ਦ ਖ਼ਾਲਸ ਬਿਊਰੋ : ਪੰਜਾਬ ਦੇ ਪ੍ਰਾਈਵੇਟ ਬੱਸ ਅਪਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ ਸਮਾਪਤ ਕਰ ਦਿੱਤਾ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇ ਦਿੱਤੀ ਗਈ ਹੈ,ਜਿਸ ਤੋਂ ਬਾਅਦ ਪ੍ਰਾਈਵੇਟ ਆਪਰੇਟਰਾਂ ਨੇ ਧਰਨੇ ਨੂੰ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ।

ਪ੍ਰਾਈਵੇਟ ਬੱਸ ਆਪਰੇਟਰਾਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਹੋਈ ਸੀ , ਜਿੱਥੇ ਪ੍ਰਾਈਵੇਟ ਬੱਸ ਆਪਰੇਟਰਾਂ ਦੀਆਂ ਮੰਗਾਂ ਨੂੰ ਇੱਕ-ਇੱਕ ਕਰਕੇ ਵਿਚਾਰਿਆ ਗਿਆ। ਵਿੱਤ ਮੰਤਰੀ ਤੇ ਟਰਾਂਸਪੋਰਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਸਰਕਾਰ ਉਹਨਾਂ ਦੀਆਂ ਮੰਗਾਂ ਦੇ ਪ੍ਰਤੀ ਗੰਭੀਰ ਹੈ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਨੇ ਹਾਲ ਹੀ ਵਿਚ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਰਾਹਤ ਦੇਣ ਲਈ ਐਮਨੈਸਟੀ ਸਕੀਮ ਵੀ ਸ਼ੁਰੂ ਕੀਤੀ ਹੈ। ਸਰਕਾਰ ਦੀ ਨੀਤੀ ਸਮਾਜ ਦੇ ਸਾਰੇ ਵਰਗਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਵੱਡੀ ਗਿਣਤੀ ਵਿੱਚ ਨੌਜਵਾਨ ਪ੍ਰਾਈਵੇਟ ਬੱਸ ਉਦਯੋਗ ਤੋਂ ਵੀ ਆਪਣੀ ਰੋਜ਼ੀ-ਰੋਟੀ ਕਮਾ ਰਹੇ ਹਨ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ।

ਇਸ ਭਰੋਸੇ ਤੋਂ ਬਾਅਦ ਪ੍ਰਾਈਵੇਟ ਬੱਸ ਅਪਰੇਟਰਾਂ ਦੀ ਜਥੇਬੰਦੀ ਪੰਜਾਬ ਮੋਟਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਅਗਲਾ ਧਰਨਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਸੋਸ਼ਲ ਮੀਡੀਆ ਤੇ ਪਾਈ ਗਈ ਇੱਕ ਪੋਸਟ ਵਿੱਚ ਵੀ ਇਸ ਦਾ ਜਿਕਰ ਵੀ ਕੀਤਾ ਗਿਆ ਹੈ।ਇਸ ਟਵੀਟ ਵਿੱਚ ਵੀ ਇਹ ਹੀ ਲਿਖਿਆ ਗਿਆ ਹੈ ਕਿ ਵਿੱਤ ਮੰਤਰੀ ਹਰਪਾਲ ਚੀਮਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਬਾਅਦ ਪ੍ਰਾਈਵੇਟ ਬੱਸ ਅਪਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ ਖਤਮ ਕਰ ਦਿੱਤਾ ਹੈ।ਮੰਤਰੀਆਂ ਨੇ ਓਪਰੋਟਰਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲੇਗੀ।

ਇਹ ਤਾਂ ਸੀ ਪ੍ਰਾਈਵੇਟ ਬੱਸ ਓਪਰੇਟਰਾਂ ਦਾ ਹੜਤਾਲ ਜੋ ਕਿ ਹੁਣ ਟੱਲ ਗਈ ਹੈ ਪਰ ਜਿਵੇਂ ਕਿ ਸਵੇਰੇ ਖਬਰ ਆਈ ਸੀ ਕਿ ਅੱਜ ਤੋਂ ਪੰਜਾਬ ‘ਚ ਰੋਡਵੇਜ਼,ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ 3 ਦਿਨ ਲਈ ਹੜਤਾਲ ਤੇ ਹਨ।

ਉਹਨਾਂ ਨੂੰ ਵੀ ਪੰਜਾਬ ਸਰਕਾਰ ਨੋ ਆਪਣੀ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਹੈ।ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇੱਕ ਵੀਡੀਓ ਟਵੀਟ ਕਰ ਕੇ ਹੜਤਾਲ ਤੇ ਗਏ ਸਰਕਾਰੀ ਬੱਸਾਂ ਦੇ ਡਰਾਇਵਰਾਂ-ਕੰਡਕਟਰਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਹੈ ਤੇ ਇਹ ਵੀ ਕਿਹਾ ਹੈ ਕਿ ਬੱਸਾਂ ਦੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਰਕਾਰ ਠੋਸ ਕਦਮ ਚੁੱਕ ਰਹੀ ਹੈ।