਨ/ਇਕਬਾਲੀਆ ਬਿਆਨ ਸਾਹਮਣੇ ਆਉਣ ਜਿਨ੍ਹਾਂ ਵਿੱਚ ਉਹ ਧੋਖਾਧੜੀ ਦੀ ਗੱਲ ਕਬੂਲ ਕਰ ਰਹੇ ਹਨ। ਇਸ ਤੋਂ ਬਾਅਦ ਹੀ ਕੈਨੇਡੀਅਨ ਕਾਨੂੰਨ ਅਨੁਸਾਰ ਪੰਜਾਬੀ ਵਿਦਿਆਰਥੀਆਂ ਦਾ ਕੇਸ ਮਜ਼ਬੂਤ ਹੋਵੇਗਾ।