ਮੁੱਖ ਮੰਤਰੀ ਭਗਵੰਤ ਮਾਨ ( CM Bhagwant Mann ) ਨੇ ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਨੂੰ ਸਖ਼ਤ ਤਾੜਨਾ ਕਰਦਿਆਂ ਅਜਿਹੀਆਂ ਸਿੱਖਿਆ ਸੰਸਥਾਵਾਂ ਦੀ ਮਾਨਤਾ ਭੰਗ ਕਰਨ ਵਰਗੀ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਦੇ ਉੱਪਰ ਪਾਬੰਦੀ ਲਾਉਣਗੀਆਂ, ਉਨ੍ਹਾਂ ਸੰਸਥਾਵਾਂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿੱਚ ਪੰਜਾਬੀ ਬੋਲਣ ਦੇ ਉੱਪਰ ਜੁਰਮਾਨੇ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗੈਰ-ਵਾਜਬ ਹੈ ਕਿਉਂਕਿ ਸੂਬੇ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਦੀ ਮਾਂ-ਬੋਲੀ ਪੰਜਾਬੀ ਹੈ। ਭਗਵੰਤ ਮਾਨ ਨੇ ਅਜਿਹੀਆਂ ਸਿੱਖਿਆ ਸੰਸਥਾਵਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਅਜਿਹੇ ਜੁਰਮਾਨੇ ਲਗਾਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ।
ਪੰਜਾਬੀ ਭਾਸ਼ਾ ਪੰਜਾਬੀਆਂ ਦੀ ਮਾਂ-ਬੋਲੀ ਹੈ, ਇਸ ਲਈ ਅਜਿਹਾ ਵਰਤਾਰਾ ਬਰਦਾਸ਼ਤ ਕਰਨ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ’ਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ, ਇਸ ਲਈ ਪੰਜਾਬ ਨੂੰ ਨਾ ਸਿਰਫ਼ ਦੇਸ਼, ਬਲਕਿ ਦੁਨੀਆ ਭਰ ਵਿੱਚ ਅੱਵਲ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਂਦਿਆਂ, ਸਰਕਾਰ ਨਾਲ ਮੋਢਾ ਜੋੜ ਕੇ ਕੰਮ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਨੌਜਵਾਨਾਂ ਦੀ ਅਥਾਹ ਤਾਕਤ ਤੇ ਹੁਨਰ ਦਾ ਭੰਡਾਰ ਹੈ, ਜਿਹੜਾ ਸਮਾਜ ਵਿੱਚ ਉਸਾਰੂ ਤਬਦੀਲੀ ਲਿਆਉਣ ਲਈ ਹਮੇਸ਼ਾ ਪ੍ਰੇਰਕ ਵਜੋਂ ਕੰਮ ਕਰਦਾ ਹੈ। ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰ ਵਿਕਾਸ ਦੀ ਸਿੱਖਿਆ ਦੇਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਦਯੋਗਾਂ ਲਈ ਹੁਨਰਮੰਦ ਮਨੁੱਖੀ ਸ਼ਕਤੀ ਤਿਆਰ ਕੀਤੀ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਰੁਜ਼ਗਾਰ ਦੇ ਵਧੇਰੇ ਸਾਧਨ ਮੁਹੱੱਈਆ ਕਰਵਾਉਣ ਲਈ ਪੰਜਾਬ ਜਲਦੀ ਹੀ ਇੰਡਸਟਰੀ ਹੱਬ ਬਣਨ ਜਾ ਰਿਹਾ ਹੈ। ਇੱਥੇ ਵੱਡੀ ਪੱਧਰ ਦੀਆਂ ਕਈ ਕੌਮਾਂਤਰੀ ਫਰਮਾਂ ਨਿਵੇਸ਼ ਕਰਨ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਫਕੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਧਰਤੀ ਹੈ, ਜਿਨ੍ਹਾਂ ਪੰਜਾਬੀਆਂ ਨੂੰ ਜਬਰ-ਜੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦੀ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਰ ਇੱਕ ਸੰਕਟ ਤੋਂ ਬਾਅਦ ਜੇਤੂ ਹੋ ਕੇ ਨਿੱਕਲਿਆ ਹੈ ਅਤੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ।