ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਸ਼ਾਮਲ ਹੋਣ ਦਾ ਮਾਮਲਾ ਹੁਣ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਗਿਆ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਮਰਯਾਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਹੈ ਤੇ ਮੁੱਖ ਮੰਤਰੀ ਹਰਿਆਣਾ ਨੂੰ ਫੌਰਨ ਮੁਆਫ਼ੀ ਮੰਗਣ ਲਈ ਆਖਿਆ ਹੈ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਰਿਆਣਾ ਦੇ ਫਰੀਦਾਬਾਦ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਹਸਪਤਾਲ ਦਾ ਨੀਂਹ ਪੱਥਰ ਰੱਖਣ ਦੇ ਸਮਾਗਮ ਹੋ ਰਹੇ ਸੀ ਤੇ ਇਸ ਮੌਕੇ ਹਰਿਆਣੇ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਇਕ ਵੀਡੀਓ ਵਿਚ ਹੋ ਰਹੀ ਅਰਦਾਸ ਦੌਰਾਨ ਬਿਨਾਂ ਸਿਰ ਢੱਕਿਆਂ ਸ਼ਾਮਲ ਹੁੰਦੇ ਹੋਏ ਨਜ਼ਰ ਆ ਰਹੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਅਜਿਹਾ ਕਰਕੇ ਸਿੱਖ ਮਰਯਾਦਾ ਦਾ ਉਲੰਘਣ ਕੀਤਾ ਗਿਆ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਸਿੱਖ ਅਰਦਾਸ ਦੀ ਇਕ ਮਰਯਾਦਾ ਹੈ, ਜਿਸ ਦੇ ਤਹਿਤ ਅਰਦਾਸ ਵਿਚ ਖੜ੍ਹਨ ਵਾਲਾ ਹਰ ਵਿਅਕਤੀ ਪਰਮਾਤਮਾ ਅਤੇ ਗੁਰੂ ਸਾਹਿਬ ਨੂੰ ਸਮਰਪਿਤ ਹੁੰਦਾ ਹੈ ਤੇ ਸਿਰ ਢੱਕ ਕੇ ਅਤੇ ਦੋਵੇਂ ਹੱਥ ਜੋੜ ਕੇ ਸਤਿਕਾਰ ਸਹਿਤ ਖੜ੍ਹਦਾ ਹੈ। ਇਸ ਮਰਯਾਦਾ ਵਿਚ ਕਿਸੇ ਨੂੰ ਵੀ ਮਨਮਰਜ਼ੀ ਦੀ ਖੁੱਲ੍ਹ ਨਹੀਂ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਮੂਲ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਸ੍ਰੀ ਖੱਟਰ ਨੂੰ ਸਿੱਖ ਮਰਯਾਦਾ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਫ਼ਸੋਸ ਇਸ ਗੱਲ ਦਾ ਵੀ ਹੈ ਕਿ ਸਮਾਗਮ ਦੌਰਾਨ ਗੈਰ ਸੰਵਿਧਾਨਕ ਤੌਰ ’ਤੇ ਬਣੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਵੀ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਗੁਰਵਿੰਦਰ ਸਿੰਘ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸਿੱਖ ਮਰਯਾਦਾ ਦਾ ਉਲੰਘਣ ਕਰਨ ਤੋਂ ਨਾ ਰੋਕਣਾ ਵੱਡੇ ਸਵਾਲ ਪੈਦਾ ਕਰਦਾ ਹੈ। ਇਸ ਤੋਂ ਇਹ ਵੀ ਸਾਫ਼ ਹੋ ਰਿਹਾ ਹੈ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੰਡਤ ਕਰਨ ਦੇ ਮੰਤਵ ਨਾਲ ਗੈਰ-ਸੰਵਿਧਾਨਕ ਤੌਰ ’ਤੇ ਸਰਕਾਰੀ ਸ਼ਹਿ ’ਤੇ ਬਣੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਕੇਵਲ ਸਰਕਾਰ ਦੇ ਚਾਪਲੂਸ ਹੀ ਹਨ। ਇਨ੍ਹਾਂ ਦਾ ਸਿੱਖ ਮਰਯਾਦਾ ਦੀ ਪਹਿਰੇਦਾਰੀ ਨਾਲ ਕੋਈ ਵਾਹ-ਵਾਸਤਾ ਨਹੀਂ ਹੈ, ਜਿਹਾ ਕਿ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਮਰਯਾਦਾ ਦੀ ਕੀਤੀ ਅਵੱਗਿਆ ਦੌਰਾਨ ਸਾਹਮਣੇ ਆਇਆ ਹੈ।