Punjab Religion

ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਇਆ 763 ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।  ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਸ਼੍ਰੋਮਣੀ ਕਮੇਟੀ ਵਲੋਂ ਮੈਂਬਰ ਸੁਰਜੀਤ ਸਿੰਘ ਜੱਸਲ ਦੀ ਅਗਵਾਈ ਵਿਚ ਸਿੱਖ ਸ਼ਰਧਾਲੂਆਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ ਤੇ ਓ.ਐਸ.ਡੀ. ਸਤਬੀਰ ਸਿੰਘ ਧਾਮੀ ਵਲੋਂ ਜਥਾ ਲੀਡਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਜ਼ਿਕਰਯੋਗ ਹੈ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਨੂੰ ਪਾਕਿਸਤਾਨ ਦੂਤਾਵਾਸ ਵਲੋਂ ਕੇਵਲ 763 ਵੀਜੇ ਹੀ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰਨੀ ਸਿੱਖ ਸ਼ਰਧਾਲੂਆਂ ਲਈ ਵੱਡੇ ਭਾਗਾਂ ਵਾਲੀ ਗੱਲ ਹੈ। ਮੰਨਣ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਹਰ ਸਿੱਖ ਦੇ ਮਨ ਵਿਚ ਤਾਂਘ ਹੈ ਅਤੇ ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਨਹੀਂ ਲਗਦੇ ਉਨ੍ਹਾਂ ਦੇ ਮਨਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਖੁਲ੍ਹਦਿਲੀ ਨਾਲ ਵੀਜੇ ਮਿਲਣੇ ਚਾਹੀਦੇ ਹਨ। ਸ਼੍ਰੋਮਣੀ ਕਮੇਟੀ ਸਿੱਖ ਸ਼ਰਧਾਲੂਆਂ ਦੀ ਵੱਡੀ ਆਮਦ ਦੇ ਮੱਦੇ ਨਜ਼ਰ ਪਾਕਿਸਤਾਨ ਗੁਰਦੁਆਰਾ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ।

ਇਸੇ ਦੌਰਾਨ ਜਥੇ ਦੇ ਆਗੂ ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ 2244 ਸ਼ਰਧਾਲੂਆਂ ਵਿੱਚੋਂ 1481 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ, ਜਿਸ ਨਾਲ ਸਿੱਖ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜੀ ਹੈ।  ਜੱਸਲ ਨੇ ਦੱਸਿਆ ਕਿ ਸ਼ਰਧਾਲੂਆਂ ਦਾ ਇਹ ਜਥਾ 15 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ।

16 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਸੱਚਾ ਸੌਦਾ, ਮੰਡੀ ਚੂਹੜਕਾਨਾ (ਸ਼ੇਖੂਪੁਰਾ) ਵਿਖੇ ਨਤਮਸਤਕ ਹੋਵੇਗਾ। ਇਸੇ ਤਰ੍ਹਾਂ 17 ਨਵੰਬਰ ਨੂੰ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਅਤੇ 18 ਨਵੰਬਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ ਪਹੁੰਚਣਗੇ। 19 ਨਵੰਬਰ ਨੂੰ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਠਹਿਰੇਗਾ ਅਤੇ 20 ਨਵੰਬਰ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਪੁੱਜੇਗਾ, ਜਿਥੋਂ ਜਥੇ ਦੀ 23 ਨਵੰਬਰ ਨੂੰ ਭਾਰਤ ਵਾਪਸੀ ਹੋਵੇਗੀ

ਇਹ ਵੀ ਪੜ੍ਹੋ – ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