ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਪਾਰਟੀ ਦਾ ਸੂਬਾ ਕਾਰਜਕਾਰੀ ਮੁਖੀ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ 7 ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
‘ਆਪ’ ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ‘ਚ ਲਿਖਿਆ, ਨਵੇਂ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ..ਉਮੀਦ ਹੈ ਕਿ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰੋਗੇ…।
ਨਵੇਂ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ..ਉਮੀਦ ਹੈ ਕਿ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰੋਗੇ… pic.twitter.com/6diEqUtqEN
— Bhagwant Mann (@BhagwantMann) June 12, 2023
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਹਲਕਾ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ) ਨੂੰ ਅੱਜ ਪੰਜਾਬ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਚੇਅਰਮੈਨ ਜਗਰੂਪ ਸੇਖਵਾਂ ਪਾਰਟੀ ਦੇ ਸੁਬਾ ਜਨਰਲ ਸਕੱਤਰ ਬਣਾਏ ਗਏ ਹਨ।
ਆਪਣੀ ਇਸ ਨਿਯੁਕਤੀ ਤੇ ਗੱਲਬਾਤ ਕਰਦਿਆਂ ਐਮ ਐਲ ਏ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਤੇ ਤਹਿ ਦਿਲੋ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨਾਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਜ਼ਿਕਰਯੋਗ ਹੈ ਕਿ ਉਪਰੋਕਤ ਨਿਯੁਕਤ ਹੋਏ ਅਹੁਦੇਦਾਰ ਪਾਰਟੀ ਅਤੇ ਪੰਜਾਬ ਪ੍ਰਤੀ ਹਮੇਸ਼ਾ ਦਿਨ-ਰਾਤ ਮਿਹਨਤ ਕਰਨ ਲਈ ਜਾਣੇ ਜਾਂਦੇ ਹਨ। ਇਨ੍ਹਾਂ ਦੇ ਇਸੇ ਜ਼ਜ਼ਬੇ ਨੂੰ ਵੇਖਦਿਆਂ ਪਾਰਟੀ ਨੇ ਅੱਜ ਇਨ੍ਹਾਂ ਸ਼ਖ਼ਸੀਅਤਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਹੈ। ਦੂਜੇ ਪਾਸੇ ਇਸ ਮੌਕੇ ‘ਤੇ ਨਵ-ਨਿਯੁਕਤ ਹੋਏ ਆਗੂਆਂ ਨੇ ਉਨ੍ਹਾਂ ਉੱਪਰ ਵਿਖਾਏ ਭਰੋਸੇ ਅਤੇ ਯਕੀਨ ਲਈ ਪਾਰਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਹੈ ਕਿ ਉਹ ਪਾਰਟੀ ਵੱਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਮੇਸ਼ਾ ਪੰਜਾਬ ਦੀ ਤਰੱਕੀ ਲਈ ਤਤਪਰ ਰਹਿਣਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਾਰਟੀ ਹਾਈਕਮਾਂਡ ਵੱਲੋਂ ਸ਼ੈਰੀ ਕਲਸੀ ਨੂੰ ਮੱਧ ਪ੍ਰਦੇਸ਼ ਸੂਬੇ ਦਾ ਸਹਿ ਪ੍ਰਭਾਰੀ ਨਿਯੁਕਤ ਕੀਤਾ ਗਿਆ ਸੀ ਅਤੇ ਇਸ ਵੇਲੇ ਉਹ ਪਾਰਟੀ ਦੀ ਮਜ਼ਬੂਤੀ ਲਈ ਮੱਧ ਪ੍ਰਦੇਸ਼ ਵਿਖੇ ਗਏ ਹੋਏ ਹਨ। ਉਧਰ ਜਗਰੂਪ ਸੇਖਵਾਂ ਪਾਰਟੀ ਦੇ ਗੁਰਦਾਸਪੁਰ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਲ-ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵੀ ਹਨ। ਚੇਅਰਮੈਨ ਜਗਰੂਪ ਸੇਖਵਾਂ ਨੇ ਵੀ ਇਸ ਨਵੀਂ ਅਤੇ ਵੱਡੀ ਅਹੁਦੇਦਾਰੀ ਨਾਲ ਨਵਾਜਣ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ।