The Khalas Tv Blog India ਪੰਜਾਬ-ਹਰਿਆਣਾ ’ਚ ਵੋਟਾਂ ਤੋਂ ਪਹਿਲਾਂ ਰਾਮ ਰਹੀਮ ਨੇ ਮੰਗੀ ਪੈਰੋਲ ਤੇ ਫਰਲੋ! ‘ਮੈਂ 41 ਦਿਨ ਜੇਲ੍ਹ ਤੋਂ ਬਾਹਰ ਰਹਿਣ ਦਾ ਹੱਕਦਾਰ’
India

ਪੰਜਾਬ-ਹਰਿਆਣਾ ’ਚ ਵੋਟਾਂ ਤੋਂ ਪਹਿਲਾਂ ਰਾਮ ਰਹੀਮ ਨੇ ਮੰਗੀ ਪੈਰੋਲ ਤੇ ਫਰਲੋ! ‘ਮੈਂ 41 ਦਿਨ ਜੇਲ੍ਹ ਤੋਂ ਬਾਹਰ ਰਹਿਣ ਦਾ ਹੱਕਦਾਰ’

ਸਾਧਵੀਆਂ ਦੇ ਜਿਨਸੀ ਸ਼ੋਸ਼ਣ ਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦਾ ਹੈ। ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਰੋਲ ਜਾਂ ਫਰਲੋ ’ਤੇ ਪਾਬੰਦੀ ਲਗਾਉਣ ਵਾਲੇ ਹੁਕਮ ’ਤੇ ਰੋਕ ਲਾਉਣ। ਰਾਮ ਰਹੀਮ ਨੇ ਦਾਅਵਾ ਕੀਤਾ ਹੈ ਕਿ ਉਹ ਇਸ ਸਾਲ 20 ਦਿਨਾਂ ਦੀ ਪੈਰੋਲ ਅਤੇ 21 ਦਿਨਾਂ ਦੀ ਫਰਲੋ ਸਮੇਤ ਕੁੱਲ 41 ਦਿਨਾਂ ਦੀ ਰਿਹਾਈ ਲਈ ਯੋਗ ਹੈ। ਉਹ ਇਸ ਦਾ ਫਾਇਦਾ ਉਠਾਉਣਾ ਚਾਹੁੰਦਾ ਹੈ।

ਯਾਦ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਰਾਮ ਰਹੀਮ ਨੂੰ ਵਾਰ-ਵਾਰ ਜੇਲ੍ਹ ਵਿੱਚੋਂ ਬਾਹਰ ਲਿਆਉਣ ’ਤੇ ਆਪਣਾ ਵਿਰੋਧ ਪ੍ਰਗਟਾਇਆ ਸੀ। ਜਿਸ ਤੋਂ ਬਾਅਦ 29 ਫਰਵਰੀ ਨੂੰ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਦੀ ਪੈਰੋਲ ਅਰਜ਼ੀ ’ਤੇ ਵਿਚਾਰ ਨਾ ਕਰਨ ਦੇ ਹੁਕਮ ਦਿੱਤੇ ਸਨ।

ਰਾਮ ਰਹੀਮ ਨੇ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਹਟਾਉਣ ਦੀ ਮੰਗ ਕਰਦੇ ਹੋਏ ਦਲੀਲ ਦਿੱਤੀ ਹੈ ਕਿ ਪੈਰੋਲ ਅਤੇ ਫਰਲੋ ਦੇਣ ਦਾ ਉਦੇਸ਼ ਸੁਧਾਰਾਤਮਕ ਪ੍ਰਕਿਰਤੀ ਦਾ ਹੈ ਅਤੇ ਦੋਸ਼ੀ ਨੂੰ ਪਰਿਵਾਰ ਅਤੇ ਸਮਾਜ ਨਾਲ ਆਪਣੇ ਸਮਾਜਿਕ ਸਬੰਧ ਬਣਾਏ ਰੱਖਣ ਦੇ ਯੋਗ ਬਣਾਉਣਾ ਹੈ। ਹਰਿਆਣਾ ਚੰਗੇ ਆਚਰਣ ਕੈਦੀ (ਅਸਥਾਈ ਰਿਹਾਈ) ਐਕਟ 2022 ਦੇ ਤਹਿਤ, ਯੋਗ ਦੋਸ਼ੀਆਂ ਨੂੰ ਹਰ ਕੈਲੰਡਰ ਸਾਲ ਵਿੱਚ 70 ਦਿਨਾਂ ਦੀ ਪੈਰੋਲ ਅਤੇ 21 ਦਿਨਾਂ ਦੀ ਫਰਲੋ ਦੇਣ ਦਾ ਅਧਿਕਾਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜਿਸ ਨੂੰ ਉਮਰ ਕੈਦ ਅਤੇ ਨਿਸ਼ਚਿਤ ਮਿਆਦ ਦੀ ਸਜ਼ਾ ਵਾਲੇ ਤਿੰਨ ਜਾਂ ਵੱਧ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਸਜ਼ਾ ਸੁਣਾਈ ਗਈ ਹੈ, ਨਿਯਮ ਅਜਿਹੇ ਕਿਸੇ ਵੀ ਦੋਸ਼ੀ ਨੂੰ ਪੈਰੋਲ ਅਤੇ ਫਰਲੋ ਦੇਣ ਦੀ ਮਨਾਹੀ ਨਹੀਂ ਕਰਦੇ ਹਨ।

ਪੈਰੋਲ ਜਾਂ ਫਰਲੋ ਦੇਣਾ ਪੂਰੀ ਤਰ੍ਹਾਂ ਨਾਲ ਕਾਨੂੰਨ ਦੀ ਉਚਿਤ ਪ੍ਰਕਿਰਿਆ ਦੀ ਪਾਲਣਾ ਕਰਨ ਤੋਂ ਬਾਅਦ ਸਬੰਧਿਤ ਵਿਧਾਨਕ ਵਿਵਸਥਾ ਦੇ ਅਨੁਸਾਰ ਹੈ। ਉਸ ਨੂੰ ਕਿਸੇ ਵੀ ਪੱਧਰ ’ਤੇ ਕੋਈ ਵਿਸ਼ੇਸ਼ ਅਧਿਕਾਰ ਨਹੀਂ ਦਿੱਤੇ ਗਏ ਹਨ।

ਦਰਅਸਲ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਆਮ ਚੋਣਾਂ ਰਾਮ ਰਹੀਮ ਤੋਂ ਬਿਨਾਂ ਹੋ ਰਹੀਆਂ ਹਨ। ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਨੇ ਇਸ ਵਾਰ ਚੋਣਾਂ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ, ਜਦੋਂ ਕਿ ਹੁਣ ਤੱਕ ਉਹ 2022 ਤੋਂ 6 ਫਰਲੋ ਤੇ 3 ਪੈਰੋਲਾਂ ਨਾਲ 192 ਦਿਨਾਂ ਲਈ ਬਾਹਰ ਆਇਆ ਹੈ।

ਡੇਰਾ ਮੁਖੀ ਕਰੀਬ 200 ਦਿਨ ਤਿੰਨ ਸੂਬਿਆਂ ਵਿੱਚ ਪੰਚਾਇਤੀ ਚੋਣਾਂ ਤੋਂ ਲੈ ਕੇ ਵਿਧਾਨ ਸਭਾ ਚੋਣਾਂ ਵਿੱਚ ਸਰਗਰਮ ਰਹਿ ਚੁੱਕਾ ਹੈ। ਸਿਆਸਤ ਦੇ ਜਾਣਕਾਰ ਲੋਕ 2 ਸਾਧਵੀਆਂ ਨਾਲ ਬਲਾਤਕਾਰ, ਪੱਤਰਕਾਰ ਛਤਰਪਤੀ ਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਦੀ ਫਰਲੋ-ਪੈਰੋਲ ਨੂੰ ਮਹਿਜ਼ ਇਤਫ਼ਾਕ ਮੰਨਣ ਲਈ ਤਿਆਰ ਨਹੀਂ ਹਨ।

Exit mobile version