Punjab

ਲੁਧਿਆਣਾ ‘ਚ ਲਾਪਤਾ ਬਜ਼ੁਰਗ ਮਾਮਲੇ ‘ਚ ਪੁਲਿਸ ਨੇ ਕੀਤੇ ਅਹਿਮ ਖੁਲਾਸੇ , ਮੁਲਜ਼ਮਾਂ ਨੂੰ ਕੀਤਾ ਕਾਬੂ

ਲੁਧਿਆਣਾ ਤੋਂ ਫਰਵਰੀ ਤੋਂ ਲਾਪਤਾ ਇੱਕ ਬਜ਼ੁਰਗ ਗੁਰਬਚਨ ਸੰਘ ਬਾਰੇ ਦਰਦਨਾਕ ਖੁਲਾਸਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲੇ ਦੀ ਗੁੱਥੀ ਸਲਝਾਉਂਦਿਆਂ ਦੱਸਿਆ ਹੈ ਕਿ ਲਾਪਤਾ ਵਿਅਕਤੀ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ ਗਿਆ ਸੀ। ਇਸ ਸਬੰਧੀ ਪੁਲਿਸ ਨੇ ਉਸਦੇ ਕਾਤਲਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਬਜ਼ਰੁਗ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਕੀਰਤਪੁਰ ਸਾਹਿਬ ਦੀ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ ਗਿਆ। ਜਦਕਿ ਉਸ ਦੀ ਬਾਈਕ ਕੈਂਡਲ ਨਹਿਰ ‘ਤੇ ਸੁੱਟ ਦਿੱਤਾ ਗਿਆ।

ਦੱਸ ਦੇਈਏ ਕਿ ਪਰਿਵਾਰਕ ਮੈਂਬਰਾਂ ਨੇ ਫਰਵਰੀ ਮਹੀਨੇ ਵਿੱਚ ਪੁਲਿਸ ਥਾਣਾ ਡੇਹਲੋਂ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ। ਉਸ ਵੇਲੇ ਪਰਿਵਾਰਰਕ ਮੈਂਬਰਾਂ ਨੇ ਸ਼ੱਕ ਪ੍ਰਗਟਾਇਆ ਸੀ ਕਿ ਬਜ਼ੁਰਗ ਗੁਰਚਰਨ ਸਿੰਘ ਦਾ ਕਤਲ ਕੀਤਾ ਗਿਆ ਹੈ।

ਪੁਲਿਸ ਨੇ ਇਸ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ। ਗੁਰਚਰਨ ਸਿੰਘ ਦੇ ਕਾਤਲਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਗੁਰਚਰਨ ਦਾ ਮੋਟਰਸਾਈਕਲ ਨਹਿਰ ਦੇ ਪੁਲ ਨੇੜਿਓਂ ਬਰਾਮਦ ਕੀਤਾ ਜਦਕਿ ਅਜੇ ਤੱਕ ਲਾਸ਼ ਬਰਾਮਦ ਨਹੀਂ ਹੋਈ ਹੈ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਮਲੇਰਕੋਟਲਾ ਦੇ ਪਿੰਡ ਜਲਵਾਣਾ ਦੇ ਰਹਿਣ ਵਾਲੇ ਗੁਰਿੰਦਰ ਸਿੰਘ ਉਰਫ਼ ਗੁਰੀ ਅਤੇ ਉਸ ਦੇ ਸਾਥੀ ਗੁਰਮੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਕਾਲੇ ਰੰਗ ਦੀ ਮਾਰੂਤੀ ਸੁਜ਼ੂਕੀ ਆਲਟੋ ਕਾਰ ਵੀ ਬਰਾਮਦ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਲਾਸ਼ ਨੂੰ ਸੁੱਟ ਕੇ ਭਾਖੜਾ ਡੈਮ ਕੋਲ ਲਿਜਾ ਕੇ ਪਾਣੀ ਵਿੱਚ ਸੁੱਟ ਦਿੱਤਾ ਸੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੀਆਈਏ ਸਟਾਫ਼ ਪਿਛਲੇ ਤਿੰਨ ਮਹੀਨਿਆਂ ਤੋਂ ਮਾਮਲੇ ਦੀ ਜਾਂਚ ਕਰ ਰਿਹਾ ਸੀ। ਸੀਆਈਏ ਸਟਾਫ਼ ਨੂੰ ਉਸ ਦੇ ਸਾਥੀ ਗੁਰਿੰਦਰ ਸਿੰਘ ਉਰਫ਼ ਗੁਰੀ ’ਤੇ ਸ਼ੱਕ ਹੋਇਆ ਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਦੀ ਸੂਚਨਾ ’ਤੇ ਪੁਲਿਸ ਨੇ ਉਸ ਦੇ ਸਾਥੀ ਨੂੰ ਵੀ ਕਾਬੂ ਕਰ ਲਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਡੇਹਲੋਂ ਦੇ ਪਿੰਡ ਰਛੀਨ ਦੇ ਮ੍ਰਿਤਕ ਗੁਰਚਰਨ ਸਿੰਘ ਦੇ ਪੁੱਤਰ ਭੁਪਿੰਦਰ ਸਿੰਘ ਨੇ 10 ਫਰਵਰੀ ਨੂੰ ਪੁਲਿਸ ਕੋਲ ਪਹੁੰਚ ਕਰਕੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਪਿਤਾ ਦਾ ਗੁਰਿੰਦਰ ਸਿੰਘ ਉਰਫ ਗੁਰੀ ਨਾਲ ਸਾਂਝੇਦਾਰੀ ਵਿੱਚ ਸੂਰ ਦਾ ਫਾਰਮ ਸੀ। 23 ਜਨਵਰੀ ਨੂੰ ਉਸ ਦਾ ਪਿਤਾ ਖੇਤ ਜਾਣ ਲਈ ਘਰੋਂ ਨਿਕਲਿਆ ਸੀ ਤੇ ਲਾਪਤਾ ਹੋ ਗਿਆ। ਉਸ ਦਾ ਫ਼ੋਨ ਵੀ ਬੰਦ ਸੀ।

