ਯਮੁਨਾਨਗਰ: ਹਰਿਆਣਾ ਦੇ ਯਮੁਨਾਨਗਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਹੈ। ਕਤਲ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪਰ ਹੁਣ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਸੀਸੀਟੀਵੀ ਤਸਵੀਰਾਂ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਕਿਸ ਤਰ੍ਹਾਂ ਕੁਝ ਬਦਮਾਸ਼ ਇੱਕ ਵਿਦਿਆਰਥੀ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਹੇ ਹਨ। ਤਸਵੀਰਾਂ ਯਮੁਨਾਨਗਰ ਦੇ ਫਰਕਪੁਰ ਇਲਾਕੇ ਦੀਆਂ ਦੱਸੀਆਂ ਜਾ ਰਹੀਆਂ ਹਨ। ਕੁੱਟਮਾਰ ਕਰਦੇ ਹੋਏ ਬਦਮਾਸ਼ਾਂ ਨੇ ਨੌਜਵਾਨ ਨੂੰ ਨਾਲੇ ਵਿੱਚ ਸੁੱਟ ਦਿੱਤਾ।
ਵਿਦਿਆਰਥੀ ਉਨ੍ਹਾਂ ਦੇ ਤਰਲੇ-ਮਿੰਨਤਾਂ ਕਰਦਾ ਰਿਹਾ ਪਰ ਬਦਮਾਸ਼ਾਂ ਨੇ ਉਸ ਦੀ ਇਕ ਨਾ ਸੁਣੀ ਅਤੇ ਵਾਰ-ਵਾਰ ਉਸ ‘ਤੇ ਲੱਤਾਂ-ਮੁੱਕੇ ਮਾਰਦੇ ਰਹੇ। ਰੌਲਾ ਸੁਣ ਕੇ ਆਸਪਾਸ ਦੇ ਲੋਕ ਘਰੋਂ ਬਾਹਰ ਆਏ ਤਾਂ ਉਨ੍ਹਾਂ ਹਮਲਾਵਰਾਂ ਨੂੰ ਰੋਕਿਆ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਨਾਲੇ ਵਿੱਚ ਡਿੱਗਿਆ ਵਿਦਿਆਰਥੀ ਜਦੋਂ ਕਾਫੀ ਦੇਰ ਤੱਕ ਨਾ ਉੱਠਿਆ ਤਾਂ ਲੋਕਾਂ ਨੇ ਉਸ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਨੌਜਵਾਨ ਦੀ ਹਾਲਤ ਕਾਫੀ ਨਾਜ਼ੁਕ ਸੀ, ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪਰ ਜਦੋਂ ਤੱਕ ਪੁਲਿਸ ਅਤੇ ਵਿਦਿਆਰਥੀ ਦੇ ਪਰਿਵਾਰ ਵਾਲੇ ਮੌਕੇ ‘ਤੇ ਪਹੁੰਚੇ, ਉਦੋਂ ਤੱਕ ਵਿਦਿਆਰਥੀ ਦੀ ਮੌਤ ਹੋ ਚੁੱਕੀ ਸੀ।ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਕਤਲ ਦਾ ਕੇਸ ਦਰਜ ਕਰਕੇ ਬਦਮਾਸ਼ਾਂ ਦੀ ਭਾਲ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਐਸਐਚਓ ਫਰਕਪੁਰ ਸ਼ਿਲਾਵੰਤੀ ਨੇ ਫੋਨ ‘ਤੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਦੀ ਮੰਨੀਏ ਤਾਂ ਝਗੜੇ ਦਾ ਕਾਰਨ ਕਿਸੇ ਗੱਲ ਨੂੰ ਲੈ ਕੇ ਆਪਸ ‘ਚ ਝਗੜਾ ਹੋ ਸਕਦਾ ਹੈ। ਪਰ ਸਾਰਾ ਖ਼ੁਲਾਸਾ ਬਦਮਾਸ਼ਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ ਹੀ ਹੋ ਸਕੇਗਾ।