ਸਥਾਨਕ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਇਸ ਵਾਰ ਪੰਜਾਬ ਦਿਵਸ ( Punjab Day) ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ ਤੇ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ( Chief Minister Bhagwant Maan)ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ। ਜਾਣਕਾਰੀ ਅਨੁਸਾਰ ਪਿਛਲੇ ਵੀਹ ਵਰ੍ਹਿਆਂ ਦੌਰਾਨ ਪੰਜਾਬ ਦਿਵਸ ਦੇ ਸਮਾਗਮਾਂ ਵਿੱਚ ਪੰਜਾਬ ਦੇ ਤਤਕਾਲੀ ਮੱਖ ਮੰਤਰੀਆਂ ਦੀ ਗ਼ੈਰ ਹਾਜ਼ਰੀ ਹੀ ਰਹੀ ਹੈ। ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਵਾਗਤ ਲਈ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਸੂਬਾ ਪੱਧਰੀ ਸਮਾਗਮ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ, ਜਦਕਿ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਸਾਹਿਤ ਰਤਨ ਪ੍ਰੋ. ਗੁਲਜ਼ਾਰ ਸਿੰਘ ਸੰਧੂ ਕਰਨਗੇ। ਜ਼ਿਕਰਯੋਗ ਹੈ ਕਿ 2002 ਵਿੱਚ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਸ਼ਾ ਵਿਭਾਗ ਵਿੱਚ ਕਰਵਾਏ ਪੰਜਾਬ ਦਿਵਸ ਦੇ ਸਮਾਗਮ ਵਿੱਚ ਸ਼ਾਮਲ ਹੋਏ ਸਨ।
ਇਸ ਤੋਂ ਬਾਅਦ ਦੇ ਸਮਾਗਮਾਂ ਵਿੱਚ ਜ਼ਿਆਦਾਤਰ ਸਿੱਖਿਆ ਮੰਤਰੀ ਜਾਂ ਹੋਰ ਮੰਤਰੀ ਹੀ ਸ਼ਾਮਲ ਹੁੰਦੇ ਰਹੇ ਹਨ। ਇਸ ਵਾਰ ਪਹਿਲੀ ਨਵੰਬਰ ਨੂੰ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੀ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ‘ਪੰਜਾਬੀ ਮਾਹ’ ਮਨਾਇਆ ਜਾ ਰਿਹਾ ਹੈ, ਜਿਸ ਦਾ ਆਗਾਜ਼ ਪੰਜਾਬ ਦਿਵਸ ਮੌਕੇ ਪਹਿਲੀ ਨਵੰਬਰ ਨੂੰ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਕੀਤਾ ਜਾਵੇਗਾ।