ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅੱਜ ਤਿਹਾੜ ਜੇਲ੍ਹ ਦੇ ਗੁਸਲਖ਼ਾਨੇ ’ਚ ਚੱਕਰ ਖਾ ਕੇ ਡਿੱਗ ਗਏ ਤੇ ਉਨ੍ਹਾਂ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੁਪਹਿਰ ਕਰੀਬ 12 ਵਜੇ ਤਬੀਅਤ ਵਿਗੜਨ ‘ਤੇ ਉਨ੍ਹਾਂ ਨੂੰ ਲੋਕ ਨਰਾਇਣ ਜੈ ਪ੍ਰਕਾਸ਼ ਹਸਪਤਾਲ (LNJP) ‘ਚ ਭੇਜ ਦਿੱਤਾ ਗਿਆ। ਫਿਲਹਾਲ ਉਨ੍ਹਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ।
ਤਿਹਾੜ ਦੇ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਸਵੇਰੇ ਕਰੀਬ 6 ਵਜੇ ਸਤੇਂਦਰ ਜੈਨ ਤਿਹਾੜ ਜੇਲ੍ਹ ਨੰਬਰ 7 ਦੇ ਮੈਡੀਕਲ ਇੰਸਪੈਕਸ਼ਨ ਰੂਮ ਦੇ ਬਾਥਰੂਮ ‘ਚ ਫਿਸਲ ਕੇ ਡਿੱਗ ਗਏ ਸੀ। ਇੱਥੇ ਜੈਨ ਨੂੰ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਨਿਗਰਾਨੀ ਹੇਠ ਰੱਖਿਆ ਗਿਆ ਸੀ। ਸ਼ੁਰੂਆਤੀ ਜਾਂਚ ਅਨੁਸਾਰ ਉਨ੍ਹਾਂ ਦੇ ਅੰਗ ਠੀਕ ਤਰ੍ਹਾਂ ਕੰਮ ਕਰ ਰਹੇ ਸਨ, ਪਰ ਜੈਨ ਨੇ ਆਪਣੀ ਪਿੱਠ, ਖੱਬੀ ਲੱਤ ਅਤੇ ਮੋਢੇ ਵਿਚ ਦਰਦ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਗਿਆ।
ਦੱਸ ਦੇਈਏ ਕਿ ਇੱਕ ਹਫ਼ਤੇ ਵਿੱਚ ਇਹ ਤੀਜੀ ਵਾਰ ਹੈ ਜਦੋਂ ਸਤਿੰਦਰ ਜੈਨ ਨੂੰ ਹਸਪਤਾਲ ਲਿਆਂਦਾ ਗਿਆ ਹੈ। ਇਸ ਤੋਂ ਪਹਿਲਾਂ 22 ਮਈ ਨੂੰ ਉਨ੍ਹਾਂ ਨੂੰ ਦਿੱਲੀ ਦੇ ਹੀ ਸਫਦਰਜੰਗ ਹਸਪਤਾਲ ਲਿਜਾਇਆ ਗਿਆ ਸੀ। ਉਸ ਸਮੇਂ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਵਿਚ ਸਮੱਸਿਆ ਹੋਈ ਸੀ। 20 ਮਈ ਨੂੰ ਵੀ ਇਸੇ ਪ੍ਰੇਸ਼ਾਨੀ ਕਾਰਨ ਉਸ ਨੂੰ ਦੀਨ ਦਿਆਲ ਹਸਪਤਾਲ ਲਿਆਂਦਾ ਗਿਆ ਸੀ।
ਜੈਨ ਮਨੀ ਲਾਂਡਰਿੰਗ ਮਾਮਲੇ ਵਿੱਚ ਪਿਛਲੇ ਸਾਲ ਮਈ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ।