ਚੰਡੀਗੜ੍ਹ : ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਪੰਜਾਬ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ 10 ਸਰਹੱਦੀ ਜ਼ਿਲਿਆਂ ‘ਚ ਆਪਰੇਸ਼ਨ ਸੀਲ-3 ਚਲਾਇਆ ਗਿਆ। ਇੱਕ ਦਿਨ ਵਿੱਚ 40 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 49 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 95 ਲੱਖ ਰੁਪਏ ਵੀ ਜ਼ਬਤ ਕੀਤੇ ਗਏ ਹਨ।
ਪੁਲਿਸ ਨੂੰ ਪੰਜਾਬ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਸਬੰਧੀ ਖੁਫੀਆ ਜਾਣਕਾਰੀ ਮਿਲੀ ਹੈ। ਜਿਸ ਦੇ ਆਧਾਰ ‘ਤੇ ਪੰਜਾਬ ਪੁਲਿਸ ਨੇ 4 ਰਾਜਾਂ ਦੀ ਸਰਹੱਦ ਅਤੇ ਪਾਕਿ ਸਰਹੱਦ ਨਾਲ ਲੱਗਦੇ ਇਲਾਕਿਆਂ ‘ਚ ਅੰਤਰਰਾਜੀ ਨਾਕਾਬੰਦੀ ਕੀਤੀ ਹੋਈ ਹੈ। ਸ਼ਨੀਵਾਰ ਸਵੇਰ ਤੋਂ ਹੀ ਪੰਜਾਬ ਪੁਲਿਸ ਸਾਰੇ ਵਾਹਨਾਂ ਦੀ ਚੈਕਿੰਗ ਕਰ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬ ਭਰ ਵਿੱਚ ਕਰੀਬ 5750 ਵਾਹਨਾਂ ਦੀ ਚੈਕਿੰਗ ਕੀਤੀ ਗਈ। ਜਿਸ ਵਿੱਚ 329 ਦੇ ਕਰੀਬ ਚਲਾਨ ਕੀਤੇ ਗਏ, 25 ਤੋਂ ਵੱਧ ਵਾਹਨ ਜ਼ਬਤ ਕੀਤੇ ਗਏ। ਦੱਸ ਦੇਈਏ ਕਿ ਇਹ ਆਪਰੇਸ਼ਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ‘ਤੇ ਕੀਤਾ ਗਿਆ ਸੀ। ਚੈਕਿੰਗ ਦੌਰਾਨ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ 49 ਦੇ ਕਰੀਬ ਤਸਕਰਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ 30 ਕਿਲੋ ਭੁੱਕੀ, 374 ਗ੍ਰਾਮ ਹੈਰੋਇਨ, 500 ਗ੍ਰਾਮ ਚਰਸ, 350 ਲੀਟਰ ਲਾਹਣ, 263 ਲੀਟਰ ਸ਼ਰਾਬ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਪਰੇਸ਼ਨ ਸੀਲ-3 ਤਹਿਤ ਕਰੀਬ 40 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਹ ਸਾਰੀ ਬਰਾਮਦਗੀ ਪੁਲਿਸ ਵੱਲੋਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤੀ ਗਈ।
ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਆਪਰੇਸ਼ਨ ਸੀਲ ਤਹਿਤ ਪੰਜਾਬ ਪੁਲਿਸ ਨੇ 4 ਰਾਜਾਂ ਨਾਲ ਲੱਗਦੇ 10 ਦੇ ਕਰੀਬ ਜ਼ਿਲ੍ਹਿਆਂ ਵਿੱਚ ਅੰਤਰਰਾਜੀ ਨਾਕਾਬੰਦੀ ਕੀਤੀ ਹੋਈ ਹੈ। ਇਹ ਜ਼ਿਲ੍ਹੇ ਪੰਜਾਬ ਦੇ ਨਾਲ ਲੱਗਦੇ ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਹਨ। ਪੁਲਿਸ ਮੰਨ ਰਹੀ ਹੈ ਕਿ ਤਸਕਰ ਪੰਜਾਬ ਰਾਹੀਂ ਇਨ੍ਹਾਂ ਰਾਜਾਂ ਵਿੱਚ ਆਸਾਨੀ ਨਾਲ ਦਾਖ਼ਲ ਹੋ ਜਾਂਦੇ ਹਨ, ਜਿਸ ਕਾਰਨ ਪੰਜਾਬ ਪੁਲਿਸ ਨੇ ਚਾਰੇ ਸੂਬਿਆਂ ਦੀ ਪੁਲਿਸ ਨਾਲ ਤਾਲਮੇਲ ਕਰਕੇ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ।
ਪੰਜਾਬ ਪੁਲਿਸ ਦੀਆਂ ਟੀਮਾਂ ਸਰਹੱਦੀ ਖੇਤਰ ਵਿੱਚ ਤਾਇਨਾਤ ਹਨ। ਹਰ ਵਾਹਨ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਿਸੇ ਵੀ ਨਾਗਰਿਕ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾ ਰਿਹਾ ਹੈ। ਅਜਿਹਾ ਇਸ ਲਈ ਕਿਉਂਕਿ ਤਸਕਰ ਜਾਅਲੀ ਨੰਬਰ ਪਲੇਟਾਂ ਲਗਾ ਕੇ ਚੋਰੀ ਦੇ ਵਾਹਨਾਂ ਦੀ ਤਸਕਰੀ ਕਰ ਰਹੇ ਹਨ, ਜਿਸ ਕਾਰਨ ਪੁਲਿਸ ਨੇ ਹਰ ਵਾਹਨ ਦੀ ਚੈਕਿੰਗ ਕਰਨ ਦਾ ਫੈਸਲਾ ਕੀਤਾ ਹੈ।