ਅਬੋਹਰ ਤੋਂ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਜਿਥੇ ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਸ਼ਰਾਰਤੀ ਅਨਸਰਾਂ ਵੱਲੋਂ ਅਪਮਾਨ ਕੀਤਾ ਗਿਆ ਹੈ। ਇੰਨਾ ਹੀ ਨਹੀਂ ਉਨ੍ਹਾਂ ਦੇ ਹੱਥ ਵਿੱਚ ਫੜ੍ਹੀ ਬੰਦੂਕ ਵੀ ਚੋਰੀ ਕਰ ਲਈ ਗਈ ਹੈ। ਇਸ ਘਟਨਾ ‘ਤੇ ਸ਼ਹਿਰ ਦੀਆਂ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਡੂੰਘੇ ਰੋਸ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ | ਸੂਚਨਾ ਮਿਲਦੇ ਹੀ ਥਾਣਾ ਸਿਟੀ 1 ਦੇ ਇੰਚਾਰਜ ਸੁਨੀਲ ਕੁਮਾਰ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ।
ਸਟੇਸ਼ਨ ਇੰਚਾਰਜ ਨੇ ਕਿਹਾ ਕਿ ਸ਼ਹੀਦਾਂ ਦਾ ਅਪਮਾਨ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਦਾ ਜਲਦੀ ਹੀ ਪਤਾ ਲਗਾ ਲਿਆ ਜਾਵੇਗਾ ਅਤੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਵਰਨਣਯੋਗ ਹੈ ਕਿ ਹਾਲ ਹੀ ਵਿੱਚ ਇਸ ਬੁੱਤ ਦਾ ਉਦਘਾਟਨ ਸੂਬੇ ਦੇ ਕੈਬਨਿਟ ਮੰਤਰੀ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ‘ਆਪ’ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਸਮਾਜ ਦੇ ਨਾਇਕ ਹਨ ਅਤੇ ਇਸ ਕਾਰਨ ਹੀ ਉਹਨਾਂ ਦੀ ਕੁਰਬਾਨੀ ਕਿ ਅਸੀਂ ਅੱਜ ਵੀ ਜਿਉਂਦੇ ਹਾਂ।
ਹਲਕਾ ਇੰਚਾਰਜ ਅਰੁਣ ਨਾਰੰਗੇ ਨੇ ਕਿਹਾ ਕਿ ਸਾਨੂੰ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਸ਼ਹੀਦਾਂ ਦਾ ਇਸ ਤਰ੍ਹਾਂ ਦਾ ਅਪਮਾਨ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਕਿਸੇ ਵੀ ਗੁੰਡੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮੌਕੇ ’ਤੇ ਹੀ ਡੀਸੀ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।