ਕਮਿਸ਼ਨਰ ਸਿੱਧੂ ਨੇ ਦੱਸਿਆ ਕਿ ਭੁਪਿੰਦਰ ਸਿੰਘ ਨੂੰ ਸ਼ੱਕ ਸੀ ਕਿ ਉਸ ਦੇ ਪਿਤਾ ਨੂੰ ਕਿਸੇ ਨੇ ਗੁਪਤ ਥਾਂ ‘ਤੇ ਰੱਖਿਆ ਹੋਇਆ ਹੈ। ਪੁਲੀਸ ਨੇ ਆਈਪੀਸੀ ਦੀ ਧਾਰਾ 346 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਾਅਦ ਵਿੱਚ 26 ਫਰਵਰੀ ਨੂੰ ਮਾਮਲੇ ਦੀ ਜਾਂਚ ਸੀਆਈਏ ਸਟਾਫ-1 ਨੂੰ ਸੌਂਪ ਦਿੱਤੀ ਗਈ ਸੀ।

ਜਾਂਚ ਦੌਰਾਨ ਪੁਲਿਸ ਨੇ ਪੈਸਿਆਂ ਦੇ ਝਗੜੇ ਨੂੰ ਲੈ ਕੇ ਗੁਰਚਰਨ ਸਿੰਘ ਦਾ ਕਤਲ ਕਰਨ ਦੇ ਦੋਸ਼ ਹੇਠ ਗੁਰਿੰਦਰ ਸਿੰਘ ਉਰਫ਼ ਗੁਰੀ ਅਤੇ ਉਸ ਦੇ ਸਾਥੀ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਨੇ 23 ਜਨਵਰੀ ਨੂੰ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਸੀ। ਉਨ੍ਹਾਂ ਨੇ ਲਾਸ਼ ਨੂੰ ਇੱਕ ਦਿਨ ਲਈ ਖੇਤ ਵਿੱਚ ਰੱਖਿਆ ਅਤੇ ਬਾਅਦ ਵਿੱਚ ਲਾਸ਼ ਨੂੰ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ ਗਿਆ।

ਉਨ੍ਹਾਂ ਨੇ ਉਸਦਾ ਮੋਟਰਸਾਈਕਲ ਕੈਂਡ ਪੁਲ ਨੇੜੇ ਨਹਿਰ ਵਿੱਚ ਸੁੱਟ ਦਿੱਤਾ। ਕਮਿਸ਼ਨਰ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਐਫਆਈਆਰ ਵਿੱਚ ਆਈਪੀਸੀ ਦੀਆਂ ਧਾਰਾਵਾਂ 302, 201, 120-ਬੀ ਅਤੇ 342 ਸ਼ਾਮਲ ਕੀਤੀਆਂ ਹਨ। ਲਾਸ਼ ਨੂੰ ਬਾਹਰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ।