ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਰਦੀ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਹਵਾ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਵੀਰਵਾਰ ਸਵੇਰੇ ਦੀਵਾਲੀ ਵਾਲੇ ਦਿਨ ਦਿੱਲੀ ‘ਚ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ‘ਚ ਦਰਜ ਕੀਤੀ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਆਨੰਦ ਵਿਹਾਰ ਖੇਤਰ ਵਿੱਚ ਹਵਾ ਦੀ ਹਾਲਤ ਸਭ ਤੋਂ ਖ਼ਰਾਬ ਰਹੀ।
ਸਵੇਰੇ ਆਨੰਦ ਵਿਹਾਰ ਵਿੱਚ AQI 419 ਦਰਜ ਕੀਤਾ ਗਿਆ। ਇਸ ਨੂੰ ਹਵਾ ਪ੍ਰਦੂਸ਼ਣ ਦਾ ‘ਗੰਭੀਰ’ ਪੱਧਰ ਮੰਨਿਆ ਜਾਂਦਾ ਹੈ। ਆਨੰਦ ਵਿਹਾਰ ਤੋਂ ਇਲਾਵਾ ਦਿੱਲੀ ਦੇ ਲਗਭਗ ਸਾਰੇ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ 300 ਤੋਂ 400 ਦੇ ਵਿਚਕਾਰ ਰਿਹਾ। ਜੋ ‘ਬੁਰੇ’ ਤੋਂ ‘ਬਹੁਤ ਮਾੜੇ’ ਤੱਕ ਹੈ।
ਦਿੱਲੀ ਵਿੱਚ ਹਵਾ ਪ੍ਰਦੂਸ਼ਣ ਕਾਰਨ ਸਵੇਰ ਵੇਲੇ ਧੂੰਏਂ ਦੀ ਸਮੱਸਿਆ ਵੀ ਦੇਖਣ ਨੂੰ ਮਿਲਦੀ ਹੈ। ਇਸ ਤੋਂ ਇਲਾਵਾ ਹਵਾ ਵਿੱਚ ਮੌਜੂਦ ਧੂੜ ਦੇ ਕਣਾਂ ਨੂੰ ਕੰਟਰੋਲ ਕਰਨ ਲਈ ਐਂਟੀ ਸਮੋਗ ਵਾਹਨਾਂ ਦੀ ਮਦਦ ਨਾਲ ਸੜਕਾਂ ‘ਤੇ ਪਾਣੀ ਦਾ ਛਿੜਕਾਅ ਵੀ ਲਗਾਤਾਰ ਕੀਤਾ ਜਾ ਰਿਹਾ ਹੈ।
ਨਾਲ ਹੀ ਪ੍ਰਦੂਸ਼ਣ ਦੀ ਸਥਿਤੀ ਨੂੰ ਦੇਖਦੇ ਹੋਏ ਦੀਵਾਲੀ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਪੀਟੀਆਈ ਮੁਤਾਬਕ ਦਿੱਲੀ ਵਿੱਚ ਪਟਾਕਿਆਂ ’ਤੇ ਪਾਬੰਦੀ ਨੂੰ ਲਾਗੂ ਕਰਨ ਲਈ 377 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।