The Khalas Tv Blog Punjab ‘ਆਪ’ ਆਗੂ ਲੱਕੀ ਓਬਰਾਏ ਦਾ ਗੋਲ਼ੀਆਂ ਮਾਰ ਕੇ ਕਤਲ! ਥਾਰ ਗੱਡੀ ’ਚ ਬੈਠੇ ਆਗੂ ’ਤੇ ਚਲਾਈਆਂ ਤਾਬੜਤੋੜ ਗੋਲ਼ੀਆਂ
Punjab

‘ਆਪ’ ਆਗੂ ਲੱਕੀ ਓਬਰਾਏ ਦਾ ਗੋਲ਼ੀਆਂ ਮਾਰ ਕੇ ਕਤਲ! ਥਾਰ ਗੱਡੀ ’ਚ ਬੈਠੇ ਆਗੂ ’ਤੇ ਚਲਾਈਆਂ ਤਾਬੜਤੋੜ ਗੋਲ਼ੀਆਂ

ਬਿਊਰੋ ਰਿਪੋਰਟ (ਜਲੰਧਰ, 6 ਫਰਵਰੀ 2026): ਜਲੰਧਰ ਸ਼ਹਿਰ ਵਿੱਚ ਸ਼ੁੱਕਰਵਾਰ ਸਵੇਰੇ ਆਮ ਆਦਮੀ ਪਾਰਟੀ (AAP) ਦੇ ਆਗੂ ਲੱਕੀ ਓਬਰਾਏ (52) ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਲੱਕੀ ਓਬਰਾਏ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਸਨ। ਸਕੂਟੀ ’ਤੇ ਆਏ ਹਮਲਾਵਰਾਂ ਨੇ ਉਨ੍ਹਾਂ ’ਤੇ ਤਾਬੜਤੋੜ ਫਾਇਰਿੰਗ ਕੀਤੀ, ਜਿਸ ਵਿੱਚ ਉਨ੍ਹਾਂ ਦੀ ਛਾਤੀ ’ਚ 5 ਅਤੇ ਸਿਰ ’ਚ 1 ਗੋਲ਼ੀ ਲੱਗੀ।

ਪੁਲਿਸ ਅਨੁਸਾਰ ਲੱਕੀ ਓਬਰਾਏ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ 7:15 ਵਜੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਜਦੋਂ ਉਹ ਮੱਥਾ ਟੇਕ ਕੇ ਬਾਹਰ ਨਿਕਲੇ ਅਤੇ ਆਪਣੀ ਥਾਰ (Thar) ਗੱਡੀ ਵਿੱਚ ਬੈਠਣ ਲੱਗੇ, ਤਾਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਐਕਟਿਵਾ ਸਵਾਰ ਹਮਲਾਵਰਾਂ ਨੇ ਉਨ੍ਹਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲ਼ੀਆਂ ਲੱਗਣ ਕਾਰਨ ਗੱਡੀ ਦੇ ਸ਼ੀਸ਼ੇ ਚਕਨਾਚੂਰ ਹੋ ਗਏ ਅਤੇ ਲੱਕੀ ਓਬਰਾਏ ਗੰਭੀਰ ਜ਼ਖ਼ਮੀ ਹੋ ਕੇ ਸੀਟ ’ਤੇ ਹੀ ਡਿੱਗ ਪਏ।

ਪਰਿਵਾਰਕ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੂੰ ਮਾਡਲ ਟਾਊਨ ਦੇ ਇੱਕ ਨਿੱਜੀ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੂੰ ਵਿਸ਼ਵਾਸ ਨਹੀਂ ਹੋਇਆ ਅਤੇ ਉਹ ਉਨ੍ਹਾਂ ਨੂੰ ਸ਼ਹਿਰ ਦੇ ਸ੍ਰੀ ਰਾਮ ਹਸਪਤਾਲ ਲੈ ਗਏ, ਪਰ ਉੱਥੇ ਵੀ ਡਾਕਟਰਾਂ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ।

ਪੁਲਿਸ ਦਾ ਬਿਆਨ

ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਏਡੀਸੀਪੀ (ADCP) ਜਯੰਤ ਪਰੀ ਨੇ ਦੱਸਿਆ ਕਿ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸ਼ਹਿਰ ਦੇ ਸਾਰੇ ਨਾਕਿਆਂ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਗੁਰਦੁਆਰਾ ਸਾਹਿਬ ਅਤੇ ਆਲੇ-ਦੁਆਲੇ ਲੱਗੇ ਹਾਈ-ਟੈਕ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।

Exit mobile version