Punjab

ਨਵੀਂ ਕੈਬਨਿਟ ਕਿਵੇਂ ਕਰੇਗੀ ਪੰਜਾਬ ‘ਚ ਬਦਲਾਅ, ਇੱਥੇ ਪੜੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਦੇ ਨਵੇਂ ਕੈਬਨਿਟ ਮੰਤਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਰਾਜ ਭਵਨ ਚੰਡੀਗੜ ਵਿਖੇ ਆਪਣੇ ਅਹੁਦਿਆਂ ਦੀ ਸਹੁੰ ਚੁੱਕ ਲਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਸਹੁੰ ਚੁਕਾਈ ਹੈ। ਇਹਨਾਂ 10 ਮੰਤਰੀਆਂ ਵਿੱਚ 5 ਮਾਲਵਾ ਖੇਤਰ, 4 ਮਾਝਾ ਖੇਤਰ ਅਤੇ ਇੱਕ ਦੋਆਬਾ ਖੇਤਰ ਨਾਲ ਸੰਬੰਧਤ ਹਨ ਤੇ ਇਹਨਾਂ ਵਿੱਚ ਇੱਕ ਔਰਤ ਮੰਤਰੀ ਵੀ ਸ਼ਾਮਿਲ ਹੈ। ਦਿੜਬਾ ਤੋਂ ਹਰਪਾਲ ਸਿੰਘ ਚੀਮਾ, ਮਲੋਟ ਤੋਂ ਡਾ.ਬਲਜੀਤ ਕੌਰ, ਜੰਡਿਆਲਾ ਤੋਂ ਹਰਭਜਨ ਸਿੰਘ, ਮਾਨਸਾ ਤੋਂ ਡਾ.ਵਿਜੇ ਸਿੰਗਲਾ, ਭੋਆ ਤੋਂ ਲਾਲ ਚੰਦ ਕਟੋਰਚੱਕ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਬਰਾਮ ਸ਼ੰਕਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ।

ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੇਰੇ ਸਮਰਥਕ ਛੋਟਾ ਸੋਚ ਰਹੇ ਸੀ ਪਰ ਪਾਰਟੀ ਨੇ ਮੇਰੇ ਲਈ ਬਹੁਤ ਸੋਚਿਆ ਤੇ ਵੱਡੀ ਜ਼ਿੰਮੇਵਾਰ ਦਿੱਤੀ ਹੈ। ਹੁਣ ਮੇਰੇ ‘ਤੇ ਪੂਰੇ ਸੂਬੇ ਦੀ ਜ਼ਿਮੇਵਾਰੀ ਹੈ ਤੇ ਲੋਕਾਂ ਦੀ ਸੇਵਾ ਕਰਨੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਮਾਨਦਾਰੀ ਤੇ ਸਮਝਦਾਰੀ ਨਾਲ ਕੰਮ ਕਰਾਂਗੇ। ਸਾਡੀ ਲੜਾਈ ਪੰਜਾਬ ਵਿੱਚ ਚੱਲ ਰਹੇ ਭ੍ਰਿਸ਼ਟਾਚਾਰ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਬਸ ਇਮਾਨਦਾਰੀ ਹੀ ਹੈ, ਸਾਡੇ ਡੀਐੱਨਏ ਵਿੱਚ ਹੀ ਇਮਾਨਦਾਰੀ ਹੈ। ਭਗਵੰਤ ਸਿੰਘ ਮਾਨ ਨੇ ਮੈਨੂੰ ਇੱਕੋ ਗੱਲ ਕਹੀ ਕਿ ਪਾਰਟੀ ਤੁਹਾਡੇ ਉੱਤੇ ਵਿਸ਼ਵਾਸ ਕਰਨ ਲੱਗੀ ਹੈ। ਇਸ ਲਈ ਇਮਾਨਦਾਰੀ ਅਤੇ ਪੂਰੀ ਸਮਝ ਦੇ ਨਾਲ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮੰਤਰੀ ਲੋਕਾਂ ਦੀ ਸੇਵਾ ਕਰਨ ਆਏ ਹਨ ਅਤੇ ਉਨ੍ਹਾਂ ਨੂੰ ਲੋਕਾਂ ਦੀਆਂ ਦੁੱਖ ਤਕਲੀਫ਼ਾ ਦਾ ਪਤਾ ਹੈ। ਉਨ੍ਹਾਂ ਕਿਹਾ ਪੰਜਾਬ ਸਾਡੀ ਪਾਰਟੀ ਦੇ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੂਰੇ ਦੇਸ਼ ਵਿੱਚ ਫੈਲਾਉਣਾ ਹੈ। ਕੁਲਤਾਰ ਸਿੰਘ ਸੰਧਵਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਨਵੇਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਨੇ ਸਾਡੇ ਉੱਤੇ ਵੱਡਾ ਭਰੋਸਾ ਜਤਾਇਆ ਹੈ ਅਤੇ ਅਸੀਂ ਲੋਕਾਂ ਦੀਆਂ ਉਮੀਦਾਂ ਅਤੇ ਭਰੋਸੇ ‘ਤੇ ਖਰਾ ਉਤਾਰਾਂਗੇ। ਉਨ੍ਹਾਂ ਕਿਹਾ ਕਿ ਕੈਬਨਿਟ ਵਿੱਚ ਪਤਾ ਲੱਗੇਗਾ ਕਿ ਕਿਹੜਾ ਵਿਭਾਗ ਉਨ੍ਹਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਹਾਲੇ 10 ਮੈਂਬਰ ਦੇ ਨਾਂਅ ਸਾਹਮਣੇ ਆਏ ਹਨ, ਅਜੇ ਸੱਤ ਹੋਰ ਕੈਬਨਿਟ ਮੰਤਰੀਆਂ ਦੇ ਨਾਂ ਸਾਹਮਣੇ ਆਉਣਗੇ। ਚੀਮਾ ਦੀ ਬੇਟੀ ਨੇ ਇੱਕ ਪੱਤਰਕਾਰ ਦੇ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਿਤਾ ਤੋਂ ਤੋਹਫ਼ੇ ਵਜੋਂ ਪਿਆਰ ਚਾਹੀਦਾ ਹੈ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਾਰਟੀ ਨੇ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਡੇ ਤੋਂ ਬਹੁਤ ਉਮੀਦਾਂ ਹਨ ਅਤੇ ਅਸੀਂ ਪੂਰੀ ਕੋਸ਼ਿਸ਼ ਕਰਾਂਗੇ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰੀਏ। ਉਨ੍ਹਾਂ ਕਿਹਾ ਕਿ ਅਸੀਂ ਇਮਾਨਦਾਰੀ ਨਾਲ ਅਤੇ ਦਿਨ ਰਾਤ ਲੋਕਾਂ ਦੀ ਸੇਵਾ ਕਰਾਂਗੇ।

ਨਵੇਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜੋ ਪਾਰਟੀ ਜ਼ਿੰਮੇਵਾਰੀ ਦੇਵੇਗੀ, ਉਹ ਨਿਭਾਵਾਂਗੇ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਨੂੰ ਪਹਿਲ ਦੇ ਅਧਾਰ ‘ਤੇ ਸੁਧਾਰਾਂਗੇ। ਤੁਹਾਨੂੰ ਦੱਸ ਦੇਈਏ ਕਿ ਕੁਲਦੀਪ ਸਿੰਘ ਅਮਰੀਕਾ ਦੀ ਨਾਗਰਿਕਤਾ ਛੱਡ ਕੇ ਪੰਜਾਬ ਆਏ ਸਨ।

ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਰਗਾ ਬਣਾਉਣ ਦਾ ਦਾਅਵਾ ਕੀਤਾ ਹੈ। ਹਰਜੋਤ ਬੈਂਸ ਨੇ ਆਮ ਆਦਮੀ ਪਾਰਟੀ ਦਾ ਧਨੰਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਮੇਰੇ ਉੱਤੇ ਭਰੋਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦਾ ਪੰਜਾਬ ਬਣਾਵਾਂਗੇ ਤੇ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਬਣਾਵਾਂਗੇ। ਇਹ ਬਹੁਤ ਵੱਡੀ ਜ਼ਿੰਮੇਵਾਰੀ ਹੈ।

ਨਵੇਂ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਪਿਤਾ ਨੇ ਕਿਹਾ ਕਿ ਮੈਂ ਬਲਜੀਤ ਕੌਰ ਨੂੰ ਇਹੀ ਸਮਝਾਇਆ ਹੈ ਕਿ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਲੋਕਾਂ ਦੇ ਦੁੱਖ ਸੁਣ ਕੇ ਦੂਰ ਕਰਨੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਭਰੋਸਾ ਸੀ ਕਿ ਸਰਕਾਰ ਉਸਦੀ ਮਿਹਨਤ ਦਾ ਮੁੱਲ ਪਾਏਗੀ ਤੇ ਸਰਕਾਰ ਨੇ ਮੁੱਲ ਪਾਇਆ ਹੈ।

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੇ ਬਦਲਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪੰਜਾਬ ਦੇ ਸਭ ਤੋਂ ਵੱਡੇ ਲੀਡਰ ਹਰਾਏ ਹਨ। ਅਸੀਂ ਕੰਮ ਇਮਾਨਦਾਰੀ ਨਾਲ ਕੀਤਾ ਹੈ ਅਤੇ ਹਮੇਸ਼ਾ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਪਾਰਟੀ ਜੋ ਜ਼ਿੰਮੇਵਾਰੀ ਦੇਵੇਗੀ, ਉਹ ਪੂਰੀ ਤਨਦੇਹੀ ਨਾਲ ਨਿਭਾਵਾਂਗਾ।

ਕੈਬਨਿਟ ਮੰਤਰੀ ਵਿਜੇ ਸਿੰਗਲਾ ਨੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਸੀ ਕਿ ਮੰਤਰੀ ਬਣਾਂਗੇ। ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਨਾਲ ਲੈ ਕੇ ਚੱਲਾਂਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਵਾਂਗੇ। ਉਨ੍ਹਾਂ ਕਿਹਾ ਕਿ ਵਪਾਰ, ਕਿਸਾਨੀ, ਹਸਪਤਾਲ, ਭ੍ਰਿਸ਼ਟਾਚਾਰ ਤੇ ਹੋਰ ਕਈ ਮੁੱਦੇ ਹਨ, ਜਿਨ੍ਹਾਂ ਉੱਤੇ ਕੰਮ ਕਰਨਾ ਹੈ। ਉਨ੍ਹਾਂ ਕਿਹਾ ਆਪ ਦੇ ਸਾਰੇ ਵਿਧਾਇਕ ਹੀ ਮੰਤਰੀ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਮਾਨ ਨੇ ਕਿਹਾ ਕਿ ਸਾਰਾ ਪੰਜਾਬ ਅੱਜ ਭਗਵੰਤ ਮਾਨ ਦੇ ਨਾਲ ਖੜਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ ਤੇ ਅੱਗੇ ਵੀ ਕਰਦਾ ਰਹੇਗਾ। ਲੋਕ ਅਰਦਾਸਾਂ ਕਰ ਰਹੇ ਹਨ ਕਿ ਭਗਵੰਤ ਮਾਨ ਵਧੀਆ ਸੀਐੱਮ ਸਾਬਿਤ ਹੋਵੇ ਅਤੇ ਲੋਕਾਂ ਦੀ ਸੇਵਾ ਕਰੇ। ਉਨ੍ਹਾਂ ਨੇ ਸਾਰੇ ਪੰਜਾਬੀਆਂ ਦਾ ਧੰਨਵਾਦ ਕੀਤਾ। ਭਗਵੰਤ ਮਾਨ ਪੰਜਾਬ ਦੀ ਕਿਸੇ ਵੀ ਮਾਂ-ਭੈਣ ਦੀ ਅੱਖ ਵਿੱਚ ਅੱਥਰੂ ਨਹੀਂ ਆਉਣ ਦੇਣਗੇ।

ਉੱਧਰ ਜਿਨ੍ਹਾਂ ਵਿਧਾਇਕਾਂ ਨੂੰ ਕੈਬਨਿਟ ਵਿੱਚ ਜਗ੍ਹਾ ਨਹੀਂ ਮਿਲੀ, ਉਨ੍ਹਾਂ ਨੇ ਪਾਰਟੀ ਦੇ ਫੈਸਲੇ ਨਾਲ ਸਹਿਮਤ ਹੋਣ ਦਾ ਦਾਅਵਾ ਕੀਤਾ ਹੈ। ਵਿਧਾਇਕ ਬਲਜਿੰਦਰ ਕੌਰ ਨੇ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਫੈਸਲਾ ਪਾਰਟੀ ਦਾ ਹੈ ਤੇ ਪਾਰਟੀ ਦਾ ਫੈਸਲਾ ਸਿਰ ਮੱਥੇ ਹੈ। ਉਨ੍ਹਾਂ ਕਿਹਾ ਕਿ ਮੈਨੂੰ ਜੋ ਜ਼ਿੰਮੇਵਾਰੀ ਦਿੱਤੀ ਜਾਵੇਗੀ, ਨਿਭਾਵਾਂਗੀ। ਉਨ੍ਹਾਂ ਫੇਸਬੁੱਕ ਪੋਸਟ ਉੱਤੇ ਵੀ ਟਿੱਪਣੀ ਕਰਕੇ ਕਿਹਾ ਕਿ ਮੇਰੀ ਕੋਈ ਨਾਰਾਜ਼ਗੀ ਨਹੀਂ ਹੈ। ਦਰਅਸਲ, ਬਲਜਿੰਦਰ ਕੌਰ ਨੇ ਇੱਕ ਫੇਸਬੁੱਕ ਪੋਸਟ ਸਾਂਝੀ ਕੀਤੀ ਸੀ, ਜਿਸਨੂੰ ਉਨ੍ਹਾਂ ਦੀ ਆਪ ਪਾਰਟੀ ਨਾਲ ਨਰਾਜ਼ਗੀ ਨੂੰ ਜੋੜ ਕੇ ਵੇਖਿਆ ਜਾਣ ਲੱਗਾ। ਇਹ ਪੋਸਟ ਉਨ੍ਹਾਂ ਨੇ ਦੋ ਦਿਨ ਪਹਿਲਾਂ ਪਾਈ ਸੀ ਅਤੇ ਬਾਅਦ ਵਿੱਚ ਇਸ ਪੋਸਟ ਨੂੰ ਡਿਲੀਟ ਕਰ ਦਿੱਤਾ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਸੀ ਕਿ ਜਿੱਥੇ ਆਪਣਿਆਂ ਸਾਹਮਣੇ ਖੁਦ ਦੀ ਸੱਚਾਈ ਸਾਬਿਤ ਕਰਨੀ ਪਵੇ, ਉੱਥੇ ਅਸੀਂ ਬੁਰੇ ਹੀ ਠੀਕ ਹਾਂ। ਪਰ ਅੱਜ ਉਨ੍ਹਾਂ ਨੇ ਇਹ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪੋਸਟ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਉਨ੍ਹਾਂ ਦੀ ਪਾਰਟੀ ਦੇ ਨਾਲ ਕੋਈ ਨਰਾਜ਼ਗੀ ਨਹੀਂ ਹੈ। ਬਲਜਿੰਦਰ ਕੌਰ ਨੂੰ ਨਵੀਂ ਕੈਬਨਿਟ ਵਿੱਚ ਜਗ੍ਹਾ ਨਹੀਂ ਮਿਲੀ ਹੈ।

ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਮੰਤਰੀ ਬਣਨ ਜਾ ਰਹੇ ਵਿਧਾਇਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਦਾ ਜੋ ਫ਼ੈਸਲਾ ਹੋਵੇਗਾ, ਸਾਨੂੰ ਮਨਜ਼ੂਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਜੋ ਜ਼ਿੰਮੇਵਾਰੀ ਦੇਵੇਗੀ, ਨਿਭਾਵਾਂਗੇ।

ਅੰਮ੍ਰਿਤਸਰ ਤੋਂ ਆਪ ਵਿਧਾਇਕ ਜੀਵਨਜੋਤ ਕੌਰ ਨੇ ਕਿਹਾ ਕਿ ਸਾਡਾ ਟੀਚਾ ਆਪ ਦੀ ਸਰਕਾਰ ਬਨਾਉਣ ਦਾ ਸੀ, ਜੋ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਫੈਸਲੇ ਕੰਮ ਕਰਨ ਵਾਲਿਆਂ ਦੀ ਸਮਰੱਥਾ ਦੇਖ ਕੇ ਲੈਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬਰਾਬਰ ਹਾਂ।

ਆਪ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸ਼ਾਇਦ ਮੇਰੀ ਕਾਰਗੁਜ਼ਾਰੀ ਵਿੱਚ ਕੋਈ ਕਮੀ ਰਹਿ ਗਈ ਹੋਣੀ ਹੈ ਤਾਂ ਨਾਮ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੈਂ ਆਪਣੀ ਕਮੀਆਂ ਦੂਰ ਕਰਨ ਦੀ ਕੋਸ਼ਿਸ਼ ਕਰਾਂਗਾ। ਉਨ੍ਹਾਂ ਕਿਹਾ ਕਿ ਮੈਂ ਕੰਮ ਕਰਨ ਵਿੱਚ ਵਿਸ਼ਵਾਸ ਰੱਖਦਾ ਹਾਂ ਤੇ ਕੰਮ ਕਰਦਾ ਰਹਾਂਗਾ। ਉਨ੍ਹਾਂ ਕਿਹਾ ਕਿ ਪਾਰਟੀ ਜਿਹੜੀ ਜ਼ਿੰਮੇਵਾਰੀ ਦੇਵੇਗੀ, ਮੈਨੂੰ ਮਨਜ਼ੂਰ ਹੈ।

ਸਮਰਾਲਾ ਦੇ ਆਪ ਵਿਧਾਇਕ ਜਗਤਾਰ ਸਿੰਘ ਨੇ ਕਿਹਾ ਕਿ ਲਿਸਟ ਵਧੀਆ ਆਈ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਪਾਰਟੀ ਹਮੇਸ਼ਾ ਕੁੱਝ ਵੱਖਰਾ ਕਰਦੀ ਹੈ ਤੇ ਹੁਣ ਵੀ ਵੱਖਰਾ ਹੀ ਕੀਤਾ ਹੈ।