Punjab

ਐਡਵੋਕੇਟ ਧਾਮੀ ਨੇ ਪਾਕਿਸਤਾਨ ਮਾਮਲੇ ’ਤੇ ਦੁੱਖ ਪ੍ਰਗਟਾਇਆ

Advocate Dhami expressed grief over the killing of a Sikh shopkeeper in Pakistan

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਘਟਗਿਣਤੀ ਸਿੱਖਾਂ ’ਤੇ ਹੋ ਰਹੇ ਹਮਲਿਆਂ ਦੀ ਕਰੜੀ ਨਿੰਦਾ ਕੀਤੀ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਸ. ਮਨਮੋਹਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣੀ ਬੇਹੱਦ ਮੰਦਭਾਗੀ ਘਟਨਾ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਉਥੋਂ ਦੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਦੋ ਦਿਨਾਂ ਅੰਦਰ ਸਿੱਖਾਂ ’ਤੇ ਹਮਲੇ ਦੀ ਇਹ ਦੂਸਰੀ ਘਟਨਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਅੰਦਰ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਜੇਕਰ ਸਰਕਾਰ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਮੁੜ ਅਜਿਹਾ ਨਾ ਵਾਪਰਦਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਪਾਸੋਂ ਸਿੱਖ ਦੁਕਾਨਦਾਰ ਸ. ਮਨਮੋਹਨ ਸਿੰਘ ਦੀ ਹੱਤਿਆ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਪਾਸ ਸਖ਼ਤ ਇਤਰਾਜ਼ ਪ੍ਰਗਟ ਕਰਨ ਅਤੇ ਭਵਿੱਖ ਅੰਦਰ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਕਹਿਣ।