‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਨੀਅਰ ਕਾਂਗਰਸੀ ਲੀਡਰ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੇਅਦਬੀ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ਦੀ ਨੀਤੀ ਅਤੇ ਨੀਯਤ ‘ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਕੈਪਟਨ ਨੂੰ ਗਰੂਰ ਦੇ ਨਾਲ ਕੀਤੇ ਗਏ ਵਾਅਦੇ ਪੂਰੇ ਕਰਨੇ ਹੀ ਪੈਣਗੇ। ਬਾਜਵਾ ਨੇ ਪੰਜਾਬ ਦੇ ਤਿੰਨ ਅਫਸਰਾਂ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਹੈ ਕਿ ਡੀਜੀਪੀ ਅਤੇ ਏਜੀ ਨੇ ਸਾਢੇ ਚਾਰ ਸਾਲਾਂ ਵਿੱਚ ਕੀ ਕੀਤਾ ਹੈ। ਉਨ੍ਹਾਂ ਕਿਹਾ ਕਿ ਟਕਸਾਲੀ ਕਾਂਗਰਸੀ ਪਰਿਵਾਰਾਂ ਨੂੰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਜ਼ਿਆਦਾ ਤਾਕਤ ਅਫਸਰਾਂ ਦੇ ਹੱਥ ਹੋਣ ਕਾਰਨ ਪੰਜਾਬ ਸਰਕਾਰ ਦਾ ਮਾੜਾ ਹਾਲ ਹੋਇਆ ਹੈ। ਸਰਕਾਰ ਜ਼ਿਆਦਾਤਾਰ ਇਨ੍ਹਾਂ ਅਫਸਰਾਂ ਦੇ ਹੱਥ ਵਿੱਚ ਹੈ, ਜਿਨ੍ਹਾਂ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਨਵਜੋਤ ਸਿੰਘ ਸਿੱਧੂ ਵੱਲੋਂ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਲਗਾਤਾਰ ਨਿਸ਼ਾਨੇ ਕੱਸੇ ਜਾ ਰਹੇ ਹਨ। ਨਵਜੋਤ ਸਿੱਧੂ ਆਏ ਦਿਨ ਹੀ ਆਪਣੇ ਅੰਦਾਜ਼ ਵਿੱਚ ਕੈਪਟਨ ‘ਤੇ ਉਨ੍ਹਾਂ ਦੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੰਦੇ ਹਨ। ਉਨ੍ਹਾਂ ਵੱਲੋਂ ਕੈਪਟਨ ਦੇ ਵਾਅਦੇ ਦੀਆਂ ਕੁੱਝ ਪੁਰਾਣੀਆਂ ਵੀਡੀਓ ਕਲਿੱਪਾਂ ਆਪਣੇ ਟਵਿੱਟਰ ਹੈਂਡਲ ਤੋਂ ਸ਼ੇਅਰ ਕੀਤੀਆਂ ਜਾਂਦੀਆਂ ਹਨ। ਸਿੱਧੂ ਦੇ ਇਸ ਵਿਵਹਾਰ ਤੋਂ ਖਿਝੇ ਹੋਏ ਪੰਜਾਬ ਦੇ ਤਿੰਨ ਲੀਡਰਾਂ ਬ੍ਰਹਮ ਮਹਿੰਦਰਾ, ਸੁੰਦਰ ਸ਼ਾਮ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਨੇ ਅੱਜ ਕਾਂਗਰਸ ਪਾਰਟੀ ਹਾਈ ਕਮਾਂਡ ਨੂੰ ਨਵਜੋਤ ਸਿੰਘ ਸਿੱਧੂ ਖਿਲਾਫ ਸਖਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਨ੍ਹਾਂ ਲੀਡਰਾਂ ਨੇ ਨਵਜੋਤ ਸਿੰਘ ਸਿੱਧੂ ਦੇ ਬਿਆਨ ਨੂੰ ਬੇਹੱਦ ਅਨੁਸ਼ਾਸਨਹੀਣ ਅਤੇ ਸੂਬੇ ਵਿੱਚ ਕਾਂਗਰਸ ਸਰਕਾਰ ਨੂੰ ਨੀਵਾਂ ਦਿਖਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਿੱਧੂ ਦੇ ਬਿਆਨ ਨੂੰ ਸਿਰਫ ਪਾਰਟੀ ਦੇ ਨਿਰਾਸ਼ ਲੀਡਰ ਵਜੋਂ ਨਹੀਂ ਦੇਖਿਆ ਜਾ ਸਕਦਾ।