ਹਰਿਆਣਾ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਜਨਰਲ ਸਕੱਤਰ ਸੰਦੀਪ ਪਾਠਕ ਨੇ ਸਤਲੁਜ-ਯਮੁਨਾ ਲਿੰਕ (ਐੱਸ ਵਾਈ ਐਲ) ਨਹਿਰ ‘ਤੇ ਬਿਆਨ ਦੇ ਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦੇਖਣਾ ਕੇਂਦਰ ਦੀ ਜ਼ਿੰਮੇਵਾਰੀ ਹੈ ਕਿ ਸਾਰੇ ਰਾਜਾਂ ਨੂੰ ਉਨ੍ਹਾਂ ਦੇ ਹੱਕ ਅਨੁਸਾਰ ਪਾਣੀ ਮਿਲੇ। ਜੋ ਵੀ ਹਰਿਆਣਾ ਦਾ ਹੱਕ ਹੈ, ਹਰਿਆਣਾ ਨੂੰ ਮਿਲਣਾ ਚਾਹੀਦਾ ਹੈ, ਜੋ ਵੀ ਪੰਜਾਬ ਦਾ ਹੱਕ ਹੈ, ਪੰਜਾਬ ਨੂੰ ਮਿਲਣਾ ਚਾਹੀਦਾ ਹੈ। ਇਸ ਬਾਰੇ ਸਾਡਾ ਸਟੈਂਡ ਪੂਰੀ ਤਰ੍ਹਾਂ ਸਪਸ਼ਟ ਹੈ।
ਕਰਨਾਲ ਅਤੇ ਸਿਰਸਾ ਵਿੱਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਨੈਤਿਕ ਅਤੇ ਪ੍ਰਸ਼ਾਸਨਿਕ ਆਧਾਰ ’ਤੇ ਕੇਂਦਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਪੰਜਾਬ ‘ਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਘੇਰਦਿਆਂ ਉਨ੍ਹਾਂ ਨੂੰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪਸ਼ਟਕਰਨ ਲਈ ਕਿਹਾ ਹੈ ਕਿਉਂਕਿ ਮਾਨ ਨੇ ਖ਼ੁਦ ਕਿਹਾ ਹੈ ਕਿ ਉਨ੍ਹਾਂ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਦੀ ਇਕ ਬੂੰਦ ਵੀ ਨਹੀਂ ਹੈ।
ਐਸਵਾਈਐਲ ਦੇ ਸਵਾਲ ‘ਤੇ ਪਾਠਕ ਨੇ ਕਿਹਾ ਕਿ ਇਹ ਮੁੱਦਾ ਚੋਣਾਂ ਵੇਲੇ ਹੀ ਉਠਾਇਆ ਜਾਂਦਾ ਹੈ, ਬਾਅਦ ਵਿੱਚ ਇਹ ਕੋਈ ਮੁੱਦਾ ਨਹੀਂ ਹੈ। ਹਰ ਸੂਬੇ ਨੂੰ ਉਸ ਦਾ ਸਹੀ ਪਾਣੀ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਹੱਕ ਪੰਜਾਬ ਨੂੰ ਅਤੇ ਹਰਿਆਣਾ ਦਾ ਹੱਕ ਹਰਿਆਣਾ ਨੂੰ ਮਿਲਣਾ ਚਾਹੀਦਾ ਹੈ। ਜਦੋਂ ਕੇਂਦਰ, ਹਰਿਆਣਾ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਸੀ ਤਾਂ ਵੀ ਇਹ ਮਸਲਾ ਹੱਲ ਨਹੀਂ ਹੋਇਆ ਅਤੇ ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਵੀ ਇਹ ਮਸਲਾ ਜਿਉਂ ਦਾ ਤਿਉਂ ਹੀ ਰਿਹਾ। ਕੇਂਦਰ ਸਰਕਾਰ ਨੂੰ ਇਸ ਮੁੱਦੇ ਦਾ ਕੋਈ ਹੱਲ ਕੱਢਣਾ ਚਾਹੀਦਾ ਹੈ ਅਤੇ ਰਾਜਾਂ ਨੂੰ ਜੋ ਵੀ ਪਾਣੀ ਦਾ ਹੱਕ ਹੈ, ਉਹ ਮਿਲਣਾ ਚਾਹੀਦਾ ਹੈ।
ਸੰਦੀਪ ਪਾਠਕ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਨੂੰ ਬਣਦਾ ਹੱਕ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਮਿਲਜੁਲ ਕੇ ਇਸ ਦਾ ਹੱਲ ਕੱਢਾਂਗੇ। ਉਨ੍ਹਾਂ ਨੇ ਕਿਹਾ ਕਿ ਇਸ ਦਾ ਹੱਲ ਸੁਪਰੀਮ ਕੋਰਟ ਜਾਂ ਗੱਲਬਾਤ ਰਾਹੀਂ ਹੀ ਨਿਕਲੇਗਾ। ਰਾਜ ਸਭ ਮੈਂਬਰ ਦੇ ਇਸ ਬਿਆਨ ਤੋਂ ਬਾਅਦ ਸਿਆਸਤ ’ਚ ਇੱਕ ਵਾਰ ਫਿਰ ਗਰਮਾਹਟ ਲਿਆ ਦਿੱਤੀ ਹੈ।