‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਨੂੰ ਕੱਲ੍ਹ ਪੁਰਾਤੱਤਵ ਵਿਭਾਗ ਨਾਲ ਜੁੜੇ ਕੇਸ ਵਿੱਚੋਂ ਵੀ ਜ਼ਮਾਨਤ ਮਿਲ ਗਈ ਸੀ ਅਤੇ ਕੱਲ੍ਹ ਉਸਦੀ ਦੇਰ ਰਾਤ ਤਿਹਾੜ ਜੇਲ੍ਹ ਵਿੱਚੋਂ ਰਿਹਾਈ ਹੋ ਗਈ ਹੈ। ਪਿਛਲੀ ਵਾਰ ਦੀਪ ਸਿੱਧੂ ਦੀ ਜ਼ਮਾਨਤ ਮਿਲਦਿਆਂ ਹੀ ਗ੍ਰਿਫਤਾਰੀ ਹੋ ਗਈ ਸੀ।
ਜੇਲ੍ਹ ਤੋਂ ਰਿਹਾਅ ਹੋਣ ਤੋਂ ਬਆਦ ਦੀਪ ਸਿੱਧੂ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਦੀਪ ਸਿੱਧੂ ਦਾ ਸਵਾਗਤ ਕੀਤਾ। ਸਿਰਸਾ ਦੀਪ ਸਿੱਧੂ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਣ ਵੀ ਗਏ।
ਸਿਰਸਾ ਨੇ ਟਵੀਟ ਕਰਕੇ ਦਿੱਤੀ ਵਧਾਈ
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਕਿਹਾ ਕਿ ਦੀਪ ਸਿੱਧੂ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਅਸੀਂ ਉਸ ਦਾ ਸਵਾਗਤ ਕੀਤਾ ਅਤੇ ਫਿਰ ਉਸ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਣ ਵੀ ਗਏ। ਸਿਰਸਾ ਨੇ DSGMC ਦੀ ਕਾਨੂੰਨੀ ਟੀਮ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਪਰਮਾਤਮਾ ਅੱਗੇ ਕਿਸਾਨਾਂ ਦਾ ਸਮਰਥਨ ਜਾਰੀ ਰੱਖਣ ਲਈ ਹੋਰ ਵਧੇਰੇ ਬਲ ਬਖਸ਼ਣ ਦੀ ਅਰਦਾਸ ਕੀਤੀ।
ਸਿਰਸਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਮੁੰਡੀ ਨੂੰ ਕਥਿਤ ਗ਼ੈਰ-ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਉਸ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੇ ਗਏ ਕੇਸ ਦੀ ਸੁਣਵਾਈ 27 ਅਪ੍ਰੈਲ ਨੂੰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਹਾਈਕੋਰਟ ਪੰਜਾਬ ਪੁਲਿਸ ਨੂੰ ਦਿੱਲੀ ਪੁਲਿਸ ਦੀ ਉਸ ਟੀਮ ਖ਼ਿਲਾਫ਼ ਕੇਸ ਦਰਜ ਕਰਨ ਦੀ ਹਦਾਇਤ ਕਰੇਗਾ, ਜਿਸ ਨੇ ਗੁਰਦੀਪ ਨਾਲ ਮਾੜਾ ਸਲੂਕ ਕੀਤਾ ਹੈ।
ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਉਸ ਦੀ ਜ਼ਮਾਨਤ ਮਨਜ਼ੂਰ ਕਰਦਿਆਂ ਕਿਹਾ ਕਿ ਦੀਪ ਸਿੱਧੂ ਤੋਂ ਪੁਲਿਸ 14 ਦਿਨਾਂ ਤੱਕ ਪੁੱਛ-ਪੜਤਾਲ ਕਰ ਚੁੱਕੀ ਹੈ ਅਤੇ ਦੀਪ ਸਿੱਧੂ 70 ਦਿਨਾਂ ਤੋਂ ਜੇਲ੍ਹ ਵਿੱਚ ਹੈ। ਇਸ ਲਈ ਉਸ ਦੀ ਰਿਹਾਈ ’ਤੇ ਪਾਬੰਦੀ ਨਹੀਂ ਲਗਾਈ ਜਾ ਸਕਦੀ। ਦੀਪ ਸਿੱਧੂ ਦੀ ਮੁੜ ਤੋਂ ਗ੍ਰਿਫਤਾਰੀ ਹੋਣ ਤੋਂ ਬਾਅਦ ਉਸ ਦੇ ਵਕੀਲ ਅਭਿਸ਼ੇਕ ਗੁਪਤਾ ਨੇ ਦੀਪ ਸਿੱਧੂ ਨੂੰ ਰਿਹਾਅ ਕਰਨ ਲਈ ਤੀਸ ਹਜ਼ਾਰੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਸੀ। ਵਕੀਲ ਨੇ ਕਿਹਾ ਕਿ ਦੀਪ ਸਿੱਧੂ ਨੂੰ 17 ਅਪ੍ਰੈਲ ਨੂੰ ਜ਼ਮਾਨਤ ਮਿਲੀ ਸੀ ਅਤੇ ਉਸ ਨੂੰ ਇੱਕ ਹੋਰ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਪਹਿਲਾਂ ਕਦੋਂ ਹੋਈ ਸੀ ਜ਼ਮਾਨਤ
17 ਅਪ੍ਰੈਲ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ 30 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਅਦਾਕਾਰ ਦੀਪ ਸਿੱਧੂ ਨੂੰ ਜ਼ਮਾਨਤ ਦਿੱਤੀ ਸੀ। ਇਸ ਤੋਂ ਪਹਿਲਾਂ ਦੀਪ ਸਿੱਧੂ ਦੀ ਜ਼ਮਾਨਤ ਲਈ ਅਦਾਲਤ ‘ਚ ਤਿੰਨ ਸੁਣਵਾਈਆਂ ਹੋਈਆਂ ਸਨ ਅਤੇ ਉਸ ਦੀ ਜ਼ਮਾਨਤ ‘ਤੇ ਫੈਸਲਾ ਹਰ ਵਾਰ ਅਗਲੀ ਤਰੀਕ ‘ਤੇ ਪਾ ਦਿੱਤਾ ਜਾਂਦਾ ਸੀ। ਦੀਪ ਸਿੱਧੂ ਨੂੰ ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਵਿੱਚ ਨਾਮਜ਼ਦ ਕੀਤਾ ਗਿਆ ਸੀ।
ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਵਿੱਚ ਜ਼ਮਾਨਤ ਮਿਲਣ ਤੋਂ ਤੁਰੰਤ ਬਾਅਦ ਹੀ ਦੀਪ ਸਿੱਧੂ ਦੀ ਇੱਕ ਹੋਰ ਮਾਮਲੇ ਵਿੱਚ ਗ੍ਰਿਫਤਾਰੀ ਹੋ ਗਈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੀਪ ਸਿੱਧੂ ਨੂੰ ਭਾਰਤੀ ਪੁਰਾਤੱਤਵ ਵਿਭਾਗ ਨਾਲ ਜੁੜੇ ਮਾਮਲੇ ਵਿੱਚ ਮੁੜ ਗ੍ਰਿਫਤਾਰ ਕਰ ਲਿਆ ਸੀ। ਭਾਰਤੀ ਪੁਰਾਤੱਤਵ ਵਿਭਾਗ ਨੇ ਤਿਹਾੜ ਜੇਲ੍ਹ ਤੋਂ ਹੀ ਦੀਪ ਸਿੱਧੂ ਦੀ ਮੁੜ ਤੋਂ ਗ੍ਰਿਫਤਾਰੀ ਕਰਵਾ ਦਿੱਤੀ।
ਕੀ ਹੈ ਭਾਰਤੀ ਪੁਰਾਤੱਤਵ ਵਿਭਾਗ ਕੇਸ ?
26 ਜਨਵਰੀ ਨੂੰ ਜਦੋਂ ਲਾਲ ਕਿਲ੍ਹੇ ‘ਤੇ ਹਿੰਸਾ ਹੋਈ ਸੀ ਤਾਂ ਉਸ ਸਮੇਂ ਲਾਲ ਕਿਲ੍ਹੇ ਵਿੱਚ ਤੋੜ-ਫੋੜ ਕੀਤੀ ਗਈ ਸੀ, ਉਸੇ ਸਿਲਸਿਲੇ ਵਿੱਚ ਆਰਕੀਉਲੋਜੀਕਲ ਸਰਵੇ ਆਫ ਇੰਡੀਆ (Archeological survey of India) ਯਾਨੀ ਭਾਰਤੀ ਪੁਰਾਤੱਤਵ ਵਿਭਾਗ ਨੇ ਦੀਪ ਸਿੱਧੂ ‘ਤੇ ਇਨ੍ਹਾਂ ਦੀ ਤੋੜ-ਫੋੜ ਕਰਨ ਜਾਂ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੂੰ ਐੱਫਆਈਆਰ ਦਰਜ ਕਰਵਾਈ ਸੀ।