ਚੰਡੀਗੜ੍ਹ : 2000 ਕਰੋੜ ਦੇ ਟਰਾਂਸਪੋਰਟੇਸ਼ਨ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate ) ਨੇ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਸੀਲ ਕੀਤੇ ਬੈਂਕ ਲਾਕਰਾਂ ਵਿੱਚੋਂ 4 ਕਿਲੋ ਸੋਨੇ ਦੇ ਗਹਿਣੇ ਜ਼ਬਤ ਕੀਤੇ ਹਨ। ਇਨ੍ਹਾਂ ਦੀ ਕੀਮਤ ਕਰੀਬ 2.12 ਕਰੋੜ ਰੁਪਏ ਹੈ।
ਏਜੰਸੀ ਦੇ ਸੀਨੀਅਰ ਅਧਿਕਾਰੀਆਂ ਦੇ ਅਨੁਸਾਰ, ਟੀਮ ਨੇ 4 ਸਤੰਬਰ ਨੂੰ ਲੁਧਿਆਣਾ ਵਿੱਚ ਬੈਂਕ ਲਾਕਰ ਜ਼ਬਤ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) 2002 ਦੇ ਉਪਬੰਧਾਂ ਦੇ ਤਹਿਤ ਤਲਾਸ਼ੀ ਲਈ।
ਇਸ ਤੋਂ ਪਹਿਲਾਂ 24 ਅਗਸਤ ਨੂੰ ਈਡੀ ਨੇ ਭਾਰਤ ਭੂਸ਼ਣ ਆਸ਼ੂ ਅਤੇ ਉਸ ਦੇ ਸਾਥੀਆਂ ਦੇ ਲੁਧਿਆਣਾ, ਮੋਹਾਲੀ, ਨਵਾਂਸ਼ਹਿਰ, ਜਲੰਧਰ ਅਤੇ ਅੰਮ੍ਰਿਤਸਰ ਵਿੱਚ 25 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ 6.5 ਕਰੋੜ ਰੁਪਏ ਜ਼ਬਤ ਕੀਤੇ ਗਏ। ਬੈਂਕ ਦੇ ਲਾਕਰ ਫਰੀਜ਼ ਕਰ ਦਿੱਤੇ ਗਏ। ਹੁਣ ਇਸ ਮਾਮਲੇ ਵਿੱਚ ਜ਼ਬਤ ਅਤੇ ਫਰੀਜ਼ ਕੀਤੀ ਗਈ ਕੁੱਲ ਰਕਮ 8.6 ਕਰੋੜ ਰੁਪਏ ਹੋ ਗਈ ਹੈ।
ED has seized approx. 4 kgs of gold bullion & gold jewelry worth ₹2.12 Crore (approx.) on 4.09.2023 during search operation conducted under provisions of PMLA, 2002 for the bank lockers in Ludhiana belonging to the accused persons and their associates in Punjab Tender Scam case.
— ED (@dir_ed) September 5, 2023
ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਆਸ਼ੂ ਅਤੇ ਉਸ ਦੇ ਸਾਥੀਆਂ ਨੇ ਵਿਭਾਗ ਨਾਲ ਹੇਰਾਫੇਰੀ ਕਰਕੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਭਾਗ ਦੀਆਂ ਟੀਮਾਂ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬਰਾਮਦ ਕੀਤੇ ਗਏ ਸੋਨੇ ਦਾ ਹਿਸਾਬ ਲੈਣ ਲਈ ਵਿਭਾਗ ਜਲਦੀ ਹੀ ਦੋਸ਼ੀਆਂ ਨੂੰ ਨੋਟਿਸ ਕਰ ਰਿਹਾ ਹੈ।
ਪੰਜਾਬ ਸਰਕਾਰ ਨੇ ਆਸ਼ੂ ਖ਼ਿਲਾਫ਼ ਲੁਧਿਆਣਾ ਸਮੇਤ ਹੋਰ ਥਾਵਾਂ ’ਤੇ ਕੇਸ ਦਰਜ ਕੀਤੇ ਹਨ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਾਰਤ ਭੂਸ਼ਣ ਅਧੀਨ ਰਹੇ ਵਿਭਾਗ ਵਿੱਚ ਟਰਾਂਸਪੋਰਟ ਟੈਂਡਰ ਘੁਟਾਲੇ ਸਬੰਧੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ 16 ਅਗਸਤ 2022 ਨੂੰ ਕੇਸ ਦਰਜ ਕੀਤਾ ਗਿਆ ਸੀ । ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ 2022 ਨੂੰ ਆਸ਼ੂ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਤੋਂ ਗ੍ਰਿਫਤਾਰ ਕੀਤਾ ਸੀ। ਕਰੀਬ 8 ਦਿਨਾਂ ਦੇ ਵਿਜੀਲੈਂਸ ਰਿਮਾਂਡ ਤੋਂ ਬਾਅਦ ਆਸ਼ੂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਉਹ ਜ਼ਮਾਨਤ ‘ਤੇ ਬਾਹਰ ਹੈ।
ਆਸ਼ੂ ਅਤੇ ਉਸਦੇ ਸਾਥੀਆਂ ‘ਤੇ ਕਥਿਤ ਤੌਰ ‘ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸੀਵੀਸੀ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਰਾਹੀਂ ਮੰਤਰੀ (ਆਸ਼ੂ) ਤੱਕ ਪਹੁੰਚ ਕਰਨ ਵਾਲੇ ਠੇਕੇਦਾਰਾਂ ਨੂੰ ਟੈਂਡਰ ਦੇਣ ਦਾ ਦੋਸ਼ ਹੈ।
ਅਜਿਹੇ ‘ਚ ਆਸ਼ੂ ‘ਤੇ ਦੋਸ਼ ਹੈ ਕਿ ਉਸ ਦੇ ਪੱਖਪਾਤ ਕਰਕੇ ਅਲਾਟ ਹੋਏ ਠੇਕੇਦਾਰਾਂ ਨੂੰ ਨਾਜਾਇਜ਼ ਫਾਇਦਾ ਪਹੁੰਚਾਇਆ ਗਿਆ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ। ਪੰਜਾਬ ਸਰਕਾਰ ਵਿੱਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਰਹਿ ਚੁੱਕੇ ਆਸ਼ੂ ਇਸ ਸਮੇਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਨ।