Punjab Religion

ਅਯੁੱਧਿਆ ਸਮਾਗਮ ‘ਚ ਸ਼ਾਮਲ ਹੋਣ ‘ਤੇ ਜਥੇਦਾਰ ਸਾਹਿਬ ਨੇ ਖਤਮ ਕੀਤਾ ਸਸਪੈਂਸ !

 

ਬਿਉਰੋ ਰਿਪੋਰਟ : ਹੁਣ ਤਕਰੀਬਨ ਸਾਫ ਹੋ ਗਿਆ ਹੈ ਕਿ ਜਥੇਦਾਰ ਸ੍ਰੀ ਅਕਾਲ ਤਖਤ (Sri Akal takhat) ਅਤੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder singh dhami) ਰਾਮ ਜਨਮ ਭੂਮੀ (Ram Janam Bhumi) ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਅਯੁੱਧਿਆ ਸ਼ਾਇਦ ਨਹੀਂ ਜਾਣਗੇ । ਇਸ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖਤ ਅਤੇ SGPC ਦੇ ਪ੍ਰਧਾਨ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ 22 ਜਨਵਰੀ 2024 ਨੂੰ ਅਯੁੱਧਿਆ ਵਿਚ ਹੋ ਰਹੇ ਸ੍ਰੀ ਰਾਮ ਜਨਮ ਭੂਮੀ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਮਿਲੇ ਸੱਦਾ ਪੱਤਰ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਦਾ ਧੰਨਵਾਦ ਕਰਦੇ ਹਨ । ਉਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਯੁੱਧਿਆ ਵਿੱਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਦਾ ਸੱਦਾ ਪੱਤਰ ਮਿਲਿਆ ਹੈ ਜਿਸ ਦੇ ਉਨ੍ਹਾਂ ਨੇ ਵੀ ਟਰਸਟ ਦਾ ਧੰਨਵਾਦ ਕੀਤਾ ਹੈ । ਉਹ ਇਸ ਵਿੱ ਸ਼ਾਮਲ ਹੋਣਗੇ ਜਾਂ ਨਹੀਂ ਇਸ ਬਾਰੇ ਹੁਣ ਤੱਕ ਉਨ੍ਹਾਂ ਨੇ ਕੋਈ ਖੁਲਾਸਾ ਨਹੀਂ ਕੀਤਾ ਹੈ ।

ਜਥੇਦਾਰ ਸ੍ਰੀ ਅਕਾਲ ਤਖਤ ਨੇ ਕਿਹਾ ਅਸੀਂ 10 ਗੁਰੂ ਸਾਹਿਬਾਨ ਦੁਆਰਾ ਬਖਸ਼ਿਸ਼ ਕੀਤੀ ਇਲਾਹੀ ਗੁਰਬਾਣੀ ਦੇ ਨਿਆਰੇ ਅਤੇ ਨਿਰਾਲੇ ਗੁਰਮਤਿ ਫਲਸਫੇ ਦੇ ਪੈਰੋਕਾਰ ਹੋਣ ਦੇ ਨਾਤੇ, ਸਰਬ-ਸਾਂਝੀਵਾਲਤਾ ਅਤੇ ਅੰਤਰ-ਧਰਮ ਸਦਭਾਵਨਾ ਦੇ ਮੁੱਦਈ ਬਣਦਿਆਂ, ਹਰੇਕ ਧਰਮ ਦੀਆਂ ਮਾਨਤਾਵਾਂ ਦਾ ਸਤਿਕਾਰ ਕਰਦੇ ਹਾਂ। ਉਨ੍ਹਾਂ ਆਖਿਆ ਹੈ ਕਿ ਹਰੇਕ ਧਰਮ ਦੇ ਲੋਕਾਂ ਦੇ ਹਿਰਦਿਆਂ ਵਿਚ ਆਪਣੇ ਪੈਗੰਬਰ,ਅਵਤਾਰਾਂ ਦੇ ਪਾਵਨ ਚਰਨਛੋਹ ਪ੍ਰਾਪਤ ਅਸਥਾਨਾਂ ਦੀ ਵਿਸ਼ੇਸ਼ ਮਹਾਨਤਾ,ਅਜ਼ਮਤ ਅਤੇ ਆਸਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਆਸਥਾ ਅਤੇ ਪਵਿੱਤਰ ਵਿਸ਼ਵਾਸ ਮੁਬਾਰਕ ਹਨ ਅਤੇ ਅਸੀਂ ਕਾਮਨਾ ਕਰਦੇ ਹਾਂ ਕਿ ਵਿਸ਼ਵ ਵਿਚ ਧਾਰਮਿਕ ਸੁਤੰਤਰਤਾ, ਭਾਈਚਾਰਕ ਸਦਭਾਵਨਾ, ਅਮਨ-ਸ਼ਾਂਤੀ ਅਤੇ ਸਰਬ-ਸਾਂਝੀਵਾਲਤਾ ਕਾਇਮ ਹੋਵੇ, ਜਿਸ ਦੇ ਨਾਲ ਹਰੇਕ ਮਨੁੱਖ ਸੁਤੰਤਰ, ਸੁਰੱਖਿਅਤ ਅਤੇ ਨਿਰਭੈਅ ਹੋ ਕੇ ਆਪਣੇ ਧਾਰਮਿਕ ਰਹਿਬਰਾਂ ਦੀ ਸਿਮਰਤੀ ਵਿਚ ਇਕ-ਮਿਕ ਹੁੰਦਿਆਂ ਪਵਿੱਤਰ ਵਿਸ਼ਵਾਸਾਂ ਦੀ ਪਾਲਣਾ ਕਰ ਸਕੇ।

ਦਲ ਖਾਲਸਾ,ਕੌਮੀ ਇਨਸਾਫ ਮੋਰਚੇ ਅਤੇ ਕੇਂਦਰੀ ਸਿੱਖ ਸੰਗਤ ਦੇ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਸੀ ਕਿ ਅਯੁੱਧਿਆ ਵਿੱਚ ਹੋ ਰਹੇ ਸਮਾਗਮ ਵਿੱਚ ਸ਼ਾਮਲ ਨਾ ਹੋਣ। ਉਨ੍ਹਾਂ ਵੱਲੋਂ ਸਿੱਖ ਮਰਿਆਦਾ ਦਾ ਹਵਾਲਾ ਦਿੱਤਾ ਗਿਆ ਸੀ। ਸਿਰਫ਼ ਇੰਨਾ ਹੀ ਨਹੀਂ ਇਹ ਵੀ ਕਿਹਾ ਗਿਆ ਸੀ ਕਿ RSS ਦਾ ਸਮਾਗਮ ਹੈ। ਲੋਕਸਭਾ ਚੋਣਾਂ ਨੂੰ ਵੇਖ ਦੇ ਹੋਏ ਇਸ ਨੂੰ ਕੀਤਾ ਜਾ ਰਿਹਾ ਹੈ।