Punjab

ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਨੇ ਮਾਨਸਾ ਦਾ ਕੀਤਾ ਦੌਰਾ

ਦ ਖ਼ਾਲਸ ਬਿਊਰੋ : ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਨੇ ਮਾਨਸਾ ਜ਼ਿਲ੍ਹੇ ਦਾ ਦੌਰਾ ਕਰਕੇ ਜ਼ਿਲ੍ਹੇ ਦੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਤਿੰਨ ਵਿਧਾਨ ਸਭਾ ਸੀਟਾਂ ਲਈ ਬਣਾਏ ਗਏ ਸਟਰਾਂਗ ਰੂਮਾਂ ਅਤੇ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ 66 ਥਾਵਾਂ ’ਤੇ ਬਣਾਏ ਗਏ 117 ਗਿਣਤੀ ਕੇਂਦਰਾਂ ’ਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਨੇ ਦੱਸਿਆ ਕਿ ਪੰਜਾਬ ਭਰ ਵਿੱਚ 66 ਥਾਵਾਂ ’ਤੇ 117 ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਦਾ ਮੁੱਖ ਚੋਣ ਅਫ਼ਸਰ ਵੱਲੋਂ ਨਿਰੀਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਚਾਰ-ਪੰਜ ਜ਼ਿਲ੍ਹਿਆਂ ਵਿੱਚ ਇਹ ਜ਼ਿੰਮੇਵਾਰੀ ਮਿਲੀ ਹੈ ਅਤੇ ਇਸੇ ਤਹਿਤ ਮੈਂ ਮਾਨਸਾ ਆਇਆ ਹਾਂ।
ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਸਟਰਾਂਗ ਰੂਮ ਦੀ ਸੁਰਖਿਆ ਤੇ ਚੋਣ ਨਤੀਜੀਆਂ ਵੇਲੇ ਗਿਣਤੀ ਕੇਂਦਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋਣ,ਪ੍ਰਸ਼ਾਸਨ ਵੱਲੋਂ ਜਾਰੀ ਕਰੋਨਾ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਗਿਣਤੀ ਕੇਂਦਰਾਂ ਦੀ ਪੂਰੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਮਰੱਥਾ ਅਨੁਸਾਰ ਗਿਣਤੀ ਲਈ ਵੱਖ-ਵੱਖ ਥਾਵਾਂ ‘ਤੇ ਟੇਬਲ ਲਗਾਏ ਗਏ ਹਨ ਪਰ ਜ਼ਿਆਦਾਤਰ ਥਾਵਾਂ ‘ਤੇ ਇੱਕ ਰਾਊਂਡ ਲਈ 14 ਟੇਬਲ ਲਗਾਏ ਗਏ ਹਨ |