‘ਦ ਖ਼ਾਲਸ ਬਿਊਰੋ : ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਕਿਹਾ ਕਿ ਨਜਾਇਜ਼ ਕਬਜ਼ਿਆਂ ਵਾਲੀਆਂ ਜ਼ਮੀਨਾਂ ‘ਤੇ ਵਾਪਸ ਸਰਕਾਰ ਦਾ ਕਬਜ਼ਾ ਹੋਣ ਲੱਗਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਲੋਕਾਂ ਨੇ ਪੰਜਾਬ ਦਾ ਪਹਿਰੇਦਾਰ ਬਣਾਇਆ ਤਾਂ ਸਰਕਾਰੀ ਸੰਪੱਤੀ ਦੀ ਸਾਂਭ ਸੰਭਾਲ ਦੀ ਜ਼ਿਮੇਵਾਰੀ ਵੀ ਮੁੱਖ ਮੰਤਰੀ ਮਾਨ ਦੀ ਹੀ ਬਣਦੀ ਹੈ। ਕੰਗ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਨੇ ਉਨ੍ਹਾਂ ਤੇ ਕਾਰਵਾਈ ਹੋਵੇਗੀ।
ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਇੱਕ ਕਹਾਵਤ ਸੁਣਾਦਿਆਂ ਕਿਹਾ ਕਿ “ ਲੈ ਲਾ ਤੂੰ ਸਰਪੰਚੀ ਵੇ ਸਰਕਾਰੀ ਪੈਸਾ ਖਾਵਾਂਗੇ ” । ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਬਣਨ ‘ਤੇ ਲੋਕਾਂ ਵੱਲੋਂ ਇਹ ਬਿਉਂਤਬੰਦੀਆਂ ਬਣਾਈਆਂ ਜਾਂਦੀਆਂ ਸਨ ਸਰਕਾਰ ਦਾ ਹਿੱਸਾ ਬਣ ਕੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਦਾ ਫਾਇਦਾ ਕਿਵੇਂ ਲਿਆ ਜਾਵੇ। ਕੰਗ ਨੇ ਪਿਛਲੀਆਂ ਸਰਕਾਰਾਂ ‘ਤੇ ਵਰਦਿਆਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਚਾਹੇ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸੀ ਜਾਂ ਫਿਰ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਸੀ ਇਨ੍ਹਾਂ ਦੋਹਾਂ ਸਰਕਾਰਾਂ ਦੇ ਰਾਜ ਵਿੱਚ ਪੰਜਾਬ ਦੀਆਂ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਨੂੰ ਵੱਡੇ ਪੱਧਰ ‘ਤੇ ਲੁਟਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦੋਹਾਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਸਰਕਾਰੀ ਜ਼ਮੀਨਾਂ ਦੀ ਲੁਟ ਕਸੁੱਟ ਕੀਤੀ ਹੈ। ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੇ ਫੈਸਲਾਂ ਲਿਆ ਅਤੇ ਪੰਜਾਬ ਦੀ ਸਿਆਸਤ ਵਿੱਚ ਬਦਲਾਅ ਲਿਆ ਕੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ।
ਕੰਗ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ੇ ਵਾਲੀਆਂ ਜ਼ਮੀਨਾਂ ਸਰਕਾਰ ਨੂੰ ਵਾਪਸ ਆਉਣ ਲੱਗੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਿਆਂ ਦੀ ਜਾਂਚ ਦੇ ਹੁਕਮ ਦਿੱਤੇ ਸੀ। ਇਸ ਦੇ ਨਾਲ ਹੀ 5000 ਏਕੜ ਪੰਚਾਇਤੀ ਜ਼ਮੀਨ ਖਾਲੀ ਕਰਵਾਉਣ ਦੀ ਮੁਹਿੰਮ ਚਲਾਈ ਗਈ ਸੀ। ਸਰਕਾਰ ਨੇ ਪਹਿਲੇ ਪੜਾਅ ਵਿੱਚ 31 ਮਈ 2022 ਤੱਕ 5000 ਏਕੜ ਪੰਚਾਇਤੀ ਜ਼ਮੀਨ ਤੋਂ ਇੱਕ ਮਹੀਨੇ ਦੇ ਅੰਦਰ-ਅੰਦਰ ਕਬਜ਼ਿਆਂ ਨੂੰ ਹਟਾਉਣ ਦਾ ਟੀਚਾ ਮਿਥਿਆ ਸੀ।
ਜਿਸ ਦੇ ਤਹਿਤ ਹਲਕਾ ਸਾਹਨੇਵਾਲ ਵਿਖੇ 15 ਸਾਲਾਂ ਤੋਂ 60 ਕਿੱਲੇ ਜ਼ਮੀਨ ਉੱਤੇ ਤਕਰੀਬਨ 18 ਵਿਅਕਤੀਆਂ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਗਿਆ ਸੀ। ਇਸ ਨਜਾਇਜ ਕਬਜ਼ੇ ਨੂੰ ਅਫ਼ਸਰਾਂ ਅਤੇ ਅਧਿਕਾਰੀਆਂ ਦੀ ਮੌਜੂਦਗੀ ਚ ਛੁਡਵਾਇਆ ਗਿਆ ਹੈ। ਉਨਾਂ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਮਾਨ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸਾਫ ਸ਼ਬਦਾਂ ਵਿਚ ਆਖ ਦਿੱਤਾ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਨੂੰ ਅਪੀਲ ਹੈ ਕਿ 31 ਮਈ ਤੱਕ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਹਵਾਲੇ ਕਰ ਦੇਣ .ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਹਨ।
ਇਸਦੇ ਨਾਲ ਹੀ ਕੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਢੇ 9 ਸਾਲ ਤੱਕ ਮੁੱਖ ਮੰਤਰੀ ਰਹੇ ਉਨ੍ਹਾਂ ਨੇ ਪੰਜਾਬ ਦਾ ਭਲਾ ਨਹੀਂ ਕਰ ਸਕੇ ਅਤੇ ਆਪਣੇ ਸਿਸਵਾਂ ਫਾਰਮ ਹਾਊਸ ਵਰਗੇ ਮਹਿਲ ਖੜ੍ਹੇ ਕਰ ਲਏ। ਲੋਕਾਂ ਨੇ ਉਨ੍ਹਾਂ ਨੂੰ ਸਹੀ ਰਾਸਤਾ ਦਿਖਾਇਆ ਹੈ।
ਕੰਗ ਨੇ ਕਿਹਾ ਕਿ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨਾਲ ਪੰਜਾਬ ਸਰਕਾਰ ਹੁਣ ਸਖ਼ਤੀ ਨਾਲ ਪੇਸ਼ ਆਵੇਗੀ ਅਤੇ ਕਿਸੇ ਨੂੰ ਨਹੀਂ ਬਖਸ਼ਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ ਅਤੇ ਸਰਕਾਰੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰੇਗੀ।