‘ਦ ਖ਼ਾਲਸ ਬਿਊਰੋ : ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਅੱਜ ਮਿਤੀ 6 ਜੂਨ 2022, ਜੋ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅੰਤਿਮ ਮਿਤੀ ਸੀ, ਤੱਕ ਕੁੱਲ 21 ਉਮੀਦਵਾਰਾਂ ਵੱਲੋਂ ਆਪਣੇ ਕਾਗ਼ਜ਼ ਦਾਖ਼ਲ ਕਰਵਾਏ ਗਏ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 18 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਜਮਾਂ ਕਰਵਾਏ ਗਏ ਹਨ।
ਉਨਾਂ ਦੱਸਿਆ ਕਿ ਇਨਾਂ ਉਮੀਦਵਾਰਾਂ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਮਲਦੀਪ ਕੌਰ ਰਾਜੋਆਣਾ, ਭਾਰਤੀਯ ਜਨਤਾ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਤੇ ਕਰਨ ਇੰਦਰ ਸਿੰਘ ਢਿੱਲੋਂ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਦਲਵੀਰ ਸਿੰਘ ਤੇ ਸਿਮਰਤ ਕੌਰ, ਆਮ ਆਦਮੀ ਪਾਰਟੀ ਵੱਲੋਂ ਦਲਜੀਤ ਸਿੰਘ ਘੁਮਾਣ, ਅਪਨੀ ਏਕਤਾ ਪਾਰਟੀ ਵੱਲੋਂ ਹਸਨ ਮੁਹੰਮਦ ਅਤੇ ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕ੍ਰੇਟਿਕ) ਵੱਲੋਂ ਜਗਮੋਹਨ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ।
ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਇਨਾਂ ਪਾਰਟੀਆਂ ਦੇ ਉਮੀਦਵਾਰਾਂ ਤੋਂ ਇਲਾਵਾ ਪੱਪੂ ਕੁਮਾਰ, ਗਗਨਦੀਪ ਸਿੰਘ, ਜਗਪਾਲ ਸਿੰਘ, ਸ਼ਕਤੀ ਕੁਮਾਰ ਗੁਪਤਾ, ਰਤਨ ਲਾਲ, ਸੁਨੈਨਾ, ਕੁਲਵੀਰ ਸਿੰਘ, ਅਮਨਦੀਪ ਕੌਰ ਉੱਪਲ, ਬਾਬੂ ਰਾਮ ਓਝਾ ਅਤੇ ਭੁਪਿੰਦਰ ਸਿੰਘ ਬੀਰਵਲ ਵੱਲੋਂ ਆਜ਼ਾਦ ਉਮੀਦਵਾਰਾਂ ਵਜੋਂ ਆਪਣੇ ਕਾਗ਼ਜ਼ ਦਾਖ਼ਲ ਕੀਤੇ ਗਏ ਹਨ।
ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਅਤੇ ਇੱਕ ਆਜ਼ਾਦ ਉਮੀਦਵਾਰ ਅਜੇ ਕੁਮਾਰ ਵੱਲੋਂ ਨਾਮਜ਼ਦਗੀ ਪਰਚੇ ਭਰੇ ਗਏ ਸਨ। ਉਨਾਂ ਦੱਸਿਆ ਕਿ ਭਲਕੇ ਮਿਤੀ 7 ਜੂਨ 2022 ਨੂੰ ਉਮੀਦਵਾਰਾਂ ਵੱਲੋਂ ਜਮਾਂ ਕਰਵਾਏ ਗਏ ਨਾਮਜ਼ਦਗੀ ਪਰਚਿਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਮਿਤੀ 9 ਜੂਨ ਤੱਕ ਇਹ ਉਮੀਦਵਾਰ ਆਪਣੇ ਕਾਗ਼ਜ਼ ਵਾਪਸ ਲੈ ਸਕਣਗੇ।