‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ 18 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਰੇ ਦਾ ਚਾਲਬਾਜ਼ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ, ਦੋਵੇਂ ਹੀ ਪਾਖੰਡੀ ਪਾਰਟੀਆਂ ਹਨ। ਜਿਨ੍ਹਾਂ ਦੇ ਦੋਗਲੇ ਕਿਰਦਾਰ ਨੇ ਇਹ ਸਿੱਧ ਕਰ ਦਿੱਤਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨਾਂ ਪ੍ਰਤੀ ਇਨ੍ਹਾਂ ਦਾ ਕੋਈ ਸਰੋਕਾਰ ਨਹੀਂ ਹੈ।
ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, ”ਆਪ ਤੇ ਅਕਾਲੀ ਦਲ ਦੇ ਵਿਧਾਇਕਾਂ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ-ਅਸਮਾਨ ਦਾ ਅੰਤਰ ਹੈ।”
ਮੁੱਖ ਮੰਤਰੀ ਨੇ ਦੱਸਿਆ ਕਿ ਭਾਵੇਂ ਸ਼੍ਰੋਮਣੀ ਅਕਾਲੀ ਦਲ ਪਹਿਲੇ ਪੜਾਅ ‘ਤੇ ਖੇਤੀ ਆਰਡੀਨੈਂਸ ਲਾਗੂ ਵਿੱਚ ਸ਼ਾਮਲ ਸੀ ਅਤੇ ਦੂਜੇ ਪਾਸੇ ਦਿੱਲੀ ਵਿੱਚ ਆਪ ਸਰਕਾਰ ਨੇ ਇਨ੍ਹਾਂ ਘਾਤਕ ਖੇਤੀ ਕਾਨੂੰਨਾਂ ਵਿੱਚੋਂ ਇਕ ਨੂੰ ਤੁਰੰਤ ਹੀ ਲਾਗੂ ਕਰ ਦਿੱਤਾ।
ਦਿੱਲੀ ਵਿਧਾਨ ਸਭਾ ਵਿੱਚ ਕੇਜਰੀਵਾਲ ਦੀਆਂ ਨੌਟੰਕੀਆਂ ਦੀ ਖਿੱਲੀ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪ ਲੀਡਰ ਨੇ ਪਿਛਲੇ ਮਹੀਨੇ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਨੂੰ ਨੋਟੀਫਾਈ ਕਰਨ ਦੀ ਮਨਜ਼ੂਰੀ ਦੇ ਦਿੱਤੀ ਅਤੇ ਹੁਣ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਘਟੀਆ ਪੱਧਰ ਦੀ ਸਿਆਸਤ ਖੇਡੀ ਜਾ ਰਹੀ ਹੈ। ਕਿਸਾਨਾਂ ਦੇ ਮੁੱਦੇ ‘ਤੇ ਆਪ ਦੇ ਦੋਹਰੇ ਮਾਪਦੰਡਾਂ ਲਈ ਆਪ ਦੀ ਆਲੋਚਨਾ ਕਰਦਿਆਂ ਕਿਹਾ, ”ਇਸ ਤੋਂ ਪਤਾ ਲਗਦਾ ਹੈ ਕਿ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਬਾਹਰੀ ਕਿਰਦਾਰ ਲੋਕਾਂ ਵਿੱਚ ਕੁੱਝ ਹੋਰ ਹੈ ਅਤੇ ਅੰਦਰ ਪੂਰੀ ਤਰ੍ਹਾਂ ਮਾੜੇ ਇਰਾਦੇ ਪਾਲ ਰੱਖੇ ਹਨ।”