India

ਗੁਜਰਾਤ ‘ਚ ਭਾਰੀ ਮੀਂਹ ਤੋਂ ਬਾਅਦ ਵਡੋਦਰਾ, ਜਾਮਨਗਰ ਅਤੇ ਪੋਰਬੰਦਰ ਦੇ ਕਈ ਇਲਾਕੇ ਡੁੱਬ ਗਏ, 26 ਮੌਤਾਂ

ਗੁਜਰਾਤ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ।ਭਾਰੀ ਮੀਂਹ ਨਾਲ ਪ੍ਰਭਾਵਿਤ ਵਡੋਦਰਾ, ਮੋਰਬੀ ਅਤੇ ਪੋਰਬੰਦਰ ਜ਼ਿਲ੍ਹਿਆਂ ਵਿੱਚ ਜਨਜੀਵਨ ਠੱਪ ਹੋ ਗਿਆ ਹੈ।ਹਾਲਾਂਕਿ, ਮੱਧ ਗੁਜਰਾਤ ਵਿੱਚ ਬਾਰਸ਼ ਰੁਕ ਗਈ ਹੈ ਅਤੇ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਵਿੱਚ ਡੁੱਬੇ ਵਡੋਦਰਾ ਸ਼ਹਿਰ ਵਿੱਚ ਹੜ੍ਹ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ। ਪਰ ਸੌਰਾਸ਼ਟਰ ਅਤੇ ਕੱਛ ਵਿੱਚ ਭਾਰੀ ਮੀਂਹ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ।

ਵੀਰਵਾਰ ਨੂੰ ਦਵਾਰਕਾ, ਜਾਮਨਗਰ, ਜੂਨਾਗੜ੍ਹ, ਪੋਰਬੰਦਰ, ਅਮਰੇਲੀ ਅਤੇ ਸੁਰੇਂਦਰਨਗਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ।ਸਮਾਚਾਰ ਏਜੰਸੀ ਪੀਟੀਆਈ ਦੇ ਮੁਤਾਬਕ ਗੁਜਰਾਤ ਵਿੱਚ ਇਨ੍ਹਾਂ ਤਿੰਨ ਦਿਨਾਂ ਵਿੱਚ 26 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਕੱਛ ਵਿੱਚ ਭਾਰੀ ਮੀਂਹ ਕਾਰਨ ਮਾਂਡਵੀ ਤਾਲੁਕਾ ਵਿੱਚ ਹਰ ਪਾਸੇ ਪਾਣੀ ਹੀ ਪਾਣੀ ਹੈ। ਇੱਥੇ ਵੱਡੀ ਰੇਲਿੰਗ ਵਿੱਚ ਫਸੇ ਮਜ਼ਦੂਰਾਂ ਨੂੰ ਬਚਾਇਆ ਗਿਆ। ਵੀਰਵਾਰ ਨੂੰ ਵੀ ਸੂਬੇ ਦੇ ਕਈ ਇਲਾਕਿਆਂ ‘ਚ ਬਚਾਅ ਮੁਹਿੰਮ ਚਲਾਈ ਗਈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ।

ਗੁਜਰਾਤ ਸੂਚਨਾ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ‘ਚ ਗੁਜਰਾਤ ‘ਚ 1,785 ਨਾਗਰਿਕਾਂ ਨੂੰ ਬਚਾਇਆ ਗਿਆ ਹੈ ਅਤੇ 13,183 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਜਾਮਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਜਦਕਿ ਦੂਜੇ ਪਾਸੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਵਡੋਦਰਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਹੜ੍ਹ ਦੀ ਸਥਿਤੀ ਬਾਰੇ ਜਾਣਕਾਰੀ ਲਈ।