The Khalas Tv Blog Punjab ਸਰਕਾਰ ਦੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਕੀਤੀ ਖ਼ਤਮ…
Punjab

ਸਰਕਾਰ ਦੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਕੀਤੀ ਖ਼ਤਮ…

After the assurance of the government, the aartis ended the strike...

ਸੂਬੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖ਼ਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਖੇਤੀਬਾੜੀ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਿਸਾਨ ਭਵਨ ਵਿਖੇ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਵਿਚ ਆਏ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਮਸਲਿਆਂ ਬਾਰੇ ਚਰਚਾ ਕੀਤੀ।

ਆੜ੍ਹਤੀਆਂ ਵੱਲੋਂ ਬਾਇਓ ਮੈਟ੍ਰਿਕ ਖਰੀਦ ਪ੍ਰਣਾਲੀ ਅਤੇ ਈਪੀਐੱਫ ਸਬੰਧੀ ਉਠਾਏ ਮੁੱਦਿਆਂ ’ਤੇ ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲਿਆਂ ਨੂੰ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰੀ ਕੋਲ ਉਠਾਇਆ ਜਾਵੇਗਾ ਤਾਂ ਜੋ ਉਨ੍ਹਾਂ ਦਾ ਜਲਦੀ ਹੱਲ ਨਿਕਲ ਸਕੇ।

ਉਨ੍ਹਾਂ ਭਾਰਤੀ ਖ਼ੁਰਾਕ ਨਿਗਮ (ਐੱਫਸੀਆਈ) ਦੇ ਚੰਡੀਗੜ੍ਹ ਵਿਖੇ ਤਾਇਨਾਤ ਡਿਪਟੀ ਜਨਰਲ ਮੈਨੇਜਰ (ਡੀਜੀਐੱਮ) ਅਲੋਕ ਕੁਮਾਰ ਨੂੰ ਦਸ ਦਿਨਾਂ ਦੇ ਅੰਦਰ ਇਨ੍ਹਾਂ ਮੁੱਦਿਆਂ ਬਾਰੇ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ।

ਪੰਜਾਬ ਮੰਡੀ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ ਨੇ ਸੂਬੇ ਵਿਚ ਬਾਇਓ ਮੈਟ੍ਰਿਕ ਖ਼ਰੀਦ ਪ੍ਰਣਾਲੀ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਬਾਰੇ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਹੁਣ ਤੱਕ 876 ਮੰਡੀਆਂ ਨੂੰ ਇਸ ਪ੍ਰਣਾਲੀ ਲਈ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਕੋਲ ਨਵੀਂ ਮੰਡੀ ਟਾਊਨਸ਼ਿਪ ਵਿਭਾਗ ਅਧੀਨ 5400 ਖ਼ਾਲੀ/ਵਿਕਣ ਯੋਗ ਪਲਾਟ ਹਨ ਅਤੇ ਵਿਭਾਗ ਇਨ੍ਹਾਂ ਪਲਾਟਾਂ ਨੂੰ ਈ-ਨਿਲਾਮੀ ਰਾਹੀਂ ਵੇਚਣ ਦੀ ਯੋਜਨਾ ਬਣਾ ਰਿਹਾ ਹੈ।

Exit mobile version