Punjab

“ਪੁਲਿਸ ਦਾ ਮਨੋਬਲ ਤੋੜਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼,ਬੌਖਲਾਹਟ ਵਿੱਚ ਆ ਕੇ ਗੈਂਗਸਟਰ ਕਰ ਰਹੇ ਹਨ ਇਸ ਤਰਾਂ ਦੀਆਂ ਕਾਰਵਾਈਆਂ”ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ : ਆਪ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਤਰਨਤਾਰਨ ਹਮਲੇ ਦੀ ਸਾਜਿਸ਼ ਨੂੰ ਪੁਲਿਸ ਦਾ ਮਨੋਬਲ ਤੋੜਨ ਦੀ ਸਾਜ਼ਿਸ਼ ਦੱਸਿਆ ਹੈ ਤੇ ਕਿਹਾ ਹੈ ਕਿ ਇੱਕ ਅਜਿਹੇ ਕਾਇਰਾਨਾ ਹਮਲੇ ਪੰਜਾਬੀਅਤ ਨੂੰ ਹਰਾ ਨਹੀਂ ਸਕਦੇ।

ਇਸ ਹਮਲੇ ਨਾਲ ਪੁਲਿਸ ਦਾ ਮਨੋਬਲ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਪੁਲਿਸ ਲਗਾਤਾਰ ਗੈਂਗਸਟਰਾਂ ਖਿਲਾਫ਼ ਕਾਰਵਾਈ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ ਤੇ ਅਜਿਹੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਆਪਣੇ ਵੀਡੀਓ ਸੰਦੇਸ਼ ਵਿੱਚ ਉਹਨਾਂ ਕਿਹਾ ਹੈ ਕਿ ਜਦੋਂ ਤੋਂ ਮਾਨ ਸਰਕਾਰ ਨੇ ਗੈਂਗਸਟਰਾਂ ਦੇ ਖਿਲਾਫ਼ ਕਾਰਵਾਈ ਸ਼ੁਰੂ ਕੀਤੀ ਹੈ,ਉਦੋਂ ਤੋਂ ਉਹ ਬੌਖਲਾਹਟ ਵਿੱਚ ਆ ਗਏ ਹਨ ਤੇ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇ ਰਹੇ ਹਨ। ਇਸ ਤਰਾਂ ਦੀਆਂ ਕਾਰਵਾਈਆਂ ਪੰਜਾਬ ਪੁਲਿਸ ਦੇ ਮਨੋਬਲ ਤੋੜਨ ਲਈ ਕੀਤੀਆਂ ਜਾ ਰਹੀਆਂ ਹਨ।

ਪਰ ਮੌਜੂਦਾ ਸਰਕਾਰ ਕੋਈ ਲਿਹਾਜ ਨਹੀਂ ਕੀਤਾ ਜਾਵੇਗਾ ਤੇ ਇਸ ਸਬੰਧ ਵਿੱਚ ਪੰਜਾਬ ਪੁਲਿਸ ਨੂੰ ਵੀ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਪੰਜਾਬ ਦੀ ਅਮਨ ਸ਼ਾਂਤੀ ਦੇ ਨਾਲ ਕਿਸੇ ਵੀ ਤਰਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਜ਼ਰੂਰ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪਹਿਲਾਂ ਮੁਹਾਲੀ ਤੇ ਹੁਣ ਤਰਨਤਾਰਨ ਵਿੱਚ ਹੋਏ ਆਰਪੀਜੀ ਹਮਲੇ ਤੋਂ ਬਾਅਦ ਸੂਬੇ ਵਿੱਚ ਪੈਦਾ ਹੋਈ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਪ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਬਣੀ ਹੋਈ ਹੈ।