The Khalas Tv Blog Punjab ਝੋਨੇ ਦੀ ਲਿਫ਼ਟਿੰਗ ਮੁੱਦੇ ਨੂੰ ਲੈ ਕੇ ‘ਆਪ’ ਦਾ ਪ੍ਰਦਰਸ਼ਨ, ਮੰਤਰੀ ਹਰਜੋਤ ਬੈਂਸ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
Punjab

ਝੋਨੇ ਦੀ ਲਿਫ਼ਟਿੰਗ ਮੁੱਦੇ ਨੂੰ ਲੈ ਕੇ ‘ਆਪ’ ਦਾ ਪ੍ਰਦਰਸ਼ਨ, ਮੰਤਰੀ ਹਰਜੋਤ ਬੈਂਸ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਦੀ ਢਿੱਲੀ ਲਿਫਟਿੰਗ ਨੂੰ ਲੈ ਕੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਈ ‘ਆਪ’ ਆਗੂਆਂ ਤੇ ਸਮਰਥਕਾਂ ਨੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਧਰਨਾਕਾਰੀ ਵਰਕਰਾਂ ਨੂੰ ਅੱਧ ਵਿਚਕਾਰ ਹੀ ਰੋਕ ਲਿਆ। ਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋਂ ਕੀਤੀ ਗਈ।

ਇਸ ਦੌਰਾਨ ਪੁਲਿਸ ਨੇ ‘ਆਪ’ ਦੇ 6 ਮੰਤਰੀਆਂ, ਕਈ ਵਿਧਾਇਕਾਂ ਤੇ ਸਮਰਥਕਾਂ ਨੂੰ ਹਿਰਾਸਤ ਵਿੱਚ ਲਿਆ। ਫਿਲਹਾਲ ਪ੍ਰਦਰਸ਼ਨ ਨੂੰ ਖਤਮ ਕਰ ਦਿੱਤਾ ਗਿਆ ਹੈ। ਪੁਲਿਸ ਦੀ ਇਸ ਕਾਰਵਾਈ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਪੱਗ ਵੀ ਸਿਰ ਤੋਂ ਉਤਰ ਗਈ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅਸੀਂ ਕੇਂਦਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਝੋਨੇ ਦੀ ਲਿਫਟਿੰਗ ਜਲਦੀ ਸ਼ੁਰੂ ਕੀਤੀ ਜਾਵੇ ਨਹੀਂ ਤਾਂ ਉਨ੍ਹਾਂ ਨੂੰ ਸੰਘਰਸ਼ ਹੋਰ ਤੇਜ਼ ਕਰਨਾ ਪਵੇਗਾ। ਮੰਤਰੀ ਲਾਲ ਚੰਦ ਭੁੱਲਰ ਨੇ ਕਿਹਾ ਕਿ ਅਸੀਂ ਕਿਸਾਨਾਂ ਲਈ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਵੇ ਤਾਂ ਵੀ ਪਿੱਛੇ ਨਹੀਂ ਹਟਾਂਗੇ।

ਅੱਜ ਇੱਥੇ ਰੋਸ ਮੁਜ਼ਾਹਰਾ ਕੀਤਾ ਗਿਆ। ਜੇਕਰ ਉਨ੍ਹਾਂ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨਾ ਪਿਆ ਤਾਂ ਉਹ ਪਿੱਛੇ ਨਹੀਂ ਹਟਣਗੇ। ਉਸ ਦਾ ਕਹਿਣਾ ਹੈ ਕਿ ਜੇਕਰ ਕਿਸਾਨ ਪ੍ਰੇਸ਼ਾਨ ਰਹਿੰਦੇ ਹਨ ਤਾਂ ਸਾਡੇ ਮੰਤਰੀ ਬਣਨ ਦਾ ਕੋਈ ਫਾਇਦਾ ਨਹੀਂ। ਜੇਕਰ ਕੇਂਦਰ ਪੈਸੇ ਭੇਜਣ ਦੀ ਗੱਲ ਕਰ ਰਿਹਾ ਹੈ ਤਾਂ ਇਸ ਨੇ ਆਪਣਾ ਫਰਜ਼ ਨਿਭਾਇਆ ਹੈ। ਪੰਜਾਬ ਸਰਕਾਰ ‘ਤੇ ਕਿਸੇ ਨੇ ਕੋਈ ਮਿਹਰ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਨੀਤੀ ਵਿੱਚ ਸਪੱਸ਼ਟ ਹੈ ਕਿ ਨਵੀਂ ਫ਼ਸਲ ਆਉਣ ਤੋਂ ਪਹਿਲਾਂ ਪੁਰਾਣੀ ਫ਼ਸਲ ਦੀ ਚੁਕਾਈ ਕੀਤੀ ਜਾਵੇਗੀ, ਪਰ ਅਜਿਹਾ ਨਹੀਂ ਹੋਇਆ।

‘ਆਪ’ ਆਗੂਆਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਝੋਨੇ ਦੀ ਲਿਫਟਿੰਗ ਦੇ ਮੁੱਦੇ ’ਤੇ ਸ਼ੁਰੂ ਤੋਂ ਹੀ ਗੰਭੀਰ ਰਹੀ ਹੈ। ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਪੰਜਾਬ ਦਾ ਫੂਡ ਸਪਲਾਈ ਵਿਭਾਗ ਮਾਰਚ ਤੋਂ ਐਫਸੀਆਈ ਅਤੇ ਕੇਂਦਰੀ ਮੰਤਰਾਲੇ ਨੂੰ ਪੱਤਰ ਲਿਖ ਰਿਹਾ ਸੀ।

ਦੂਜੇ ਪਾਸੇ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ‘ਆਪ’ ਦੇ ਪ੍ਰਦਰਸ਼ਨ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਢੁੱਕਵੇਂ ਪ੍ਰਬੰਧ ਕੀਤੇ ਹੁੰਦੇ ਤਾਂ ਇਹ ਹਾਲਾਤ ਨਾ ਹੁੰਦੇ। ਉਨ੍ਹਾਂ ‘ਆਪ’ ਆਗੂਆਂ ਨੂੰ ਮੰਡੀਆਂ ਵਿੱਚ ਜਾਣ ਦੀ ਸਲਾਹ ਦਿੱਤੀ।

Exit mobile version