‘ਦ ਖ਼ਾਲਸ ਬਿਊਰੋ:- ਅੱਜ ਜਨਮ ਅਸ਼ਟਮੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦੇ ਸਾਰੇ ਵਿਧਾਇਕਾ ਦੀ ਹਾਜ਼ਰੀ ਵਿੱਚ ਮੁਹਾਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ 6 ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਸਮਾਰਟ ਫੋਨ ਦੇ ਕੇ 92 ਕਰੋੜ ਦੀ ਕੈਪਟਨ ਸਮਾਰਟ ਕਨੈਕਟ ਨਾਂ ਦੀ ਸ਼ੁਰੂਆਤ ਕਰ ਦਿੱਤੀ ਹੈ, ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵੰਬਰ ਮਹੀਨੇ ਤੱਕ 1.75 ਹਜਾਰ ਸਮਾਰਟ ਫੋਨ ਵਿਦਿਆਰਥੀਆਂ ਨੂੰ ਦੇ ਦਿੱਤੇ ਜਾਣਗੇ। ਜਿਸ ਤੋਂ ਬਾਅਦ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸਕੀਮ ਗਰੀਬ ਬੱਚਿਆਂ ਨੂੰ ਆਨਲਾਈਨ ਐਜੂਕੇਸ਼ਨ ‘ਚ ਮਦਦਗਾਰ ਸਾਬਤ ਹੋਵੇਗੀ।
ਕੋਰੋਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਕਾਂਗਰਸ ਦੇ ਵਿਧਾਇਕਾਂ ਵੱਲੋਂ ਵੀ ਵਿਦਿਆਰਥੀਆਂ ਨੂੰ ਫੋਨ ਵੰਡੇ ਗਏ। ਬਠਿੰਡਾ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤਹਿਤ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਭੂਮਿਕਾ ਨਿਭਾਈ, ਇਸ ਮੌਕੇ ਮਨਪ੍ਰੀਤ ਬਾਦਲ ਨੇ ਕਿਹਾ ਜਦੋ ਤੱਕ ਸਾਡੇ ਬੱਚੇ ਦੁਨੀਆਂ ਨਾਲ ਹੁਮ ਹੁਮਾ ਕੇ ਨਹੀਂ ਚੱਲਦੇ, ਉਦੋਂ ਤੱਕ ਸਾਡਾ ਪੰਜਾਬ ਦੁਨੀਆਂ ਨਾਲ ਕਦਮ ਨਾਲ ਕਦਮ ਮਿਲਾ ਕੇ ਨਹੀਂ ਚੱਲ ਸਕਦਾ।
ਪਹਿਲੇ ਫੇਜ਼ ‘ਚ 12ਵੀਂ ਜਮਾਤ ਦੇ 174015 ਵਿਦਿਆਰਥੀਆਂ ਨੂੰ ਪੰਜਾਬ ਸਮਾਰਟ ਕਨੈਕਟ ਸਕੀਮ ਦਾ ਲਾਭ ਮਿਲੇਗਾ। ਦੂਸਰੇ ਫੇਜ਼ ਵਿੱਚ 11 ਜਮਾਤ ਦੀਆਂ ਵਿਦਿਆਰਥਣਾਂ ਵੀ ਲਈ ਜਾਣਗੀਆਂ। ਆਖਿਰਕਾਰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਇੱਕ ਵਾਧਾ ਤਾਂ ਪੂਰਾ ਕਰ ਹੀ ਦਿੱਤਾ।