India Punjab Religion

ਪੰਜਾਬ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ’ਚ ਕਿਉਂ ਨਹੀਂ ਪੁੱਜੇ PM ਮੋਦੀ ਤੇ ਰਾਸ਼ਟਰਪਤੀ? ‘ਆਪ’ ਨੇ ਚੁੱਕੇ ਸਵਾਲ

ਬਿਊਰੋ ਰਿਪੁੋਰਟ (ਚੰਡੀਗੜ੍ਹ, 26 ਨਵੰਬਰ 2025): ਆਮ ਆਦਮੀ ਪਾਰਟੀ (ਆਪ) ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸਮਾਗਮਾਂ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਦੀ ਗੈਰ-ਹਾਜ਼ਰੀ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ।

‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਮੁੱਦੇ ’ਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਇਨ੍ਹਾਂ ਇਤਿਹਾਸਕ ਸਮਾਗਮਾਂ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰਾਸ਼ਟਰਪਤੀ ਸਮੇਤ ਸਮੂਹ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਨਿੱਜੀ ਤੌਰ ’ਤੇ ਸੱਦਾ ਭੇਜਿਆ ਸੀ। ਇਸਦੇ ਬਾਵਜੂਦ, ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਪੰਜਾਬ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਨਹੀਂ ਹੋਏ।

ਅਮਨ ਅਰੋੜਾ ਨੇ ਇਸ ਫ਼ਰਕ ਨੂੰ ਉਜਾਗਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹਰਿਆਣਾ ਸਰਕਾਰ ਵੱਲੋਂ ਕੁਰੂਕਸ਼ੇਤਰ ਵਿੱਚ ਆਯੋਜਿਤ ਸਮਾਗਮਾਂ ਵਿੱਚ ਹਾਜ਼ਰੀ ਭਰ ਸਕਦੇ ਹਨ, ਪਰ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਦੁਆਰਾ ਕਰਵਾਏ ਗਏ ਮੁੱਖ ਸਮਾਗਮ ਵਿੱਚ ਨਹੀਂ ਪਹੁੰਚੇ। ਪ੍ਰਧਾਨ ਮੰਤਰੀ ਦਾ ਇਹ ਰਵੱਈਆ ਉਨ੍ਹਾਂ ਦੀ ਪੰਜਾਬ ਪ੍ਰਤੀ ਨਫ਼ਰਤ ਨੂੰ ਦਰਸਾਉਂਦਾ ਹੈ।


ਮੰਤਰੀ ਅਰੋੜਾ ਨੇ ਅੱਗੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਪ੍ਰੋਗਰਾਮ 25 ਅਕਤੂਬਰ ਤੋਂ ਦਿੱਲੀ ਸਥਿਤ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਕੀਤੇ ਸਨ, ਜੋ ਕਿ ਪੂਰਾ ਮਹੀਨਾ ਜਾਰੀ ਰਹੇ।