Punjab

ਥਾਣੇ ‘ਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਗ੍ਰਿਫ਼ਤਾਰ…

A woman who took a bribe of Rs 20,000 to settle a marriage dispute in the police station was arrested by the Vigilance Bureau.

ਪਠਾਨਕੋਟ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਲਜੀਤ ਕੌਰ ਵਾਸੀ ਪਿੰਡ ਸਿੱਬਲ ਸਕੋਲ, ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਮਨਮੀਤ ਕੌਰ ਨੇ ਉਸਦੇ ਪਤੀ ਨਾਲ ਵਿਆਹ ਦੇ ਝਗੜੇ ਨੂੰ ਸੁਲਝਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ ਅਤੇ ਥਾਣਾ ਨਰੋਟ ਜੈਮਲ ਸਿੰਘ ਦੇ ਐੱਸਐੱਚਓ ਸਬ-ਇੰਸਪੈਕਟਰ ਅਜਵਿੰਦਰ ਸਿੰਘ ਦੇ ਨਾਮ ਉੱਪਰ 20-25 ਹਜ਼ਾਰ ਰੁਪਏ ਦੀ ਹੋਰ ਮੰਗ ਕਰ ਰਹੀ ਹੈ।

ਸ਼ਿਕਾਇਤਕਰਤਾ ਨੇ ਪੈਸੇ ਦੀ ਮੰਗ ਕਰਦੇ ਸਮੇਂ ਮੁਲਜ਼ਮਾਂ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮ ਮਨਮੀਤ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।