ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਦੇ ਜਥੇਦਾਰ (SRI AKAL TAKHAT) ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਰਹੇ ਸੋਹਣ ਸਿੰਘ ਠੰਡਲ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਆਪਣਾ ਸਪੱਸ਼ਟੀਕਰਨ ਜਥੇਦਾਰ ਰਘਬੀਰ ਸਿੰਘ (JATHEDAR RAGHUBIR SINGH) ਨੂੰ ਸੌਂਪ ਦਿੱਤਾ ਹੈ । ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ ਅਤੇ ਹੋਰ ਸਾਬਕਾ ਮੰਤਰੀਆਂ ਨੇ ਵੀ ਆਪਣਾ ਲਿਖਿਤ ਜਵਾਬ ਦਿੱਤਾ ਸੀ ।
ਇਸ ਮੌਕੇ ਸਾਬਕਾ ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਉਹ ਸਿੰਘ ਸਾਹਿਬ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਨ ਲਈ ਇੱਥੇ ਆਏ ਹਨ ਅਤੇ ਉਨ੍ਹਾਂ ਤੋਂ ਹੋਈਆਂ ਭੁੱਲਾਂ ਦੀ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਜੋ ਵੀ ਫੈਸਲਾ ਲੈਣਗੇ, ਉਨ੍ਹਾਂ ਨੂੰ ਪ੍ਰਵਾਨ ਹੋਵੇਗਾ।
ਸੋਹਨ ਸਿੰਘ ਠੰਡਲ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਆਪਣਾ ਸਪਸ਼ਟੀਕਰਨ ਦਿੱਤਾ ਗਿਆ। ਠੰਡਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਅਸੀਂ ਬਹੁਤ ਸਾਰੇ ਕੰਮ ਕਰਵਾਏ ਹਨ। ਕਈ ਕੇਂਦਰੀ ਅਜਾਇਬ ਘਰ ਬਣਾਏ ਅਤੇ ਇਸ ਤੋਂ ਇਲਾਵਾ ਅਸੀਂ ਕਈ ਹੋਰ ਧਾਰਮਿਕ ਅਸਥਾਨਾਂ ਦਾ ਨਵੀਂਨੀਕਰਨ ਕਰਵਾਇਆ ਹੈ। ਤਾਂ ਜੋ ਸਾਡੇ ਆਉਣ ਵਾਲੀ ਪੀੜੀ ਨੂੰ ਇਤਿਹਾਸ ਪਤਾ ਲੱਗ ਸਕੇ ਸੋ ਸਰਕਾਰਾਂ ਦੌਰਾਨ ਕਈ ਕੰਮ ਅਜਿਹੇ ਜਾਣੇ ਅਣਜਾਣੇ ਵਿੱਚ ਹੋ ਜਾਂਦੇ ਹਨ ਇਸ ਲਈ ਅਸੀਂ ਅੱਜ ਮੁਆਫੀ ਮੰਗਣ ਲਈ ਪਹੁੰਚੇ ਹਾਂ।
ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹੋਇਆ ਹੈ ਕਿ ਕੋਈ ਆਗੂ ਵੀ ਕਿਸੇ ਵੀ ਆਗੂ ‘ਤੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਨਹੀਂ ਕਰ ਸਕਦਾ। ਇਸ ਲਈ ਮੈਂ ਸਿਰਫ ਇਹੋ ਕਹਿਣਾ ਚਾਹੁੰਦਾ ਹਾਂ ਕਿ ਮੈਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਆਪਣਾ ਸਪਸ਼ਟੀਕਰਨ ਦੇਣ ਪਹੁੰਚਿਆ ਹਾਂ ਅਤੇ ਮੈਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਜੋ ਮੈਨੂੰ ਅਕਾਲੀ ਸੁਧਾਰ ਲਹਿਰ ਚ ਮਿਲੇ ਸਨ। ਜੋ ਵੀ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹੋਵੇਗਾ ਉਹ ਸਾਡੇ ਸਿਰ ਮੱਥੇ ਪ੍ਰਵਾਨ ਹੋਵੇਗਾ।
ਦੱਸ ਦਈਏ ਕਿ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ ਅਤੇ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਵਿੱਚ ਸਿੱਖ ਮੰਤਰੀਆਂ ਨੂੰ ਤਲਬ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਗਲੇ ਦਿਨ 31 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਿਖਿਤ ਪੱਤਰ ਦੇ ਰਾਹੀਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਸਾਹਮਣੇ ਪੇਸ਼ ਹੋਏ ਅਤੇ ਬੇਨਤੀ ਕੀਤੀ ਕਿ ਉਹ ਜਲਦ ਤੋਂ ਜਲਦ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਬੁਲਾਕੇ ਜੋ ਆਦੇਸ਼ ਜਾਰੀ ਕਰਨਗੇ ਉਹ ਕਬੂਲ ਹੋਵੇਗਾ । ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ,ਦਲਜੀਤ ਸਿੰਘ ਚੀਮਾ,ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਵੀ ਸਪੱਸ਼ਟੀਕਰਨ ਦਿੱਤਾ ਸੀ।
ਜਿਸ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ 5 ਸਤੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦਿੱਤਾ ਸੀ। ਮਜੀਠੀਆ ਨੇ ਕਿਹਾ ਸੀ ਕਿ ਮੈਂ ਆਪਣੇ ਪੱਖ ਵਿੱਚ ਕੋਈ ਦਲੀਲ ਨਹੀਂ ਦਿੱਤੀ ਹੈ ਗੁਰੂ ਸਾਹਿਬ ਜਾਨੀ ਜਾਨ ਹਨ ਜੋ ਤਖਤ ਸਾਹਿਬ ਤੋਂ ਆਦੇਸ਼ ਹੋਵੇਗਾ ਉਹ ਮੈਨੂੰ ਮਨਜ਼ੂਰ ਹੋਵੇਗਾ ।