India

ਆਪ ਆਗੂਆਂ ਨੇ ਰਾਈਸ ਮਿੱਲ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ,ਐਲਾਨੀ ਮੁਆਵਜ਼ਾ ਰਾਸ਼ੀ ਨੂੰ ਦੱਸਿਆ ਨਾਕਾਫ਼ੀ

ਕਰਨਾਲ : ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਗੁਪਤਾ ਅਤੇ ਸੀਨੀਅਰ ਆਗੂ ਅਸ਼ੋਕ ਤੰਵਰ ਕਰਨਾਲ ਦੇ ਤਰਾਵੜੀ ਸਥਿਤ ਸ਼ਿਵ ਸ਼ਕਤੀ ਰਾਈਸ ਮਿੱਲ ‘ਚ ਹੋਏ ਦਰਦਨਾਕ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਦੋਵਾਂ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਨੂੰ ਵੀ ਨਾਕਾਫ਼ੀ ਦੱਸਿਆ ਹੈ ਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਅਤੇ ਜ਼ਖ਼ਮੀਆਂ ਦੀ ਹਾਲਤ ਦੇਖ ਕੇ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ। ਉਨ੍ਹਾਂ ਮੈਡੀਕਲ ਕਾਲਜ ਵਿੱਚ ਇਲਾਜ ਦੀਆਂ ਸਹੂਲਤਾਂ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੂੰ ਇਸ ਪਾਸੇ ਧਿਆਨ ਦੇਣ ਦੀ ਵੀ ਅਪੀਲ ਕੀਤੀ।

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ‘ਆਪ’ ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਜਾਣਕਾਰੀ ਦਿੱਤੀ ਕਿ ਤਰਾਵੜੀ ‘ਚ ਸਵੇਰੇ ਹੋਏ ਹਾਦਸੇ ‘ਚ ਦਰਜਨਾਂ ਮਜ਼ਦੂਰ ਜ਼ਖਮੀ ਹੋਏ, ਜਿਨ੍ਹਾਂ ‘ਚੋਂ ਚਾਰ ਦੀ ਮੌਤ ਹੋ ਗਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਉਹ ਮੌਕੇ ’ਤੇ ਪੁੱਜੇ। ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਸਮਸਤੀਪੁਰ ਬਿਹਾਰ ਦੇ ਵਸਨੀਕ ਸਨ, ਜੋ ਤਰਾਵੜੀ ਵਿੱਚ ਕੰਮ ਕਰਕੇ ਪੈਸੇ ਘਰ ਭੇਜਦੇ ਸਨ। ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਚੱਲ ਰਿਹਾ ਸੀ।

‘ਆਪ’ ਦੇ ਸੀਨੀਅਰ ਆਗੂ ਅਸ਼ੋਕ ਤੰਵਰ ਨੇ ਸਵੇਰੇ ਵਾਪਰੇ ਇਸ  ਦਰਦਨਾਕ ਹਾਦਸੇ ਨੂੰ ਦੁਖਦਾਈ ਦੱਸਿਆ ਹੈ ਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਹਸਪਤਾਲਾਂ ਦੇ ਹਾਲਾਤਾਂ ਤੇ ਵੀ ਸਵਾਲ ਚੁੱਕੇ ਹਨ ਤੇ ਕਿਹਾ ਹੈ ਕਿ ਮੈਡੀਕਲ ਕਾਲਜ ਵਿੱਚ ਕੋਈ ਨਿਊਰੋਸਰਜਨ ਨਹੀਂ ਹੈ। ਮੁੱਖ ਮੰਤਰੀ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਲਾਨੀ ਗਈ ਮੁਆਵਜ਼ਾ ਰਾਸ਼ੀ ਬਹੁਤ ਘੱਟ ਹੈ। ਪੀੜਤ ਪਰਿਵਾਰ ਸਵੇਰ ਤੋਂ ਹੀ ਰੋ ਰਿਹਾ ਹੈ, ਜੇਕਰ ਪੋਸਟਮਾਰਟਮ ਹੋ ਗਿਆ ਹੈ ਤਾਂ ਰਿਸ਼ਤੇਦਾਰਾਂ ਨੂੰ ਦੇ ਦਿਓ ਤਾਂ ਜੋ ਉਹ ਘਰ ਜਾ ਕੇ ਸੰਸਕਾਰ ਦੀ ਤਿਆਰੀ ਕਰ ਸਕਣ।