ਬਿਊਰੋ ਰਿਪੋਰਟ: ਪੰਜਾਬ ਵਿਜੀਲੈਂਸ ਬਿਊਰੋ ਨੇ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਚੱਲ ਰਹੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕੀਤੀ ਹੈ। ਬਿਊਰੋ ਨੇ (ਆਰਟੀਏ) ਗੁਰਦਾਸਪੁਰ, ਸਟੇਟ ਇੰਸਟੀਚਿਊਟ ਆਫ਼ ਆਟੋਮੋਬਾਈਲ ਐਂਡ ਡਰਾਈਵਿੰਗ ਸਕਿੱਲ ਸੈਂਟਰ, ਮਾਹੂਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਰਮਚਾਰੀਆਂ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੰਮ ਕਰਨ ਵਾਲੇ ਪ੍ਰਾਈਵੇਟ ਦਸਤਾਵੇਜ਼ ਏਜੰਟਾਂ ਵਿਚਕਾਰ ਮਿਲੀਭੁਗਤ ਦਾ ਪਤਾ ਲਗਾਇਆ ਹੈ।
ਇਸ ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਨੇ 7 ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਅਨੁਸਾਰ, ਪਠਾਨਕੋਟ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ ਮਿਲੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਆਰਟੀਏ, ਗੁਰਦਾਸਪੁਰ ਵਿੱਚ ਡੇਟਾ ਐਂਟਰੀ ਆਪਰੇਟਰ ਪ੍ਰਤਿਭਾ ਸ਼ਰਮਾ ਵਿਰੁੱਧ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਗਈ। ਹੁਣ ਤੱਕ ਦੀ ਜਾਂਚ ਦੇ ਆਧਾਰ ’ਤੇ, ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਪੁਲਿਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ, ਆਈਪੀਸੀ ਅਤੇ ਆਈਟੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।