ਸ਼ੰਭੂ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨਾਂ ਦੇ ਅੰਦੋਲਨ ਦੇ ਅੱਜ 17ਵਾਂ ਦਿਨ ਹੈ। ਪੰਜਾਬ ਦੇ ਖਨੌਰੀ ਬਾਰਡਰ ‘ਤੇ ਪੁਲਿਸ ਮੁਕਾਬਲੇ ‘ਚ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਸਬੰਧ ‘ਚ ਪੰਜਾਬ ਪੁਲਿਸ ਨੇ ਪਟਿਆਲਾ ਦੇ ਪਾਤੜਾਂ ਪੁਲਿਸ ਸਟੇਸ਼ਨ ‘ਚ ਅਣਪਛਾਤੇ ਲੋਕਾਂ ਖ਼ਿਲਾਫ਼ ਕਤਲ ਅਤੇ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਨ ਪੰਧੇਰ ਕਿਹਾ ਕਿ ਕੱਲ੍ਹ ਦੇਰ ਰਾਤ ਨੌਜਵਾਨ ਕਿਸਾਨ ਸ਼ੁਭਕਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ 302 ਦਾ ਮਾਮਲਾ ਦਰਜ ਕੀਤਾ ਹੈ। ਪੰਧੇਰ ਨੇ ਕਿਹਾ ਕਿ ਪੁਲਿਸ ਨੇ 166 ਸੈਕਸ਼ਨ ਵੀ ਇਸ ਕੇਸ ਵਿੱਚ ਲਾਇਆ ਹੈ।
ਕਿਸਾਨ ਆਗੂ ਨੇ ਦੱਸਿਆ ਕਿ ਅੱਜ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਖਨੌਰੀ ਬਾਰਡਰ ਵਿਖੇ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਬਠਿੰਡਾ ਦੇ ਪਿੰਡ ਬੱਲੋ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ। ਪੰਧੇਰ ਨੇ ਕਿਸਾਨ ਅਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਾਰੇ ਸ਼ੁਭਕਰਨ ਸਿੰਘ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋ ਕੇ ਉਸਨੂੰ ਸ਼ਰਧਾਂਜਲੀ ਦੇਣ।
ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨਿਅਤ ਅਤੇ ਨੀਤੀ ਦੋਹਾਂ ਵਿੱਚ ਖੋਟ ਹੈ ਪੈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਨੂੰ ਸਿਰਫ਼ ਸੱਤਾ ਦਾ ਲਾਲਚ , ਇਸ ਲਈ ਕੇਂਦਰ ਕਿਸਾਨ ਅਤੇ ਮਜ਼ਦੂਰਾਂ ਦੀਆ ਮੰਗਾ ਨੂੰ ਅਣਗੌਲ਼ਿਆ ਕਰ ਰਹੀ ਹੈ।
ਇਸ ਤੋਂ ਪਹਿਲਾਂ 21 ਫਰਵਰੀ ਨੂੰ ਖਨੌਰੀ ਸਰਹੱਦ ’ਤੇ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫ਼ੈਸਲਾ 29 ਫਰਵਰੀ ਤੱਕ ਟਾਲ ਦਿੱਤਾ ਸੀ। ਕਿਸਾਨਾਂ ਦੇ ਮਾਰਚ ਨੂੰ ਮੁਲਤਵੀ ਕਰਨ ਤੋਂ ਬਾਅਦ ਹਰਿਆਣਾ-ਦਿੱਲੀ ਦੇ ਟਿੱਕਰੀ ਅਤੇ ਸਿੰਘੂ ਸਰਹੱਦਾਂ ਨੂੰ ਅਸਥਾਈ ਤੌਰ ‘ਤੇ ਖੋਲ੍ਹ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਦੀ ਪਾਬੰਦੀ ਵੀ ਹਟਾ ਦਿੱਤੀ ਗਈ ਹੈ।