India

‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਵੱਲੋਂ ਦਿੱਲੀ ਕੈਬਨਿਟ ਤੋਂ ਅਸਤੀਫਾ , CM ਕੇਜਰੀਵਾਲ ਨੇ ਕੀਤਾ ਮਨਜ਼ੂਰ

AAP leader Manish Sisodia and Satinder Jain resign from Delhi Cabinet, CM Kejriwal approves

ਦਿੱਲੀ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਕੈਬਿਨੇਟ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਵੱਲੋਂ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮਨੀਸ਼ ਸਿਸੋਦੀਆ ਤੇ ਸਤਿੰਦਰ ਜੈਨ ਦੋਵੇਂ ਵਿਵਾਦਾਂ ‘ਚ ਘਿਰੇ ਹੋਏ ਸਨ ਅਤੇ ਲੰਬੇ ਸਮੇਂ ਤੋਂ ਭਾਜਪਾ ਵੱਲੋਂ ਇਨ੍ਹਾਂ ਦੋਵਾਂ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ।

ਇਹ ਅਸਤੀਫਾ ਉਸ ਸਮੇਂ ਦਿੱਤਾ ਹੈ ਜਦੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਐਤਵਾਰ ਨੂੰ ਭ੍ਰਿਸ਼ਟਾਚਾਰ ਅਤੇ ਆਬਕਾਰੀ ਨੀਤੀ ਵਿੱਚ ਧਾਂਦਲੀ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤਾ ਸੀ । ਭਾਜਪਾ ਵੱਲੋਂ ਇਨ੍ਹਾਂ ਦੋਵਾਂ ਮੰਤਰੀਆਂ ਦੇ ਅਸਤੀਫੇ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਅਤੇ ਇਸ ਦੌਰਾਨ ਦਿੱਲੀ ਸਰਕਾਰ ਵਿੱਚ ਇਹ ਇੱਕ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਆਮ ਆਦਮੀ ਪਾਰਟੀ ਵੱਲੋਂ ਕਿਹਾ ਗਿਆ ਕਿ ਦਿੱਲੀ ਦੇ ਲੱਖਾਂ ਬੱਚਿਆਂ ਦੇ ਮਾਪੇ ਇਸ ਫੈਸਲੇ ਤੋਂ ਦੁਖੀ ਹਨ।

ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਕੁਝ ਸਮਾਂ ਪਹਿਲਾਂ ਹੀ ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਸ ਸਟੇਜ ‘ਤੇ ਦਖਲ ਨਹੀਂ ਦੇ ਸਕਦਾ । ਇਸ ਦੇ ਨਾਲ ਹੀ ਅਦਾਲਤ ਨੇ ਸਿਸੋਦੀਆ ਨੂੰ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਨ ਦੀ ਸਲਾਹ ਦਿੱਤੀ ਹੈ। ਮਨੀਸ਼ ਸਿਸੋਦੀਆ ਮਾਮਲੇ ‘ਚ ਸੁਪਰੀਮ ਕੋਰਟ ਤੋਂ ਰਾਹਤ ਨਾ ਮਿਲਣ ‘ਤੇ ‘ਆਪ’ ਦਾ ਬਿਆਨ ਵੀ ਸਾਹਮਣੇ ਆਇਆ ਹੈ। ਪਾਰਟੀ ਨੇ ਕਿਹਾ ਹੈ ਕਿ ਅਸੀਂ ਅਦਾਲਤ ਦਾ ਸਨਮਾਨ ਕਰਦੇ ਹਾਂ। ਅਸੀਂ ਹਾਈ ਕੋਰਟ ਜਾਵਾਂਗੇ।

ਦੱਸ ਦਈਏ ਕਿ ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ 2021-22 ਦੀ ਆਬਕਾਰੀ ਨੀਤੀ ਨੂੰ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਐਤਵਾਰ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਦੋਵਾਂ ਵਿਚ ਬੇਨਿਯਮੀਆਂ ਹੋਈਆਂ ਸਨ ਅਤੇ ਇਸ ਦਾ ਉਦੇਸ਼ ਕਥਿਤ ਤੌਰ ‘ਤੇ ‘ਆਪ’ ਨਾਲ ਜੁੜੇ ਲੋਕਾਂ ਨੂੰ ਫਾਇਦਾ ਪਹੁੰਚਾਉਣਾ ਸੀ। ਇਹ ਵਿਭਾਗ ਮਨੀਸ਼ ਸਿਸੋਦੀਆ ਕੋਲ ਹੀ ਸੀ।

ਪਿਛਲੇ ਸਾਲ ਜੂਨ ਵਿੱਚ ਦਿੱਲੀ ਦੇ ਤਤਕਾਲੀ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਦੋਸ਼ ਹੈ ਕਿ ਸਾਲ 2014-15 ‘ਚ ਜਦੋਂ ਸਤੇਂਦਰ ਜੈਨ ਮੰਤਰੀ ਦੇ ਅਹੁਦੇ ‘ਤੇ ਸਨ ਤਾਂ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਕੋਲਕਾਤਾ ਦੀਆਂ ਸ਼ੈੱਲ ਕੰਪਨੀਆਂ ਤੋਂ ਪੈਸੇ ਲਏ ਸਨ।