ਚੰਡੀਗੜ੍ਹ ਦੇ ਸਾਬਕਾ ਮੇਅਰ ਤੇ ਪੰਜਾਬ ਦੇ ਵੱਡੇ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਪ੍ਰਦੀਪ ਛਾਬੜਾ ਅੱਜ ਇਸ ਫਾਨੀ ਜਹਾਨ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੱਜ ਪੀਜੀਆਈ ਵਿੱਚ ਦੇਹਾਂਤ ਹੋ ਗਿਆ ਹੈ। ਉਹ ਚੰਡੀਗੜ੍ਹ ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ ਮੰਨੇ ਜਾਂਦੇ ਸਨ।
ਚੰਡੀਗੜ੍ਹ ਨਗਰ ਨਿਗਮ ਵਿੱਚ ਉਨ੍ਹਾਂ ਦੀ ਮੌਤ ’ਤੇ ਮੌਨ ਧਾਰਿਆ ਗਿਆ ਹੈ। ਅੱਜ ਚੰਡੀਗੜ੍ਹ ਨਗਰ ਨਿਗਮ ਦੀ ਹਾਊਸ ਮੀਟਿੰਗ ਵਿੱਚ ਭਾਜਪਾ ਦੇ ਕੌਂਸਲਰ ਕੰਵਰਜੀਤ ਰਾਣਾ ਨੇ ਕਿਹਾ ਕਿ ਪ੍ਰਦੀਪ ਛਾਬੜਾ ਚੰਡੀਗੜ੍ਹ ਦੇ ਸਾਬਕਾ ਮੇਅਰ ਰਹਿ ਚੁੱਕੇ ਹਨ। ਇਸ ਲਈ ਉਨ੍ਹਾਂ ਦੇ ਸਨਮਾਨ ਵਿੱਚ ਅੱਜ ਦੀ ਮੀਟਿੰਗ ਰੱਦ ਕਰ ਦਿੱਤੀ ਜਾਵੇ।
ਇਸ ਨੂੰ ਲੈ ਕੇ ਸਦਨ ਦੀ ਮੀਟਿੰਗ ਵਿੱਚ ਬਹਿਸ ਸ਼ੁਰੂ ਹੋ ਗਈ। ਜਾਣਕਾਰੀ ਅਨੁਸਾਰ ਅੱਜ ਮੀਟਿੰਗ ਵਿੱਚ ਅਨਿਲ ਮਸੀਹ ਵੀ ਪਹੁੰਚ ਗਏ ਹਨ। ਉਨ੍ਹਾਂ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਅਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੌਂਸਲਰਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ।