Punjab

ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵਿਰੁੱਧ ਵੀ ਹੋਵੇ ਕਾਰਵਾਈ – ਰਾਜਾ ਵੜਿੰਗ

ਬਿਊਰੋ ਰਿਪੋਰਟ (ਤਰਨਤਾਰਨ, 30 ਅਕਤੂਬਰ 2025): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੋਵਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਦੋਸ਼ੀ ਠਹਿਰਾਇਆ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਵਧਣ ਅਤੇ ਫੈਲਣ ਦਿੱਤਾ ਹੈ।

ਇਸ ਦੌਰਾਨ ਉਨ੍ਹਾਂ ਨੇ ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ, ਜਿਹੜੇ ਇਨ੍ਹਾਂ (ਗੈਂਗਸਟਰਾਂ) ਦੇ ਨਾਮ ’ਤੇ ਲੋਕਾਂ ਨੂੰ ਧਮਕਾਉਣ ਅਤੇ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਲਈ ਆਪਣੀ ਮੁਹਿੰਮ ਦੌਰਾਨ ਪੱਤਰਕਾਰਾਂ ਨਾਲ ਇਕ ਗੈਰ-ਰਸਮੀ ਗੱਲਬਾਤ ਦੌਰਾਨ, ਵੜਿੰਗ ਨੇ ਗੈਂਗਸਟਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ, ਤਾਂ ਜੋ ਇਨ੍ਹਾਂ ਨੂੰ ਪੰਜਾਬ ਨੂੰ ਇੱਕ ਅਰਾਜਕ ਅਤੇ ਕਾਨੂੰਨਹੀਣ ਸ਼ਾਸਨ ਵਿੱਚ ਬਦਲਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਪੰਜਾਬ ਨੂੰ ‘ਜੰਗਲ ਰਾਜ’ ਵਿੱਚ ਨਹੀਂ ਬਦਲਣ ਦੇ ਸਕਦੇ ਅਤੇ ਜਲਦੀ ਹੀ ਸਖ਼ਤ ਤੋਂ ਸਖ਼ਤ ਕਦਮ ਨਾ ਚੁੱਕੇ ਗਏ, ਤਾਂ ਅਜਿਹੇ ਹਾਲਾਤ ਬਣ ਸਕਦੇ ਹਨ। ਉਨ੍ਹਾਂ ਨੇ ਵਾਅਦਾ ਕੀਤਾ ਕਿ ਇੱਕ ਵਾਰ ਕਾਂਗਰਸ ਸਰਕਾਰ ਬਣਨ ਤੋਂ ਬਾਅਦ, ਅਸੀਂ ਪੰਜਾਬ ਵਿੱਚੋਂ ਅਪਰਾਧ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਲਈ ਇੱਕ ਛੋਟੀ ਸਮਾਂ ਸੀਮਾ ਨਿਰਧਾਰਤ ਕਰਾਂਗੇ।

ਵੜਿੰਗ ਨੇ ਕਿਹਾ ਕਿ ਜਿੱਥੇ ‘ਆਪ’ ਗੈਂਗਸਟਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਅਸਫ਼ਲ ਰਹਿਣ ਦੇ ਗੁਨਾਹ ਲਈ ਦੋਸ਼ੀ ਹੈ। ਉੱਥੇ ਹੀ, ਅਕਾਲੀ ਦਲ ਨਾ ਸਿਰਫ਼ ਗੈਂਗਸਟਰਾਂ ਨਾਲ ਸਹਿਯੋਗ ਕਰਕੇ, ਸਗੋਂ ਵੋਟਰਾਂ ਨੂੰ ਡਰਾਉਣ ਅਤੇ ਧਮਕਾਉਣ ਲਈ ਉਨ੍ਹਾਂ ਦੇ ਨਾਮ ਦੀ ਵਰਤੋਂ ਕਰਕੇ ਦੇ ਅਪਰਾਧ ਲਈ ਵੀ ਦੋਸ਼ੀ ਹੈ।

ਉਨ੍ਹਾਂ ਸੁਝਾਅ ਦਿੱਤਾ ਕਿ ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਜਿਹੜੇ ਗੈਂਗਸਟਰਾਂ ਦੇ ਨਾਮ ਦੀ ਵਰਤੋਂ ਕਰਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਾਫ ਤੌਰ ’ਤੇ ਤਰਨ ਤਾਰਨ ਵਿੱਚ ਹੋ ਰਿਹਾ ਹੈ, ਜਿੱਥੇ ਅਕਾਲੀ ਉਮੀਦਵਾਰ ਯੂਕੇ ਸਥਿਤ ਇੱਕ ਗੈਂਗਸਟਰ ਦੇ ਇਸ਼ਾਰੇ ’ਤੇ ਲੋਕਾਂ ਨੂੰ ਡਰਾ ਤੇ ਧਮਕਾ ਰਿਹਾ ਹੈ, ਜਿਹੜਾ ਗੈਂਗਸਟਰ ਉਸਦਾ ਇੱਕ ਨਜ਼ਦੀਕੀ ਰਿਸ਼ਤੇਦਾਰ ਹੈ।

ਜਦਕਿ ਇਹ ਪੁੱਛੇ ਜਾਣ ’ਤੇ ਕਿ ਉਹ ਕੀ ਕਾਰਵਾਈ ਸੁਝਾਉਣਗੇ, ਵੜਿੰਗ ਨੇ ਟਿੱਪਣੀ ਕੀਤੀ ਕਿ ਗੰਭੀਰ ਸਥਿਤੀਆਂ ਅਤੇ ਚੁਣੌਤੀਆਂ ਲਈ ਗੈਰ-ਰਵਾਇਤੀ ਅਤੇ ਲਾਈਨ ਤੋਂ ਹੱਟ ਕੇ ਹੱਲ ਕੱਢਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੱਕ ਵਾਰ ਜਦੋਂ 2027 ਵਿੱਚ ਕਾਂਗਰਸ ਪੰਜਾਬ ਵਿੱਚ ਸਰਕਾਰ ਬਣਾਉਂਦੀ ਹੈ, ਤਾਂ ਉਹ ਦਿਖਾਏਗੀ ਕਿ ਪੰਜਾਬ ਵਿੱਚੋਂ ਗੈਂਗਸਟਰ ਕਲਚਰ ਨੂੰ ਸਮਾਂਬੱਧ ਤਰੀਕੇ ਨਾਲ ਕਿਵੇਂ ਖ਼ਤਮ ਕੀਤਾ ਜਾਵੇ।